ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ’ਚ ਅੱਜ ਮੀਂਹ ਕਾਰਨ ਫਸਲਾਂ ਨੂੰ ਨੁਕਸਾਨ ਪੁੱਜਾ ਹੈ। ਮੀਂਹ ਕਾਰਨ ਜਿੱਥੇ ਵਾਢੀ ਲਈ ਤਿਆਰ ਖੜ੍ਹੀ ਫਸਲ ਵਿੱਛ ਗਈ ਹੈ ਉੱਥੇ ਹੀ ਮੰਡੀਆਂ ’ਚ ਵਿਕਣ ਲਈ ਪੁੱਜੀ ਜਿਣਸ ਵੀ ਭਿੱਜ ਗਈ ਹੈ। ਮੀਂਹ ਨੇ ਪੰਜਾਬ ਸਰਕਾਰ ਦੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਲਈ ਕੀਤੇ ਪ੍ਰਬੰਧਾਂ ਦੀ ਪੋਲ ਵੀ ਖੋਲ੍ਹ ਦਿੱਤੀ ਹੈ। ਮੌਸਮ ਵਿਗਿਆਨੀਆਂ ਨੇ ਪੰਜਾਬ ਤੇ ਹਰਿਆਣਾ ਵਿੱਚ 12 ਤੋਂ 15 ਅਕਤੂਬਰ ਤੱਕ ਤੇਜ਼ ਹਵਾਵਾਂ ਚੱਲਣ ਅਤੇ ਟੁੱਟਵਾਂ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਸਰਕਾਰੀ ਅੰਕੜਿਆਂ ਅਨੁਸਾਰ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 21.72 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 20.61 ਲੱਖ ਮੀਟ੍ਰਿਕ ਟਨ ਦੀ ਖਰੀਦ ਕੀਤੀ ਗਈ ਹੈ। 7.32 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਹੋਣ ਮਗਰੋਂ ਮੰਡੀਆਂ ਵਿੱਚ 13 ਲੱਖ ਮੀਟ੍ਰਿਕ ਟਨ ਦੇ ਕਰੀਬ ਝੋਨਾ ਪਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਅੱਜ ਸਵੇਰ ਤੋਂ ਹੀ ਜ਼ਿਆਦਾਤਰ ਹਿੱਸੇ ਵਿੱਚ ਤੇਜ਼ ਹਵਾਵਾਂ ਚੱਲਣ ਤੋਂ ਬਾਅਦ ਮੀਂਹ ਪਿਆ ਹੈ। ਮੀਂਹ ਕਰਕੇ ਪੰਜਾਬ ਦੀਆਂ ਮੰਡੀਆਂ ਵਿੱਚ ਖੁੱਲ੍ਹੇ ਅਸਮਾਨ ਹੇਠ ਪਈਆਂ ਫਸਲਾਂ ਭਿੱਜ ਗਈਆਂ ਹਨ। ਫਾਜ਼ਿਲਕਾ ਦੀ ਮੰਡੀ ਵਿੱਚ 2 ਤੋਂ 3 ਫੁੱਟ ਤੱਕ ਪਾਣੀ ਖੜ੍ਹਾ ਹੋਣ ਕਰਕੇ ਝੋਨੇ ਦੀ ਫਸਲ ਪਾਣੀ ਵਿੱਚ ਡੁੱਬ ਗਈ ਹੈ। ਤੇਜ਼ ਹਵਾਵਾਂ ਅਤੇ ਮੀਂਹ ਨੇ ਖੇਤਾਂ ਵਿੱਚ ਵਾਢੀ ਲਈ ਤਿਆਰ ਖੜ੍ਹੀ ਝੋਨੇ ਦੀ ਫਸਲ ਵੀ ਵਿਛਾ ਦਿੱਤੀ ਹੈ।
ਪੰਜਾਬ ਵਿੱਚ ਮੀਂਹ ਪੈਣ ਦੇ ਨਾਲ ਹੀ ਤਾਪਮਾਨ ਵਿੱਚ 8 ਤੋਂ 9 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਪੰਜਾਬ ਦਾ ਪਠਾਨਕੋਟ ਸ਼ਹਿਰ ਦਿਨ ਸਮੇਂ ਸਭ ਤੋਂ ਠੰਢਾ ਰਿਹਾ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 19.7 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਤੁਰੰਤ ਗਿਰਦਾਵਰੀ ਕਰਵਾਈ ਜਾਵੇ ਅਤੇ ਨੁਕਸਾਨੀਆਂ ਫ਼ਸਲਾਂ ਦਾ ਬਣਦਾ ਮੁਆਵਜ਼ਾ ਕਿਸਾਨਾਂ ਨੂੰ ਜਲਦ ਤੋਂ ਜਲਦ ਦਿੱਤਾ ਜਾਵੇ।

