ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 31 ਮਈ
ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਨੇ ਬੰਗਲੁਰੂ ਵਿੱਚ ਕਿਸਾਨ ਆਗੂ ਤੇ ਸੰਯੁਕਤ ਕਿਸਾਨ ਮੋਰਚਾ ਦੇ ਬੁਲਾਰੇ ਰਾਕੇਸ਼ ਟਿਕੈਤ ’ਤੇ ਸਿਆਹੀ ਸੁੱਟਣ ਦੀ ਨਿੰਦਾ ਕੀਤੀ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ, ਸੀਨੀਅਰ ਮੀਤ ਪ੍ਰਧਾਨ ਮਨਜੀਤ ਧਨੇਰ ਅਤੇ ਮੀਤ ਪ੍ਰਧਾਨ ਗੁਰਦੀਪ ਰਾਮਪੁਰਾ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਕਿਸਾਨ ਆਗੂ ’ਤੇ ਸਿਆਹੀ ਸੁੱਟਣ ਵਾਲੇ ਕਥਿਤ ਮੁੱਖ ਮੁਲਜ਼ਮ ਭਰਤ ਸ਼ੈਟੀ ਦੀ ਪਛਾਣ ਹੋ ਚੁੱਕੀ ਹੈ ਅਤੇ ਉਹ ਪੁਲੀਸ ਹਿਰਾਸਤ ਵਿੱਚ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਘਟਨਾ ਦੇ ਮੁਲਜ਼ਮਾਂ ਨੂੰ ਸਖ਼ਤ ਸਜ਼ਾ, ਸੁਰੱਖਿਆ ਵਿੱਚ ਕੁਤਾਹੀ ਕਰਨ ਵਾਲੇ ਪੁਲੀਸ ਅਧਿਕਾਰੀਆਂ ਨੂੰ ਮੁਅੱਤਲ ਅਤੇ ਘਟਨਾ ਦੀ ਨਿਆਂਇਕ ਜਾਂਚ ਕੀਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿਸਾਨ ਆਗੂ ਟਿਕੈਤ ਨੂੰ ਸੁਰੱਖਿਆ ਦਿੱਤੀ ਜਾਵੇ।