ਆਤਿਸ਼ ਗੁਪਤਾ
ਚੰਡੀਗੜ੍ਹ, 14 ਜੁਲਾਈ
ਪੰਜਾਬ ਦੇ ਦਰਜਨ ਤੋਂ ਵੱਧ ਸ਼ਹਿਰਾਂ ਵਿੱਚ ਅੱਜ ਸਵੇਰ ਤੋਂ ਹਲਕਾ ਤੇ ਦਰਮਿਆਨਾ ਮੀਂਹ ਪੈ ਰਿਹਾ ਹੈ। ਇਸ ਮੀਂਹ ਨੇ ਲੋਕਾਂ ਨੂੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਦਿਵਾ ਦਿੱਤੀ ਹੈ। ਮੀਂਹ ਕਰਕੇ ਤਾਪਮਾਨ ਵੀ ਆਮ ਨਾਲੋਂ 4.7 ਡਿਗਰੀ ਸੈਲਸੀਅਸ ਤੱਕ ਹੇਠਾਂ ਡਿੱਗ ਗਿਆ ਹੈ, ਜਦੋਂਕਿ ਬਠਿੰਡਾ, ਮੁਕਤਸਰ, ਫਾਜ਼ਿਲਕਾ, ਫਰੀਦਕੋਟ, ਫਿਰੋਜ਼ਪੁਰ ਵਿੱਚ ਭਾਰੀ ਮੀਂਹ ਪਿਆ ਹੈ। ਅੱਜ ਬਠਿੰਡਾ ਸ਼ਹਿਰ ਵਿੱਚ ਸਭ ਤੋਂ ਵੱਧ ਮੀਂਹ ਪਿਆ, ਜਿੱਥੇ ਸੜਕਾਂ ’ਤੇ ਕਈ-ਕਈ ਫੁੱਟ ਪਾਣੀ ਖੜ੍ਹ ਗਿਆ। ਇਸ ਕਰਕੇ ਲੋਕਾਂ ਦਾ ਸੜਕਾਂ ’ਤੇ ਚੱਲਣਾ ਮੁਸ਼ਕਲ ਹੋ ਗਿਆ। ਮੀਂਹ ਕਰਕੇ ਬਠਿੰਡਾ ਸ਼ਹਿਰ ਤੇ ਆਲੇ-ਦੁਆਲੇ ਦੇ ਇਲਾਕੇ ਵੀ ਜਲ-ਥਲ ਹੋ ਗਏ। ਇਸੇ ਤਰ੍ਹਾਂ ਮੁਕਤਸਰ, ਫਾਜ਼ਿਲਕਾ, ਫਰੀਦਕੋਟ ਵਿੱਚ ਵੀ ਇਸੇ ਤਰ੍ਹਾਂ ਦਾ ਹਾਲ ਦੇਖਣ ਨੂੰ ਮਿਲਿਆ ਹੈ। ਉੱਧਰ, ਮੌਸਮ ਵਿਗਿਆਨੀਆਂ ਨੇ ਅਗਲੇ 24 ਤੋਂ 48 ਘੰਟਿਆਂ ਤੱਕ ਪੰਜਾਬ ਦੇ ਕਈ ਇਲਾਕਿਆਂ ਵਿੱਚ ਹਲਕਾ ਤੇ ਦਰਮਿਆਨਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਹ ਮੀਂਹ ਝੋਨੇ ਲਈ ਵਰਦਾਨ ਸਾਬਤ ਹੋਵੇਗਾ। ਇਸ ਲਈ ਕਿਸਾਨਾਂ ਦੇ ਚਿਹਰੇ ਖਿੜੇ ਹੋਏ ਸਨ। ਇਸ ਦੇ ਨਾਲ ਹੀ ਮੀਂਹ ਕਰਕੇ ਲੋਕਾਂ ਨੇ ਵੀ ਕਈ ਦਿਨਾਂ ਤੋਂ ਪੈ ਰਹੀ ਹੁੰਮਸ ਭਰੀ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਹੈ। ਅੱਜ ਦੁਪਹਿਰ ਤੱਕ ਬਠਿੰਡਾ ਵਿੱਚ 79 ਐੱਮਐੱਮ ਮੀਂਹ ਪਿਆ। ਇਸ ਤੋਂ ਇਲਾਵਾ ਮੁਕਤਸਰ ਵਿੱਚ 77 ਐੱਮਐੱਮ, ਚੰਡੀਗੜ੍ਹ ਵਿੱਚ 34.4, ਅੰਮ੍ਰਿਤਸਰ ਵਿੱਚ 11, ਲੁਧਿਆਣਾ ਵਿੱਚ 14, ਪਟਿਆਲਾ ਵਿੱਚ 15.4, ਫ਼ਤਹਿਗੜ੍ਹ ਸਾਹਿਬ ਵਿੱਚ 10.5, ਫਾਜ਼ਿਲਕਾ ਵਿੱਚ 9.5, ਹੁਸ਼ਿਆਰਪੁਰ ਵਿੱਚ 18.5, ਮੁਹਾਲੀ ਵਿੱਚ 9.5 ਐੱਮਐੱਮ ਮੀਂਹ ਪਿਆ ਹੈ। ਪੰਜਾਬ ਵਿੱਚ ਮੀਂਹ ਪੈਣ ਨਾਲ ਬਿਜਲੀ ਦੀ ਮੰਗ ਘਟ ਗਈ ਹੈ।