ਪੰਜਾਬ ’ਚ ਤਿੰਨ ਦਿਨ ਮੀਂਹ ਪੈਣ ਦੀ ਚਿਤਾਵਨੀ
ਮੌਸਮ ਵਿਭਾਗ ਨੇ ਪੰਜਾਬ ਵਿੱਚ ਤਿੰਨ ਦਿਨ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੌਰਾਨ ਪੰਜਾਬ ਦੇ ਦੋ-ਤਿਹਾਈ ਹਿੱਸੇ ਵਿੱਚ ਕਈ ਥਾਵਾਂ ’ਤੇ ਦਰਮਿਆਨੇ ਤੋਂ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦੀ ਚਿਤਾਵਨੀ ਨੇ ਲੋਕਾਂ ਦੇ ਸਾਹ ਸੁਕਾ ਦਿੱਤੇ ਹਨ। ਅੱਜ ਤੜਕੇ ਵੀ ਪਠਾਨਕੋਟ, ਗੁਰਦਾਸਪੁਰ ਅਤੇ ਰੋਪੜ ਵਿੱਚ ਕਈ ਥਾਵਾਂ ’ਤੇ ਮੀਂਹ ਪਿਆ ਹੈ।
ਮੌਸਮ ਵਿਭਾਗ ਵੱਲੋਂ ਕੀਤੀ ਗਈ ਪੇਸ਼ੀਨਗੋਈ ਅਨੁਸਾਰ 16 ਸਤੰਬਰ ਨੂੰ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਇਨ੍ਹਾਂ ਵਿੱਚੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੋਪੜ ਤੇ ਮੁਹਾਲੀ ਵਿੱਚ ਦਰਮਿਆਨਾ ਮੀਂਹ ਪੈ ਸਕਦਾ ਹੈ, ਜਦਕਿ ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਪਟਿਆਲਾ, ਸੰਗਰੂਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਹਲਕਾ ਮੀਂਹ ਪੈ ਸਕਦਾ ਹੈ। ਇਸੇ ਤਰ੍ਹਾਂ 17 ਸਤੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੋਪੜ ਤੇ ਮੁਹਾਲੀ ਵਿੱਚ ਦਰਮਿਆਨਾ ਜਦਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ ਤੇ ਫਤਿਹਗੜ੍ਹ ਸਾਹਿਬ ਵਿੱਚ ਹਲਕਾ ਤੇ ਕਈ ਥਾਵਾਂ ’ਤੇ ਤੇਜ਼ ਮੀਂਹ ਪੈ ਸਕਦਾ ਹੈ। 18 ਸਤੰਬਰ ਨੂੰ ਵੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂ ਸ਼ਹਿਰ, ਰੋਪੜ, ਲੁਧਿਆਣਾ, ਮੁਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਸੰਗਰੂਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ ਦੇ ਕਈ ਇਲਾਕਿਆਂ ਵਿੱਚ ਝੋਨੇ ਦੀ ਵਾਢੀ ਸ਼ੁਰੂ ਹੋ ਗਈ ਹੈ ਜਦਕਿ ਕਈ ਇਲਾਕਿਆਂ ’ਚ ਵਾਢੀ ਦੀ ਤਿਆਰੀ ਕੀਤੀ ਜਾ ਰਹੀ ਹੈ। ਅਜਿਹੇ ਵਿੱਚ ਮੌਸਮ ਖਰਾਬ ਹੋਣ ਦੀ ਚਿਤਾਵਨੀ ਨੇ ਕਿਸਾਨਾਂ ਨੂੰ ਫਿਕਰਾਂ ’ਚ ਪਾ ਦਿੱਤਾ ਹੈ। ਉੱਧਰ ਮੰਡੀਆਂ ਵਿੱਚ ਝੋਨਾ ਲਿਆਉਣ ਵਾਲੇ ਕਿਸਾਨ ਵੀ ਆਪਣੇ ਪ੍ਰਬੰਧਾਂ ਵਿੱਚ ਜੁੱਟ ਗਏ ਹਨ। ਮੌਸਮ ਵਿਗਿਆਨੀਆਂ ਨੇ ਕਿਸਾਨਾਂ ਨੂੰ ਕੁਝ ਦਿਨ ਰੋਕ ਕੇ ਵਾਢੀ ਕਰਨ ਦੀ ਸਲਾਹ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਮੌਨਸੂਨ ਦੌਰਾਨ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਪਏ ਭਾਰੀ ਮੀਂਹਾਂ ਕਾਰਨ ਪੰਜਾਬ ਤਕਰੀਬਨ ਇੱਕ ਮਹੀਨੇ ਤੋਂ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਪੰਜਾਬ ਦੇ 2300 ਤੋਂ ਵੱਧ ਪਿੰਡ ਹੜ੍ਹਾਂ ਕਾਰਨ ਪ੍ਰਭਾਵਿਤ ਹਨ ਤੇ ਵੱਡੀ ਗਿਣਤੀ ਲੋਕ ਪ੍ਰਭਾਵਿਤ ਹੋਏ ਹਨ। ਹੜ੍ਹਾਂ ਕਾਰਨ 5 ਲੱਖ ਏਕੜ ਤੋਂ ਵੱਧ ਫਸਲ ਖਰਾਬ ਹੋਈ ਹੈ। ਮੌਸਮ ਵਿਭਾਗ ਦੀ ਪੇਸ਼ੀਨਗੋਈ ਨੂੰ ਵੇਖਦਿਆਂ ਸੂਬਾ ਸਰਕਾਰ ਤੇ ਸਥਾਨਕ ਪ੍ਰਸ਼ਾਸਨ ਨੇ ਵੀ ਦਰਿਆਵਾਂ ਤੇ ਨਦੀਆਂ ’ਤੇ ਚੌਕਸੀ ਵਧਾ ਦਿੱਤੀ ਹੈ।