ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਪੰਜਾਬ ਦੀ ਸਿਆਸਤ ’ਚ ਵਾਪਸੀ
ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਇੱਕ ਵਾਰ ਮੁੜ ਸੁਰਖੀਆਂ ਵਿਚ ਹਨ। ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਵਿੱਚ ‘ਸਿਆਸੀ ਸਰਗਰਮੀਆਂ ਤੋਂ ਦੂਰ’ ਰਹਿਣ ਮਗਰੋਂ ਉਹ ਹੁਣ ਆਪਣੀ ਮੌਜੂਦਗੀ ਦਰਜ ਕਰਵਾਉਣ ਲੱਗੇ ਹਨ। ਉਨ੍ਹਾਂ ਦੀ ਵਾਪਸੀ ਅਜਿਹੇ ਮੌਕੇ ਹੋਈ ਹੈ ਜਦੋਂ ਪੰਜਾਬ ਇਤਿਹਾਸ ਦੇ ਸਭ ਤੋਂ ਭਿਆਨਕ ਹੜ੍ਹਾਂ ਦਾ ਸਾਹਮਣਾ ਕਰ ਰਿਹਾ ਹੈ।
ਪਿਛਲੇ ਹਫ਼ਤੇ ਇਕ ਟਰੈਕਟਰ ’ਤੇ ਬੈਠ ਕੇ ਗੁਰਦਾਸਪੁਰ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਤੋਂ ਬਾਅਦ ਉਨ੍ਹਾਂ ਨੇ ਅੱਜ ਆਪਣੇ MPLADS ਫੰਡ ਵਿੱਚੋਂ ਸੂਬੇ ਲਈ 3.25 ਕਰੋੜ ਰੁਪਏ ਅਲਾਟ ਕੀਤੇ ਹਨ। ਦਿਲਚਸਪ ਗੱਲ ਇਹ ਹੈ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਹੜ੍ਹ ਸੁਰੱਖਿਆ ਬੰਨ੍ਹਾਂ ਦੀ ਮਜ਼ਬੂਤੀ ਅਤੇ ਮੁਰੰਮਤ ਲਈ 2.75 ਕਰੋੜ ਰੁਪਏ ਦੀ ਰਕਮ ਮਨਜ਼ੂਰ ਕੀਤੀ ਗਈ ਹੈ, ਜਦੋਂ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਰਾਹਤ ਅਤੇ ਪੁਨਰਵਾਸ ਕਾਰਜਾਂ ਲਈ 50 ਲੱਖ ਰੁਪਏ ਮਨਜ਼ੂਰ ਕੀਤੇ ਗਏ ਹਨ।
ਰਾਘਵ ਚੱਢਾ ਨੇ ਇਕ ਸ[ਨੇਹੇ ਵਿਚ ਹੜ੍ਹਾਂ ਕਰਕੇ ਗਈਆਂ 30 ਜਾਨਾਂ ਲਈ ਦੁੱਖ ਜਤਾਉਂਦਿਆਂ ਪੀੜਤ ਪਰਿਵਾਰਾਂ ਲਈ ਸੰਵੇਦਨਾ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਭਾਰਤੀ ਫੌਜ, ਐਨਡੀਆਰਐਫ, ਬੀਐਸਐਫ, ਪੰਜਾਬ ਪੁਲੀਸ, ਅਧਿਕਾਰੀਆਂ, ਡਾਕਟਰਾਂ, ਐਨਜੀਓ, ਸਿਵਲ ਸੁਸਾਇਟੀ ਅਤੇ ਰਾਹਤ ਕਾਰਜਾਂ ਵਿੱਚ ਲੱਗੇ ਨੌਜਵਾਨਾਂ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਹੈ। ਇੱਕ ਵੀਡੀਓ ਸੰਦੇਸ਼ ਵਿੱਚ, ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ‘‘...ਇਹ ਫੰਡ ਮੇਰੇ ਨਹੀਂ ਹਨ, ਇਹ ਪੰਜਾਬ ਅਤੇ ਪੰਜਾਬੀਆਂ ਦੇ ਹਨ। ਹਰ ਰੁਪਿਆ ਪੰਜਾਬ ਦੀ ਸੇਵਾ ਅਤੇ ਮੁੜ ਨਿਰਮਾਣ ਵੱਲ ਜਾਵੇਗਾ।’’
ਉਨ੍ਹਾਂ ਭਰੋਸਾ ਦਿੰਦੇ ਹੋਏ ਕਿਹਾ ਕਿ ਉਹ ਇਸ ਮਾਮਲੇ ਨੂੰ ਸੰਸਦ ਵਿੱਚ ਉਠਾਉਣਗੇ ਅਤੇ ਕੇਂਦਰ ਸਰਕਾਰ ਨੂੰ ਵੱਧ ਤੋਂ ਵੱਧ ਸਹਾਇਤਾ ਦੀ ਅਪੀਲ ਕਰਨਗੇ। ਚੱਢਾ, ਵਿਕਰਮਜੀਤ ਸਿੰਘ ਸਾਹਨੀ ਅਤੇ ਬਲਬੀਰ ਸਿੰਘ ਸੀਚੇਵਾਲ ਨਾਲ ਪੰਜਾਬ ਦੇ ਤਿੰਨ ਰਾਜ ਸਭਾ ਮੈਂਬਰਾਂ ਵਿੱਚੋਂ ਇੱਕ ਹਨ, ਜੋ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਸਰਗਰਮੀ ਨਾਲ ਸ਼ਾਮਲ ਰਹੇ ਹਨ। ਸੀਚੇਵਾਲ ਸਭ ਤੋਂ ਵੱਧ ਸਰਗਰਮ ਹਨ, ਜੋ ਸੁਲਤਾਨਪੁਰ ਲੋਧੀ ਵਿੱਚ ਜ਼ਮੀਨੀ ਪੱਧਰ ’ਤੇ ਸਰਗਰਮ ਹਨ ਅਤੇ ਖੁਦ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਫਸੇ ਲੋਕਾਂ ਨੂੰ ਬਚਾਉਣ ਲਈ ਸਵੈ-ਇੱਛਾ ਨਾਲ ਕੰਮ ਕਰ ਰਹੇ ਹਨ।