ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਸਾਲ 2020 ਦੀ ਬਕਾਇਆ ਰਹਿੰਦੀ 32 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਹ ਫੈਸਲਾ ਮੁੱਖ ਮੰਤਰੀ ਨੇ ਅੱਜ ਇੱਥੇ ਆਪਣੇ ਦਫਤਰ ਵਿਚ ਫਾਜ਼ਿਲਕਾ ਜ਼ਿਲ੍ਹੇ ਦੇ ਵਿਧਾਇਕਾਂ ਨਾਲ ਮੀਟਿੰਗ ਦੌਰਾਨ ਕੀਤਾ।
ਉਨ੍ਹਾਂ ਦੱਸਿਆ ਕਿ ਸਾਲ 2020 ਵਿੱਚ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ੍ਹਾਂ ਨਾਲ ਭਾਰੀ ਨੁਕਸਾਨ ਹੋਇਆ ਸੀ ਪਰ ਉਸ ਵੇਲੇ ਦੀ ਸਰਕਾਰ ਨੇ ਸਿਵਾਏ ਲਾਰਿਆਂ ਤੋਂ ਕੁਝ ਨਹੀਂ ਕੀਤਾ ਤੇ ਨਾ ਹੀ ਲੋਕਾਂ ਨੂੰ ਰਾਹਤ ਦਿੱਤੀ। ਉਨ੍ਹਾਂ ਕਿਹਾ ਕਿ ਅਬੋਹਰ, ਅਰਨੀਵਾਲਾ ਅਤੇ ਜਲਾਲਾਬਾਦ ਬਲਾਕਾਂ ਵਿੱਚ ਹੜ੍ਹ ਨੇ ਵੱਡਾ ਨੁਕਸਾਨ ਕੀਤਾ ਸੀ। ਸਰਕਾਰ ਨੇ 28 ਕਰੋੜ ਰੁਪਏ ਦੇ ਫਸਲਾਂ ਦੇ ਨੁਕਸਾਨ ਲਈ ਤੇ ਚਾਰ ਕਰੋੜ ਰੁਪਏ ਘਰੇਲੂ ਨੁਕਸਾਨ ਲਈ ਜਾਰੀ ਕਰਨ ਦੇ ਹੁਕਮ ਦਿੱਤੇ। ਮੁੱਖ ਮੰਤਰੀ ਨੇ ਮਾਲ ਵਿਭਾਗ ਨੂੰ ਹੁਕਮ ਦਿੱਤੇ ਕਿ ਮੁਆਵਜ਼ਾ ਬਿਨਾਂ ਕਿਸੇ ਦੇਰੀ ਦੇ ਵੰਡਿਆ ਜਾਵੇ।
ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਸਥਿਤ ਮਿਉਂਸਿਪਲ ਭਵਨ ਵਿਚ ਜਲ ਸਪਲਾਈ ਤੇ ਸੈਨੀਟੇਸ਼ਨ, ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗਾਂ ਵਿਚ ਨਵੇਂ ਭਰਤੀ ਹੋਏ 164 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਮੁੱਖ ਮੰਤਰੀ ਨੇ ਕਿਹਾ ਕਿ ਸਿਆਸੀ ਪਰਿਵਾਰਾਂ ਨੇ ਨਿੱਜੀ ਹਿੱਤਾਂ ਲਈ ਸਾਡੇ ਨੌਜਵਾਨਾਂ ਦਾ ਭਵਿੱਖ ਤਬਾਹ ਕਰ ਦਿੱਤਾ ਹੈ। ਇਨ੍ਹਾਂ ਪਰਿਵਾਰਾਂ ਨੇ ਆਪਣੇ ਨਿੱਜੀ ਫਾਇਦਿਆਂ ਲਈ ਸੂਬੇ ਦੇ ਹਿੱਤ ਦਾਅ ’ਤੇ ਲਾਉਣ ਤੋਂ ਵੀ ਗੁਰੇਜ਼ ਨਹੀਂ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਟਾਟਾ ਗਰੁੱਪ ਲੁਧਿਆਣਾ ਨੇੜੇ 2600 ਕਰੋੜ ਰੁਪਏ ਦੇ ਨਿਵੇਸ਼ ਨਾਲ ਵੱਡਾ ਪ੍ਰਾਜੈਕਟ ਸਥਾਪਤ ਕਰ ਰਿਹਾ ਹੈ। ਟਾਟਾ ਸਟੀਲ ਵੱਲੋਂ ਜਮਸ਼ੇਦਪੁਰ ਤੋਂ ਬਾਅਦ ਵੱਡਾ ਨਿਵੇਸ਼ ਕੀਤਾ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ਵਿਚ ਸੂਬੇ ’ਚ ਹੋਰ ਉਦਯੋਗਿਕ ਪ੍ਰਾਜੈਕਟ ਵੀ ਸਥਾਪਤ ਕੀਤੇ ਜਾ ਰਹੇ ਹਨ ਜਿਸ ਨਾਲ ਲੋਕਾਂ ਨੂੰ ਰੁਜ਼ਗਾਰ ਮਿਲੇਗਾ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜੇਮਾਜਰਾ, ਵਿਧਾਇਕ ਜਗਦੀਪ ਗੋਲਡੀ ਤੇ ਅਜੀਤਪਾਲ ਸਿੰਘ ਕੋਹਲੀ ਮੌਜੂਦ ਸਨ।
ਮਾਰਕਫੈੱਡ ਨੂੰ ਕਿਫ਼ਾਇਤੀ ਦਰਾਂ ’ਤੇ ਉਤਪਾਦ ਮੁਹੱਈਆ ਕਰਵਾਉਣ ਦੀ ਹਦਾਇਤ
ਮੁੱਖ ਮੰਤਰੀ ਭਗਵੰਤ ਮਾਨ ਨੇ ਮਾਰਕਫੈੱਡ ਨੂੰ ਲੋਕਾਂ ਦੀ ਰਸੋਈ ਦਾ ਬਜਟ ਘਟਾਉਣ ਅਤੇ ਕਿਫ਼ਾਇਤੀ ਦਰਾਂ ’ਤੇ ਵਿਸ਼ਵ ਪੱਧਰੀ ਉਤਪਾਦ ਮੁਹੱਈਆ ਕਰਵਾਉਣ ਦੀ ਹਦਾਇਤ ਦਿੱਤੀ ਹੈ। ਇਸ ਦੇ ਨਾਲ ਹੀ ਅੱਜ ਮੁੱਖ ਮੰਤਰੀ ਨੇ ਚੰਡੀਗੜ੍ਹ ਵਿੱਚ ਮਾਰਕਫੈੱਡ ਵੱਲੋਂ ਬਣਾਏ ਲੀਚੀ ਸ਼ਹਿਦ, ਲੀਚੀ ਜੈਮ ਅਤੇ ਹੋਰ ਉਤਪਾਦ ਜਾਰੀ ਕੀਤੇ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਬਾਗ਼ਬਾਨੀ, ਮਧੂ ਮੱਖੀ ਪਾਲਣ ਤੇ ਹੋਰ ਖੇਤੀਬਾੜੀ ਸਹਾਇਕ ਧੰਦਿਆਂ ਨੂੰ ਅਪਨਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾ ਕੇ ਆਪਣੀ ਅਮਿੱਟ ਛਾਪ ਛੱਡੀ ਹੈ। ਇਸ ਕਰ ਕੇ ਕਿਸਾਨ ਆਮਦਨ ਵਧਾਉਣ ਲਈ ਫਲਾਂ ਅਤੇ ਸਬਜ਼ੀਆਂ ਦਾ ਵੱਧ ਤੋਂ ਵੱਧ ਉਤਪਾਦਨ ਕਰਨ।