ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਵਿਕਾਸ, ਆਰਥਿਕ ਤਰੱਕੀ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਭਾਰਤੀ ਜਨਤਾ ਪਾਰਟੀ ਦੇ ਸੰਸਦੀ ਦਲ ਵਿਚ ਸ਼ਾਮਲ ਹੋਣ ਤੋਂ ਬਾਅਦ ਗ੍ਰਹਿ ਮੰਤਰੀ ਨਾਲ ਉਨ੍ਹਾਂ ਦੀ ਇਹ ਪਹਿਲੀ ਮੁਲਾਕਾਤ ਸੀ।
ਮੀਟਿੰਗ ਦੌਰਾਨ ਪੰਜਾਬ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਨੂੰ ਹੋਰ ਤੇਜ਼ ਕਰਨ ਲਈ ਕੇਂਦਰ ਅਤੇ ਸੂਬੇ ਦਰਮਿਆਨ ਬਿਹਤਰ ਤਾਲਮੇਲ ਅਤੇ ਉਸਾਰੂ ਗੱਲਬਾਤ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ।
ਗੁਪਤਾ ਨੇ ਅਮਿਤ ਸ਼ਾਹ ਵੱਲੋਂ ਸਾਲ 2029 ਤੱਕ ਦੇਸ਼, ਖ਼ਾਸ ਕਰਕੇ ਪੰਜਾਬ ਨੂੰ ਨਸ਼ਾਮੁਕਤ ਬਣਾਉਣ ਦੇ ਸੰਕਲਪ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਪੰਜਾਬ ਦੇ ਭਵਿੱਖ ਅਤੇ ਵਿਸ਼ੇਸ਼ ਤੌਰ ’ਤੇ ਨੌਜਵਾਨ ਪੀੜ੍ਹੀ ਲਈ ਗੰਭੀਰ ਚੁਣੌਤੀ ਹੈ। ਉਨ੍ਹਾਂ ਇਸ ਮੁਹਿੰਮ ਲਈ ਆਪਣਾ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਭਾਜਪਾ ਦੇ ‘ਨਸ਼ਾ ਮੁਕਤ ਪੰਜਾਬ’ ਦੇ ਟੀਚੇ ਨੂੰ ਸਾਕਾਰ ਕਰਨ ਲਈ ਸਰਗਰਮ ਯੋਗਦਾਨ ਪਾਉਣ ਦੀ ਵਚਨਬੱਧਤਾ ਪ੍ਰਗਟਾਈ।
ਗੁਪਤਾ ਨੇ ਕਿਹਾ ਕਿ ਆਪਣੇ ਸੱਭਿਆਚਾਰਕ ਵਿਰਸੇ, ਉੱਦਮੀ ਸੋਚ ਅਤੇ ਮਿਹਨਤੀ ਲੋਕਾਂ ਸਦਕਾ ਪੰਜਾਬ ਵਿਚ ਦੇਸ਼ ਦੀ ਵਿਕਾਸ ਯਾਤਰਾ ਵਿਚ ਵੱਡੀ ਭੂਮਿਕਾ ਨਿਭਾਉਣ ਦੀ ਅਥਾਹ ਸਮਰੱਥਾ ਹੈ। ਇਸ ਸਮਰੱਥਾ ਦਾ ਪੂਰਾ ਲਾਭ ਲੈਣ ਲਈ ਸੂਬੇ ਦੀ ਆਰਥਿਕ ਨੀਂਹ ਨੂੰ ਹੋਰ ਮਜ਼ਬੂਤ ਕਰਨ, ਨਵੇਂ ਨਿਵੇਸ਼ ਨੂੰ ਉਤਸ਼ਾਹਿਤ ਕਰਨ, ਬੁਨਿਆਦੀ ਢਾਂਚੇ ਦਾ ਵਿਸਥਾਰ ਕਰਨ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਸਾਰਥਕ ਮੌਕੇ ਪੈਦਾ ਕਰਨ ਦੀ ਲੋੜ ਹੈ।

