ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲੀ ਜਾਵੇ: ਸੁਖਬੀਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਬੰਦੀ ਸਿੰਘ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਤੁਰੰਤ ਉਮਰ ਕੈਦ ਵਿੱਚ ਬਦਲਿਆ ਜਾਵੇ। ਉਨ੍ਹਾਂ ਕਿਹਾ ਕਿ ਜੇ ਅਜਿਹਾ ਹੋ ਗਿਆ ਤਾਂ...
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਬੰਦੀ ਸਿੰਘ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਤੁਰੰਤ ਉਮਰ ਕੈਦ ਵਿੱਚ ਬਦਲਿਆ ਜਾਵੇ। ਉਨ੍ਹਾਂ ਕਿਹਾ ਕਿ ਜੇ ਅਜਿਹਾ ਹੋ ਗਿਆ ਤਾਂ 29 ਸਾਲਾਂ ਦੀ ਸਜ਼ਾ ਭੁਗਤਣ ਕਾਰਨ ਉਨ੍ਹਾਂ ਦੀ ਰਿਹਾਈ ਦਾ ਰਾਹ ਪੱਧਰਾ ਹੋ ਜਾਵੇਗਾ। ਸ੍ਰੀ ਬਾਦਲ ਨੇ ਕਿਹਾ ਕਿ ਉਹ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਇਸ ਭਾਵਨਾ ਤੋਂ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਜਾਣੂ ਕਰਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਰਾਜੋਆਣਾ 18 ਸਾਲਾਂ ਤੋਂ ਫਾਂਸੀ ਦੀ ਸਜ਼ਾਯਾਫਤਾ ਹਨ। ਸੁਪਰੀਮ ਕੋਰਟ ਨੇ ਵੀ ਇਸ ਤੱਥ ਨੂੰ ਉਜਾਗਰ ਕੀਤਾ ਹੈ। ਇਸ ਲਈ ਉਨ੍ਹਾਂ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ, ਜਿਸ ਦੀ ਸਿਫ਼ਾਰਿਸ਼ ਕੇਂਦਰ ਸਰਕਾਰ ਦੇ ਉਸ ਨੋਟੀਫਿਕੇਸ਼ਨ ਵਿੱਚ ਕੀਤੀ ਗਈ ਹੈ ਜੋ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ 2019 ਵਿੱਚ ਜਾਰੀ ਕੀਤਾ ਗਿਆ ਸੀ। ਸੁਖਬੀਰ ਨੇ ਕਿਹਾ ਕਿ ‘ਰੌਸ਼ਨ ਪੰਜਾਬ’ ਪ੍ਰਾਜੈਕਟ ਜੋ ਕੱਲ੍ਹ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸ਼ੁਰੂ ਕੀਤਾ ਹੈ, ਉਹ ਮਹਿਜ਼ ਫੋਕੀ ਸ਼ੋਹਰਤ ਖੱਟਣ ਦੀ ਚਾਲ ਹੈ। ਅਜਿਹੇ ਡਰਾਮੇ ਦੀ ਥਾਂ ‘ਆਪ’ ਨੂੰ ਪੰਜਾਬ ਦੀ ਪਿਛਲੀ ਅਕਾਲੀ ਦਲ ਦੀ ਸਰਕਾਰ ਦਾ ਧੰਨਵਾਦ ਕਰਨਾ ਚਾਹੀਦਾ ਹੈ, ਜਿਸ ਨੇ ਪੰਜਾਬ ਦੇ ਬਿਜਲੀ ਉਤਪਾਦਨ ਵਿੱਚ 30 ਫੀਸਦੀ ਦਾ ਵਾਧਾ ਕੀਤਾ।