ਰਾਣਾ ਕੇ.ਪੀ. ਸਿੰਘ ਵੱਲੋਂ ਸਤਲੁਜ ਦੀ ਮਾਰ ਹੇਠ ਆਏ ਪਿੰਡਾਂ ਦਾ ਦੌਰਾ
ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਸਤਲੁਜ ਦਰਿਆ ਕੰਢੇ ਵੱਸਦੇ ਪਿੰਡ ਗੱਜਪੁਰ ਵੇਲਾ, ਸ਼ਾਹਪੁਰ ਬੇਲਾ, ਚੰਦਪੁਰ ਬੇਲਾ ਅਤੇ ਹਰੀਵਾਲ ਦਾ ਦੌਰਾ ਕਰਕੇ ਸਤਲੁਜ ਦਰਿਆ ਦੇ ਪਾਣੀ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ।
ਇਸ ਦੌਰਾਨ ਰਾਣਾ ਕੇ.ਪੀ. ਸਿੰਘ ਨੇ ਸੂਬਾ ਸਰਕਾਰ ’ਤੇ ਤਿੱਖੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ 2023 ਵਿੱਚ ਆਏ ਹੜ੍ਹਾਂ ਦਾ ਹੁਣ ਤੱਕ ਕਿਸਾਨਾਂ ਨੂੰ ਕੋਈ ਮੁਆਵਜ਼ਾ ਨਹੀਂ ਮਿਲਿਆ ਅਤੇ ਹੁਣ ਇਕ ਵਾਰ ਫਿਰ ਹੜ੍ਹ ਦੀ ਆਫ਼ਤ ਨੇ ਲੋਕਾਂ ਦਾ ਵੱਡਾ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਸਰਕਾਰ ਦਾ ਕੋਈ ਵੀ ਨੁਮਾਇੰਦਾ ਇਥੇ ਨਹੀਂ ਪਹੁੰਚਿਆ ਅਤੇ ਨਾ ਹੀ ਇਲਾਕੇ ਦੇ ਲੋਕਾਂ ਦੇ ਦੁੱਖ-ਦਰਦ ਸਰਕਾਰ ਨੇ ਸੁਣੇ ਹਨ।
ਰਾਣਾ ਕੇ.ਪੀ. ਸਿੰਘ ਨੇ ਮੰਗ ਕੀਤੀ ਕਿ ਸਰਕਾਰ ਤੁਰੰਤ 2023 ਦੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਜਾਰੀ ਕਰੇ ਅਤੇ ਇਸ ਵਾਰ ਦੇ ਨੁਕਸਾਨ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਰਾਹਤ ਮੁਹੱਈਆ ਕਰਵਾਏ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪਿੰਡ ਸ਼ਾਹਪੁਰ ਬੇਲਾ ਅਤੇ ਚੰਦਪੁਰ ਬੇਲਾ ਵਿਖੇ ਡੰਗੇ ਰੁੜ੍ਹਦੇ ਜਾ ਰਹੇ ਹਨ, ਜੇਕਰ ਉਨ੍ਹਾਂ ਦੀ ਰੋਕਥਾਮ ਨਾ ਕੀਤੀ ਗਈ ਤਾਂ ਭਾਖੜੇ ਤੋਂ ਹੋਰ ਪਾਣੀ ਛੱਡੇ ਜਾਣ ਜਾਂ ਸਵਾਂ ਨਦੀ ਵਿੱਚ ਪਾਣੀ ਆਉਣ ਦੀ ਸਥਿਤੀ ਵਿੱਚ ਪਾਣੀ ਦਾ ਵਹਾਅ ਸਿੱਧਾ ਰਿਹਾਇਸ਼ੀ ਇਲਾਕਿਆਂ ਵੱਲ ਵੱਧ ਜਾਵੇਗਾ। ਇਸ ਲਈ ਸਰਕਾਰ ਅਤੇ ਪ੍ਰਸ਼ਾਸਨ ਨੂੰ ਤੁਰੰਤ ਡਿੱਗਦੇ ਡੰਗਿਆਂ ਦੀ ਮੁਰੰਮਤ ਸ਼ੁਰੂ ਕਰਨੀ ਚਾਹੀਦੀ ਹੈ।
ਸਾਬਕਾ ਸਪੀਕਰ ਨੇ ਇਸ ਮੌਕੇ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਤੁਰੰਤ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਖ਼ਾਸ ਰਾਹਤ ਪੈਕਜ ਜਾਰੀ ਕਰੇ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਮਿਲ ਸਕੇ।