ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ
ਭਵਾਨੀਗੜ੍ਹ/ਧੂਰੀ, 10 ਜੂਨ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ-ਬਸਪਾ ਅਤੇ ਪੰਥਕ ਜਥੇਬੰਦੀਆਂ ਦੀ ਸਾਂਝੀ ਉਮੀਦਵਾਰ ਬੀਬੀ ਕਮਲਦੀਪ ਕੌਰ ਰਾਜੋਆਣਾ ਦੇ ਹੱਕ ਵਿੱਚ ਅੱਜ ਭਵਾਨੀਗੜ੍ਹ ਅਤੇ ਧੂਰੀ ਵਿੱਚ ਪ੍ਰਚਾਰ ਕੀਤਾ ਅਤੇ ਸਿੱਖ ਬੰਦੀਆਂ ਦੀ ਰਿਹਾਈ ਲਈ ਬੀਬੀ ਰਾਜੋਆਣਾ ਨੂੰ ਜਿਤਾਉਣ ਦੀ ਅਪੀਲ ਕੀਤੀ। ਸ੍ਰੀ ਬਾਦਲ ਨੇ ਕਿਹਾ ਕਿ ਇਹ ਚੋਣ ਸਿਰਫ਼ ਕਮਲਦੀਪ ਕੌਰ ਦੀ ਜਿੱਤ ਜਾਂ ਹਾਰ ਦੀ ਨਹੀ, ਸਗੋਂ ਇਸ ਜਿੱਤ ਨੇ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ 32-32 ਸਾਲਾਂ ਤੋਂ ਕਾਲ ਕੋਠੜੀਆਂ ਵਿੱਚ ਕੈਦ ਸਿੱਖ ਬੰਦੀਆਂ ਦੀ ਰਿਹਾਈ ਦੇ ਰਸਤੇ ਖੋਲ੍ਹਣੇ ਹਨ। ਕਮਲਦੀਪ ਕੌਰ ਰਾਜੋਆਣਾ ਨੇ ਕਿਹਾ ਕਿ ਉਸ ਦਾ ਚੋਣ ਲੜਨ ਦਾ ਇੱਕੋ-ਇੱਕ ਉਦੇਸ਼ ਬੰਦੀ ਸਿੰਘਾਂ ਦੀ ਰਿਹਾਈ ਕਰਵਾਉਣਾ ਹੈ। ਉਨ੍ਹਾਂ ਨੇ ਸਿੱਖ ਬੰਦੀਆਂ ਦੀ ਰਿਹਾਈ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਕਮਲਦੀਪ ਕੌਰ ਰਾਜੋਆਣਾ ਨੇ ਕਿਹਾ ਕਿ ਉਸ ਦਾ ਚੋਣ ਲੜਨ ਦਾ ਇਕੋ ਇਕ ਉਦੇਸ਼ ਬੰਦੀ ਸਿੰਘਾਂ ਦੀ ਰਿਹਾਈ ਕਰਵਾਉਣਾ ਹੈ। ਰੈਲੀ ਵਿੱਚ ਸੁਖਬੀਰ ਬਾਦਲ ਤੇ ਬੀਬੀ ਰਾਜੋਆਣਾ ਦਾ ਸਨਮਾਨ ਕੀਤਾ ਗਿਆ। ਇਸੇ ਦੌਰਾਨ ਸੁਖਬੀਰ ਬਾਦਲ ਨੇ ਧੂਰੀ ਸ਼ਹਿਰ ਵਿੱਚ ਵਿਧਾਨ ਸਭਾ ਹਲਕਾ ਧੂਰੀ ਨਾਲ ਸਬੰਧਤ ਪਾਰਟੀ ਕਾਰਕੁਨਾਂ ਤੇ ਆਗੂਆਂ ਦੀ ਇੱਕ ਪੈਲੇਸ ਵਿੱਚ ਮੀਟਿੰਗ ਕੀਤੀ।
ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਇਸੇ ਦੌਰਾਨ ਬੀਤੀ ਦੇਰ ਸ਼ਾਮ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਹਲਕੇ ਸੰਗਰੂਰ ਤੋਂ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਬੀਬੀ ਕਮਲਦੀਪ ਕੌਰ ਦੀ ਹਮਾਇਤ ਕਰਨ। ਉਹ ਇੱਥੇ ਜ਼ਿਲ੍ਹਾ ਮਾਲੇਰਕੋਟਲਾ ਦੇ ਅਕਾਲੀ ਦਲ ਤੇ ਬਸਪਾ ਦੇ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ।