ਮਨੋਜ ਸ਼ਰਮਾ
ਬਠਿੰਡਾ, 7 ਫਰਵਰੀ
ਨਗਰ ਨਿਗਮ ਚੋਣਾਂ ਦੇ ਪ੍ਰਚਾਰ ਲਈ ਬਠਿੰਡਾ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਫੇਲ੍ਹ ਕਰਾਰ ਦਿੱਤਾ। ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਉਨ੍ਹਾਂ ਖ਼ਿਲਾਫ਼ ਵਰਤੀ ਭੱਦੀ ਸ਼ਬਦਾਵਾਲੀ ਦੇ ਮਾਮਲੇ ਵਿੱਚ ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਦਾ ਦਿਮਾਗ਼ੀ ਸੰਤੁਲਨ ਵਿਗੜ ਚੁੱਕਿਆ ਹੈ ਤੇ ਉਸ ਦੀ ਕਿਸੇ ਗੱਲ ਦਾ ਜਵਾਬ ਉਹ ਨਹੀਂ ਦੇਣਾ ਚਾਹੁੰਦੇ। ਉਨ੍ਹਾਂ ਅਕਾਲੀ ਸਰਕਾਰ ਵੇਲੇ ਪੰਜਾਬ ਵਿੱਚ ਹੋਏ ਵਿਕਾਸ ਦਾ ਗੁਣਗਾਣ ਵੀ ਕੀਤਾ।
ਸੁਖਬੀਰ ਬਾਦਲ ਨੇ ਪੰਜਾਬ ਵਿੱਚ ਅਮਨ ਕਾਨੂੰਨ ਦੀ ਵਿਗੜ ਰਹੀ ਸਥਿਤੀ ਬਾਰੇ ਕਿਹਾ ਕਿ ਪੰਜਾਬ ਵਿੱਚ ਸ਼ਰ੍ਹੇਆਮ ਗੁੰਡਾਗਰਦੀ ਹੋ ਰਹੀ ਹੈ। ਪਿਛਲੇ ਦਿਨੀਂ ਫ਼ਰੀਦਕੋਟ ਵਿੱਚ ਇੱਕ ਕਾਰੋਬਾਰੀ ਵੱਲੋਂ ਆਪਣੇ ਦੋ ਬੱਚਿਆਂ, ਪਤਨੀ ਅਤੇ ਖ਼ੁਦ ਨੂੰ ਗੋਲੀ ਮਾਰਨ ਦੇ ਮਾਮਲੇ ਵਿੱਚ ਉਨ੍ਹਾਂ ਵਿਧਾਇਕ ਰਾਜਾ ਵੜਿੰਗ ਦੇ ਸਾਲੇ ਖ਼ਿਲਾਫ਼ ਕਾਰਵਾਈ ਮੰਗੀ। ਉਨ੍ਹਾਂ ਦੋਸ਼ ਲਾਇਆ ਕਿ ਇਸ ਮਾਮਲੇ ’ਚ ਪੁਲੀਸ ਰਾਜਾ ਵੜਿੰਗ ਨੂੰ ਬਚਾ ਰਹੀ ਹੈ। ਉਨ੍ਹਾਂ ਵਿਧਾਇਕ ਰਾਜਾ ਵੜਿੰਗ ਨੂੰ ਵੀ ਇਸ ਮਾਮਲੇ ਵਿੱਚ ਸ਼ਾਮਲ ਕਰ ਕੇ ਜਾਂਚ ਦੀ ਮੰਗ ਕੀਤੀ।
ਉਨ੍ਹਾਂ ਦਾਅਵਾ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਪਹਿਲੇ ਮੁੱਖ ਮੰਤਰੀ ਹਨ, ਜਿਨ੍ਹਾਂ ਨੂੰ ਲੋਕ ਨਫ਼ਰਤ ਕਰਦੇ ਹਨ ਤੇ ਇਨ੍ਹਾਂ ਚੋਣਾਂ ਵਿੱਚ ਲੋਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਦੀ ਕਾਰਗੁਜ਼ਾਰੀ ਨੂੰ ਦੇਖ ਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿੱਚ ਵੋਟ ਪਾਉਣਗੇ। ਉਨ੍ਹਾਂ ਕਿਹਾ ਕਿ ਸਰਕਾਰਾਂ ਦਾ ਖ਼ਜ਼ਾਨਾ ਕਦੇ ਖ਼ਾਲੀ ਨਹੀਂ ਹੁੰਦਾ। ਉਨ੍ਹਾਂ ਕਿਸਾਨੀ ਅੰਦੋਲਨ ਬਾਰੇ ਕੇਂਦਰ ਦੇ ਰਵੱਈਆ ਦੀ ਨਿਖੇਧੀ ਕੀਤੀ।
ਕਾਂਗਰਸ ’ਤੇ ਅਕਾਲੀ ਉਮੀਦਵਾਰਾਂ ਦੇ ਕਾਗਜ਼ ਰੱਦ ਕਰਨ ਦੇ ਦੋਸ਼
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਨਿਗਮ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ 500 ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਕੇ ਲੋਕਤੰਤਰ ਦਾ ਕਤਲ ਕੀਤਾ ਹੈ। ਇੱਥੇ ਸ਼ਹਿਰ ਵਿੱਚ ਵਾਰਡ ਪੱਧਰੀ ਮੀਟਿੰਗਾਂ ਨੂੰ ਸੰਬੋਧਨ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿਰੋਧੀ ਧਿਰ ਦੇ ਕਾਗਜ਼ ਰੱਦ ਕਰਵਾਉਣ ਵਿੱਚ ਧਿਰ ਬਣ ਗਈ ਤੇ ਉਸ ਨੇ ਸਿਵਲ ਤੇ ਪੁਲੀਸ ਅਧਿਕਾਰੀਆਂ ਦੀ ਦੁਰਵਰਤੋਂ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਚੋਣ ਕਮਿਸ਼ਨ ਇਸ ਧੱਕੇਸ਼ਾਹੀ ਪ੍ਰਤੀ ਮੂਕ ਦਰਸ਼ਕ ਬਣ ਕੇ ਬੈਠਾ ਹੈ। ਉਨ੍ਹਾਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਉਨ੍ਹਾਂ ਨੇ ਸ਼ਹਿਰ ਵਿੱਚ ਕੁਝ ਨਹੀਂ ਕੀਤਾ, ਉਲਟਾ ਲੋਕਾਂ ਨੁੰ ਮੂਰਖ ਬਣਾਇਆ ਹੈ।