ਪੰਜਾਬ ਲਈ ਆਫ਼ਤ ਬਣਿਆ ਪਹਾੜਾਂ ’ਚ ਮੀਂਹ
ਪ੍ਰਾਪਤ ਵੇਰਵਿਆਂ ਅਨੁਸਾਰ ਪੌਂਗ ਡੈਮ ’ਚ ਅੱਜ ਸ਼ਾਮ ਸਮੇਂ ਪਾਣੀ ਦਾ ਪੱਧਰ 1380.83 ਫੁੱਟ ’ਤੇ ਪੁੱਜ ਗਿਆ ਹੈ ਜਦਕਿ 1380 ਫੁੱਟ ’ਤੇ ਪਾਣੀ ਦੇ ਪੱਧਰ ਨੂੰ ਖ਼ਤਰੇ ਦੇ ਨਿਸ਼ਾਨ ’ਤੇ ਮੰਨਿਆ ਜਾਂਦਾ ਹੈ। ਪਿਛਲੇ ਸਾਲ ਇਸ ਦਿਨ ਪੌਂਗ ਡੈਮ ਦੇ ਪਾਣੀ ਦਾ ਪੱਧਰ 1353.22 ਫੁੱਟ ਸੀ। ਪੌਂਗ ਡੈਮ ਵਿਚ ਪਹਾੜਾਂ ਤੋਂ ਪਾਣੀ ਦੀ ਆਮਦ 1.37 ਲੱਖ ਕਿਊਸਿਕ ਹੋ ਗਈ ਹੈ ਜਿਸ ਨਾਲ ਡੈਮ ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਣ ਲੱਗਿਆ ਹੈ। ਪੌਂਗ ਡੈਮ ਤੋਂ ਬਿਆਸ ਦਰਿਆ ਵਿੱਚ 59,885 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ ਜੋ ਹੋਰ ਵਧਣ ਦਾ ਖਦਸ਼ਾ ਹੈ। ਤਰਨ ਤਾਰਨ, ਹੁਸ਼ਿਆਰਪੁਰ, ਕਪੂਰਥਲਾ, ਫ਼ਾਜ਼ਿਲਕਾ, ਪਠਾਨਕੋਟ ਅਤੇ ਫ਼ਿਰੋਜ਼ਪੁਰ ਵਿਚ ਸਥਿਤੀ ਗੰਭੀਰ ਬਣ ਗਈ ਹੈ। ਜ਼ਿਲ੍ਹਾ ਕਪੂਰਥਲਾ ਦਾ ਢਿੱਲਵਾਂ ਖੇਤਰ ਜ਼ਿਆਦਾ ਪ੍ਰਭਾਵਿਤ ਹੋ ਰਿਹਾ ਹੈ। ਸੁਲਤਾਨਪੁਰ ਲੋਧੀ ਦੇ ਕਰੀਬ 20 ਪਿੰਡ ਪ੍ਰਭਾਵਿਤ ਹੋ ਗਏ ਹਨ। ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਸਭਰਾਂ ਨੇੜਲਾ ਇੱਕ ਬੰਨ੍ਹ ਕਮਜ਼ੋਰ ਪੈ ਗਿਆ ਹੈ ਜਿੱਥੇ ਲੋਕਾਂ ਨੇ ਮੌਕੇ ’ਤੇ ਪੁੱਜ ਕੇ ਬੰਨ੍ਹ ਨੂੰ ਮਜ਼ਬੂਤ ਕਰਨਾ ਸ਼ੁਰੂ ਕਰ ਦਿੱਤਾ ਹੈ। ਸਤਲੁਜ ਅਤੇ ਬਿਆਸ ਦਰਿਆ ਲਾਗਲੇ ਪਿੰਡਾਂ ਦੇ ਸਿਰ ਨਵੀਂ ਮੁਸੀਬਤ ਆ ਪਈ ਹੈ।
ਕਠੂਆ ਵਿਚ ਬੱਦਲ ਫਟਣ ਕਰਕੇ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧ ਗਿਆ ਹੈ ਅਤੇ ਬਮਿਆਲ ਸੈਕਟਰ ’ਚ ਜਲਾਲੀਆ ਦਰਿਆ ਵਿੱਚ 53 ਹਜ਼ਾਰ ਕਿਊਸਿਕ ਤੋਂ ਉਪਰ ਪਾਣੀ ਚੱਲਣ ਲੱਗਿਆ ਹੈ, ਜਿਸ ਨਾਲ ਨੇੜਲੇ ਅੱਧੀ ਦਰਜਨ ਪਿੰਡ ਪਾਣੀ ਦੀ ਮਾਰ ਹੇਠ ਆ ਗਏ ਹਨ। ਗੁਰਦਾਸਪੁਰ ਪ੍ਰਸ਼ਾਸਨ ਨੇ ਰਾਵੀ ਦਰਿਆ ਵਿੱਚ ਅੱਜ ਡੇਢ ਲੱਖ ਕਿਊਸਿਕ ਤੋਂ ਵੱਧ ਪਾਣੀ ਆਉਣ ਦੀ ਚਿਤਾਵਨੀ ਦਿੱਤੀ ਹੈ ਅਤੇ ਉਨ੍ਹਾਂ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ। ਇਸੇ ਤਰ੍ਹਾਂ ਫ਼ਿਰੋਜ਼ਪੁਰ ਪ੍ਰਸ਼ਾਸਨ ਨੇ ਕਿਹਾ ਹੈ ਕਿ ਹਾਲੇ ਸਥਿਤੀ ਖ਼ਤਰੇ ਤੋਂ ਬਾਹਰ ਹੈ। ਉੱਧਰ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1662.20 ਫੁੱਟ ’ਤੇ ਪੁੱਜ ਗਿਆ ਹੈ ਜਦਕਿ ਪਿਛਲੇ ਸਾਲ ਇਸ ਸਮੇਂ ਤੱਕ ਪਾਣੀ ਦਾ ਪੱਧਰ 1628.66 ਫੁੱਟ ਤੱਕ ਸੀ। ਪਹਾੜਾਂ ’ਚੋਂ ਭਾਖੜਾ ਡੈਮ ਵਿੱਚ 42,968 ਕਿਊਸਿਕ ਪਾਣੀ ਆ ਰਿਹਾ ਹੈ ਜਦਕਿ ਭਾਖੜਾ ਡੈਮ ’ਚੋਂ 24,300 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਕੌਮਾਂਤਰੀ ਸਰਹੱਦ ’ਤੇ ਬਮਿਆਲ ਸੈਕਟਰ ’ਚ ਛੇ-ਸੱਤ ਪਿੰਡ ਪ੍ਰਭਾਵਿਤ ਹੋਏ ਹਨ ਜਿਨ੍ਹਾਂ ’ਚ ਅੱਜ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਵੀ ਲਿਆ ਹੈ। ਕਪੂਰਥਲਾ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ’ਚ 14,200 ਏਕੜ ਫ਼ਸਲ ਪ੍ਰਭਾਵਿਤ ਹੋਈ ਹੈ। ਕਪੂਰਥਲਾ ਜ਼ਿਲ੍ਹੇ ’ਚੋਂ 600 ਲੋਕਾਂ ਨੂੰ ਸੁਰੱਖਿਅਤ ਕੱਢਿਆ ਹੈ। ਫ਼ਿਰੋਜ਼ਪੁਰ ’ਚ ਪੰਜ-ਛੇ ਪਿੰਡ ਪਾਣੀ ’ਚ ਘਿਰੇ ਹਨ। ਕੌਮਾਂਤਰੀ ਸਰਹੱਦ ਨੇੜੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੀ ਅੱਧੀ ਦਰਜਨ ਪਿੰਡ ਪ੍ਰਭਾਵਿਤ ਹੋਏ ਹਨ। ਖੇਤੀ ਮਹਿਕਮੇ ਅਨੁਸਾਰ ਹੜ੍ਹਾਂ ਕਾਰਨ 45,897 ਏਕੜ ਫ਼ਸਲ ਪ੍ਰਭਾਵਿਤ ਹੋਈ ਹੈ।
ਪੰਜਾਬ ਦੇ ਖੇਤੀ ਸੈਕਟਰ ਵਿੱਚ ਪਾਣੀ ਦੀ ਮੰਗ ਘਟ ਗਈ ਹੈ। ਰਾਜਸਥਾਨ ਫੀਡਰ ’ਚ ਇਸ ਵੇਲੇ 11,700 ਕਿਊਸਿਕ, ਫ਼ਿਰੋਜ਼ਪੁਰ ਫੀਡਰ ’ਚ 8000 ਕਿਊਸਿਕ ਅਤੇ ਭਾਖੜਾ ਮੇਨ ਲਾਈਨ ’ਚ ਵੀ ਅੱਠ ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਸਤਲੁਜ ਦਰਿਆ ’ਚ ਵੀ 1.10 ਲੱਖ ਕਿਊਸਿਕ ਪਾਣੀ ਦਾ ਵਹਾਅ ਹੈ ਅਤੇ ਹਰੀਕੇ ਹੈੱਡ ਵਰਕਸ ’ਤੇ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ।
ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੇ ਲੰਘੇ ਕੱਲ੍ਹ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਦੌਰਾ ਕਰਕੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਸੀ। ‘ਆਪ’ ਕਨਵੀਨਰ ਅਮਨ ਅਰੋੜਾ ਨੇ ਅੱਜ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹੜ੍ਹਾਂ ਦੀ ਸਥਿਤੀ ’ਤੇ ਨਜ਼ਰ ਰੱਖਣ ਅਤੇ ਲੋਕਾਂ ਦੀ ਮਦਦ ਕਰਨ।
ਬੰਨ੍ਹ ਪੂਰੀ ਤਰ੍ਹਾਂ ਸੁਰੱਖਿਅਤ: ਜਲ ਸਰੋਤ ਮੰਤਰੀ
ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਸਥਿਤੀ ਦਾ ਜਾਇਜ਼ਾ ਲੈਂਦਿਆਂ ਫ਼ੋਨ ’ਤੇ ਡਿਪਟੀ ਕਮਿਸ਼ਨਰਾਂ ਨੂੰ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਤੁਰੰਤ ਰਾਹਤ ਪ੍ਰਬੰਧ ਕਰਨ ਦੇ ਸਖ਼ਤ ਹੁਕਮ ਦਿੱਤੇ। ਗੋਇਲ ਨੇ ਅੱਜ ਇੱਥੇ ਦੱਸਿਆ ਕਿ ਕਪੂਰਥਲਾ, ਹੁਸ਼ਿਆਰਪੁਰ, ਗੁਰਦਾਸਪੁਰ, ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਆਦਿ ਜ਼ਿਲ੍ਹਿਆਂ ਵਿੱਚੋਂ ਲੰਘਦੇ ਦਰਿਆਵਾਂ ਦੇ ਬੰਨ੍ਹਾਂ ਦੇ ਅੰਦਰਲੇ ਪਾਸੇ ਵਾਲੇ ਇਲਾਕਿਆਂ ਵਿੱਚ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ। ਉਨ੍ਹਾਂ ਕਿਹਾ ਕਿ ਬੰਨ੍ਹ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਲੋਕਾਂ ਵੱਲੋਂ ਬਣਾਏ ਆਰਜ਼ੀ ਬੰਨ੍ਹ ਪ੍ਰਭਾਵਿਤ ਹੋਏ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਫ਼ੀਲਡ ਵਿੱਚ 4 ਸੁਪਰਡੈਂਟਿੰਗ ਇੰਜਨੀਅਰ (ਐੱਸਈਜ਼), 10 ਐਕਸੀਅਨ, 20 ਐੱਸਡੀਓਜ਼ ਅਤੇ 200 ਫੀਲਡ ਸਟਾਫ (ਸਮੇਤ ਜੇਈਜ਼) 24 ਘੰਟੇ ਨਿਗਰਾਨੀ ਕਰ ਰਹੇ ਹਨ। ਸਮੁੱਚੇ ਸੰਵੇਦਨਸ਼ੀਲ ਖੇਤਰ ਨੂੰ ਸੈਕਟਰਾਂ ਵਿੱਚ ਵੰਡਿਆ ਗਿਆ ਹੈ।
ਹੜ੍ਹਾਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਤਿਆਰ
ੰਡੀਗੜ੍ਹ (ਆਤਿਸ਼ ਗੁਪਤਾ): ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਸੂਬੇ ਵਿੱਚ ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ ਹੈ। ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ, ਫਾਜ਼ਿਲਕਾ, ਤਰਨ ਤਾਰਨ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਦਰਜਨਾਂ ਪਿੰਡਾਂ ਦੇ ਹੜ੍ਹ ਦੀ ਲਪੇਟ ਵਿੱਚ ਆਉਣ ’ਤੇ ਪੰਜਾਬ ਸਰਕਾਰ ਨੇ ਸਿਹਤ ਵਿਭਾਗ ਨੂੰ ਹਾਈ ਅਲਰਟ ’ਤੇ ਰੱਖਿਆ ਹੈ, ਜਿਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਲੋੜੀਂਦੀ ਮਦਦ ਦੇਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਸੂਬਾ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਸਮੇਂ ਸਿਰ ਡਾਕਟਰੀ ਮਦਦ ਯਕੀਨੀ ਬਣਾਉਣ ਲਈ 172 ਐਂਬੂਲੈਂਸਾਂ, 438 ਰੈਪਿਡ ਰਿਸਪਾਂਸ ਟੀਮਾਂ ਤੇ 323 ਮੋਬਾਈਲ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਗੁਰਦਾਸਪੁਰ ਵਿੱਚ ਪਾਣੀ ਦੇ ਵਧਦੇ ਪੱਧਰ ਕਾਰਨ ਸੱਤ ਪਿੰਡਾਂ ਦਾ ਸੰਪਰਕ ਟੁੱਟ ਗਿਆ ਸੀ ਜਿਸ ਮਗਰੋਂ ਸਿਹਤ ਵਿਭਾਗ ਵੱਲੋਂ ਕਿਸ਼ਤੀ ਐਂਬੂਲੈਂਸਾਂ ਦੀ ਵਰਤੋਂ ਕਰਦਿਆਂ ਅੱਠ ਗਰਭਵਤੀ ਔਰਤਾਂ ਨੂੰ ਉਥੋਂ ਸੁਰੱਖਿਅਤ ਕੱਢਿਆ ਗਿਆ, ਜਿਨ੍ਹਾਂ ਵਿੱਚ ਇਕ ਨੇ ਡਾਕਟਰੀ ਨਿਗਰਾਨੀ ਹੇਠ ਬੱਚੇ ਨੂੰ ਜਨਮ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਟਾਪੂ ਕਾਲੂ ’ਚ ਵੀ ਅਜਿਹੇ ਪ੍ਰਬੰਧ ਕੀਤੇ ਗਏ ਹਨ। ਕਪੂਰਥਲਾ ਤੇ ਹੁਸ਼ਿਆਰਪੁਰ ਵਿੱਚ ਸਿਹਤ ਕੈਂਪ ਲਾਏ ਗਏ ਹਨ, ਜਿੱਥੇ 241 ਮਰੀਜ਼ ਇਲਾਜ ਕਰਵਾ ਚੁੱਕੇ ਹਨ। ਸਿਹਤ ਵਿਭਾਗ ਵੱਲੋਂ ਜ਼ਿਲ੍ਹਿਆਂ ਦੇ ਹਸਪਤਾਲਾਂ ਵਿੱਚ 2,000 ਤੋਂ ਵੱਧ ਬੈੱਡ ਲਾਏ ਗਏ ਹਨ ਅਤੇ ਸੂੁਬੇ ਵੱਲੋਂ ਕਿਸੇ ਵੀ ਸੰਭਾਵੀ ਮਹਾਂਮਾਰੀ ਨਾਲ ਨਜਿੱਠਣ ਲਈ ਆਗਾਮੀ ਪ੍ਰਬੰਧ ਕੀਤੇ ਗਏ ਹਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਬਰਸਾਤੀ ਮੌਸਮ ਦੌਰਾਨ ਹਰ ਵਿਅਕਤੀ ਨੂੰ ਸਿਰਫ਼ ਉਬਲੇ ਹੋਏ ਜਾਂ ਕਲੋਰੀਨੇਟਿਡ ਪਾਣੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕ ਸਿਹਤ ਸਮੱਸਿਆਵਾਂ ਸਬੰਧੀ ਸਹਾਇਤਾ ਲੈਣ ਲਈ ਸਰਕਾਰ ਦੇ ਟੌਲ ਫਰੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕਰਕੇ ਡਾਕਟਰੀ ਸਹਾਇਤਾ ਲੈ ਸਕਦੇ ਹਨ।