ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 28 ਜੂਨ
ਇਥੋਂ ਦੀ ਪੁਲੀਸ ਨੇ ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਇੱਥੇ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਗੈਂਗਸਟਰ ਰਾਣਾ ਕੰਦੋਵਾਲੀਆ ਕਤਲ ਮਾਮਲੇ ਵਿੱਚ ਪੁੱਛ-ਪੜਤਾਲ ਲਈ ਅੱਠ ਦਿਨ ਦਾ ਪੁਲੀਸ ਰਿਮਾਂਡ ਦੇ ਦਿੱਤਾ ਹੈ ਪਰ ਸੁਰੱਖਿਆ ਕਾਰਨਾਂ ਕਰਕੇ ਲਾਰੈਂਸ ਨੂੰ ਅੱਜ ਸ਼ਾਮ ਵੇਲੇ ਖਰੜ ਤਬਦੀਲ ਕਰ ਦਿੱਤਾ ਗਿਆ। ਹੁਣ ਪੁਲੀਸ ਇਸ ਮਾਮਲੇ ਦੀ ਪੁੱਛ-ਪੜਤਾਲ ਖਰੜ ਵਿਚ ਹੀ ਕਰੇਗੀ। ਕੰਦੋਵਾਲੀਆ ਦੀ ਪਿਛਲੇ ਵਰ੍ਹੇ ਅਗਸਤ ਵਿਚ ਇਥੋਂ ਦੇ ਇਕ ਨਿੱਜੀ ਹਸਪਤਾਲ ਵਿੱਚ ਉਸ ਵੇਲੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਜਦੋਂ ਉਹ ਇੱਥੇ ਕਿਸੇ ਦਾ ਹਾਲ-ਚਾਲ ਪੁੱਛਣ ਲਈ ਆਇਆ ਸੀ। ਇਸ ਸਬੰਧ ਵਿਚ ਪੁਲੀਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਗਰੋਹ ਨਾਲ ਸਬੰਧਤ ਦੋ ਮੈਂਬਰ ਜਗਰੋਸ਼ਨ ਸਿੰਘ ਅਤੇ ਮਨੀ ਰਈਆ ਸਮੇਤ ਦੋ ਹੋਰਾਂ ਨੂੰ ਨਾਮਜ਼ਦ ਕੀਤਾ ਸੀ। ਇਸ ਮਾਮਲੇ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਨਾਂ ਵੀ ਸਾਹਮਣੇ ਆਇਆ ਸੀ। ਇਸ ਸਬੰਧ ਵਿਚ ਥਾਣਾ ਮਜੀਠਾ ਵਿਚ ਕੇਸ ਦਰਜ ਕੀਤਾ ਗਿਆ ਸੀ। ਏਡੀਸੀਪੀ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਉਸ ਕੋਲੋਂ ਰਾਣਾ ਕੰਦੋਵਾਲੀਆ ਸਮੇਤ ਹੋਰ ਕਈ ਮਾਮਲਿਆਂ ਵਿਚ ਪੁੱਛ-ਪੜਤਾਲ ਕੀਤੀ ਜਾਵੇਗੀ। ਵੇਰਵਿਆਂ ਮੁਤਾਬਿਕ ਪੁਲੀਸ ਲਾਰੈਂਸ ਕੋਲੋਂ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ, ਸਾਬਕਾ ਅਕਾਲੀ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਅਤੇ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਫਿਰੌਤੀ ਸਬੰਧੀ ਮਿਲੀਆਂ ਧਮਕੀਆਂ ਦੇ ਮਾਮਲੇ ਵਿਚ ਪੜਤਾਲ ਕਰੇਗੀ। ਇਨ੍ਹਾਂ ਆਗੂਆਂ ਤੋਂ ਫਿਰੌਤੀ ਮੰਗਣ ਵਾਲੇ ਨੇ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਦੱਸਿਆ ਸੀ। ਇਸ ਸਬੰਧ ਵਿਚ ਵੱਖ ਵੱਖ ਥਾਣਿਆਂ ਵਿਚ ਪੁਲੀਸ ਕੇਸ ਦਰਜ ਹਨ।
ਹੋਰ ਜ਼ਿਲ੍ਹਿਆਂ ਦੀ ਪੁਲੀਸ ਵੱਲੋਂ ਵੀ ਰਿਮਾਂਡ ’ਤੇ ਲੈਣ ਦੀ ਤਿਆਰੀ
ਮਾਨਸਾ (ਪੱਤਰ ਪ੍ਰੇਰਕ): ਇਸੇ ਦੌਰਾਨ ਲਾਰੈਂਸ ਬਿਸ਼ਨੋਈ ਨੂੰ ਹੁਣ ਪੰਜਾਬ ਦੇ ਕਈ ਜ਼ਿਲ੍ਹਿਆਂ ਦੀ ਪੁਲੀਸ ਵੱਲੋਂ ਰਿਮਾਂਡ ’ਤੇ ਲੈਣ ਦੀ ਤਿਆਰੀ ਕੀਤੀ ਜਾ ਰਹੀ ਹੈ। ਲਾਰੈਂਸ ਨੂੰ ਹੁਣ ਫਰੀਦਕੋਟ ਅਤੇ ਮੋਗਾ ਪੁਲੀਸ ਵੀ ਅਦਾਲਤ ਰਾਹੀਂ ਹਿਰਾਸਤ ਵਿੱਚ ਲੈ ਸਕਦੀ ਹੈ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਫਰੀਦਕੋਟ ਵਿੱਚ ਪਿਛਲੇ ਸਾਲ ਫਰਵਰੀ ਦੌਰਾਨ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਗੁਰਲਾਲ ਭਲਵਾਨ ਦੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕੀਤੀ ਗਈ ਸੀ। ਇਸੇ ਤਰ੍ਹਾਂ ਮੋਗਾ ਵਿੱਚ ਲਾਰੈਂਸ ਬਿਸ਼ਨੋਈ ਨੂੰ ਇੱਕ ਮਾਮਲੇ ਵਿੱਚ ਪੁਲੀਸ ਵੱਲੋਂ ਟਰਾਂਜ਼ਿਟ ਰਿਮਾਂਡ ’ਤੇ ਲਿਆ ਜਾ ਸਕਦਾ ਹੈ, ਜਿੱਥੇ ਉਸ ਨੇ ਮੋਨੂੰ ਡਾਗਰ ਤੇ ਹੋਰਾਂ ਨੂੰ ਇੱਕ ਕਤਲ ਲਈ ਭੇਜਿਆ ਸੀ। ਮਾਨਸਾ ਦੇ ਐੱਸਐੱਸਪੀ ਗੌਰਵ ਤੂਰਾ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਤੋਂ ਬਹੁਤੀ ਸਾਰੀਆਂ ਜਾਣਕਾਰੀਆਂ ਹਾਸਲ ਹੋਈਆਂ ਹਨ। ਇਸੇ ਦੌਰਾਨ ਹੀ ਪਤਾ ਲੱਗਿਆ ਹੈ ਕਿ ਮਾਨਸਾ ਪੁਲੀਸ ਨੇ ਪਿੰਡ ਭੰਮੇ ਖੁਰਦ ਦੇ ਗੋਰਾ ਸਿੰਘ ਨੂੰ ਪਿਸਤੌਲ ਸਮੇਤ ਕਾਬੂ ਕੀਤਾ ਹੈ ਪਰ ਜ਼ਿਲ੍ਹਾ ਪੁਲੀਸ ਮੁਖੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ।