ਪੰਜਾਬ ’ਚ ਮੀਂਹ ਨੇ ਦਰਿਆ ਕੰਢੇ ਵਸੇ ਲੋਕਾਂ ਦੀ ਚਿੰਤਾ ਵਧਾਈ
ਆਤਿਸ਼ ਗੁਪਤਾ
ਪੰਜਾਬ ਦੇ ਨਾਲ ਲਗਦੇ ਪਹਾੜੀ ਇਲਾਕੇ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਤੋਂ ਬਾਅਦ ਅੱਜ ਪੰਜਾਬ ਦੇ ਮੈਦਾਨੀ ਇਲਾਕੇ ਵਿੱਚ ਪਏ ਮੀਂਹ ਨੇ ਪੰਜਾਬ ਵਿੱਚ ਦਰਿਆਵਾਂ ਦੇ ਆਲੇ-ਦੁਆਲੇ ਦੇ ਖੇਤਰ ਵਿੱਚ ਰਹਿਣ ਵਾਲੇ ਲੋਕਾਂ ਦੀਆਂ ਚਿੰਤਾਵਾਂ ਹੋਰ ਵਧਾ ਦਿੱਤੀਆਂ ਹਨ। ਪੰਜਾਬ ਦੇ ਅੱਧਾ ਦਰਜਨ ਜ਼ਿਲ੍ਹਿਆਂ ਦੇ ਸੈਂਕੜੇ ਪਿੰਡ ਪਹਿਲਾਂ ਹੀ ਹੜ੍ਹਾਂ ਦੀ ਮਾਰ ਹੇਠ ਆ ਚੁੱਕੇ ਹਨ। ਅੱਜ ਪਿਆ ਮੀਂਹ ਇਨ੍ਹਾਂ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਹੋਰ ਘਾਤਕ ਦੱਸਿਆ ਜਾ ਰਿਹਾ ਹੈ। ਅੱਜ ਪੰਜਾਬ ਦੇ ਦਰਜਨਾਂ ਸ਼ਹਿਰਾਂ ਵਿੱਚ ਤੜਕੇ ਤੋਂ ਰੁੱਕ-ਰੁੱਕ ਕੇ ਮੀਂਹ ਪੈ ਰਿਹਾ ਹੈ। ਇਸ ਦੌਰਾਨ ਪਏ ਭਾਰੀ ਮੀਂਹ ਨੇ ਦਰਜਨਾਂ ਸ਼ਹਿਰਾਂ ਨੂੰ ਜਲ-ਥਲ ਕਰ ਕੇ ਰੱਖ ਦਿੱਤਾ ਹੈ। ਮੀਂਹ ਕਾਰਨ ਲੋਕਾਂ ਨੇ ਹੁੰਮਸ ਭਰੀ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਹੈ, ਪਰ ਮੀਂਹ ਨੇ ਆਮ ਜਨ-ਜੀਵਨ ਵੀ ਪ੍ਰਭਾਵਿਤ ਕੀਤਾ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਰਾਜਧਾਨੀ ਚੰਡੀਗੜ੍ਹ ਵਿੱਚ 24 ਘੰਟਿਆਂ ਦੌਰਾਨ 24.8 ਐੱਮਐੱਮ, ਅੰਮ੍ਰਿਤਸਰ ਵਿੱਚ 7.6 ਐੱਮਐੱਮ, ਲੁਧਿਆਣਾ ਵਿੱਚ 63.8, ਪਟਿਆਲਾ ਵਿੱਚ 4.4, ਪਠਾਨਕੋਟ ਵਿੱਚ 115, ਨਵਾਂਸ਼ਹਿਰ ਵਿੱਚ 1.1, ਬਠਿੰਡਾ ਵਿੱਚ 19, ਫਰੀਦਕੋਟ ਵਿੱਚ 2.5, ਫਾਜ਼ਿਲਕਾ ਵਿੱਚ 14.5, ਫਿਰੋਜ਼ਪੁਰ ਵਿੱਚ 67 , ਹੁਸ਼ਿਆਰਪੁਰ ਵਿੱਚ 3, ਮੁਹਾਲੀ ਵਿੱਚ 23.5, ਰੋਪੜ ਵਿੱਚ 2 ਐੱਮਐੱਮ ਮੀਂਹ ਪਿਆ ਹੈ। ਮੌਸਮ ਵਿਗਿਆਨੀਆਂ ਨੇ ਪੰਜਾਬ ਵਿੱਚ ਅਗਲੇ ਦੋ ਦਿਨ ਰੁੱਕ-ਰੁੱਕ ਕੇ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੌਰਾਨ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪਵੇਗਾ। ਮੌਸਮ ਵਿਭਾਗ ਨੇ ਮੀਂਹ ਨੂੰ ਵੇਖਦਿਆਂ 25 ਤੇ 26 ਅਗਸਤ ਲਈ ਸੂਬੇ ਵਿੱਚ ਯੈਲੋ ਅਲਰਟ ਵੀ ਜਾਰੀ ਕਰ ਦਿੱਤਾ ਹੈ।
ਪੰਜਾਬ ਵਿੱਚ ਬਿਜਲੀ ਦੀ ਮੰਗ ਡਿੱਗੀ
ਪੰਜਾਬ ਵਿੱਚ ਅੱਜ ਤੜਕੇ ਤੋਂ ਪੈ ਰਹੇ ਮੀਂਹ ਕਰ ਕੇ ਦਿਨ ਵਿੱਚ ਮੌਸਮ ਖੁਸ਼ਗਵਾਰ ਰਿਹਾ ਹੈ। ਮੌਸਮ ਦੇ ਖੁਸ਼ਗਵਾਰ ਹੋਣ ਕਰਕੇ ਅੱਜ ਪੰਜਾਬ ਵਿੱਚ ਬਿਜਲੀ ਦੀ ਮੰਗ ਵੀ ਡਿੱਗ ਕੇ 12,500 ਮੈਗਾਵਾਟ ਦੇ ਕਰੀਬ ਪਹੁੰਚ ਗਈ ਹੈ, ਜੋ ਕਿ ਪਿਛਲੇ ਕਈ ਦਿਨਾਂ ਤੋਂ 14 ਹਜ਼ਾਰ ਮੈਗਾਵਾਟ ਤੋਂ ਵੱਧ ਚੱਲ ਰਹੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਾਮ ਸਮੇਂ ਸੂਬੇ ਵਿੱਚ ਬਿਜਲੀ ਦੀ ਮੰਗ ਹੋਰ ਘਟ ਕੇ 7500 ਮੈਗਾਵਾਟ ਦੇ ਕਰੀਬ ਹੀ ਰਹਿ ਗਈ ਸੀ। ਬਿਜਲੀ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪਿਛਲੇ ਸਾਲ ਅੱਜ ਦੇ ਦਿਨ ਸੂਬੇ ਵਿੱਚ ਬਿਜਲੀ ਦੀ ਵੱਧ ਤੋਂ ਵੱਧ ਮੰਗ 15 ਹਜ਼ਾਰ ਮੈਗਾਵਾਟ ਦੇ ਕਰੀਬ ਦਰਜ ਕੀਤੀ ਗਈ ਹੈ।