ਰਾਣਾ ਸੋਢੀ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ
ਜਸਪਾਲ ਸਿੰਘ ਸੰਧੂ
ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਤੇ ਪੰਜਾਬ ਨਾਲ ਜੁੜੇ ਅਹਿਮ ਮਾਮਲਿਆਂ ਬਾਰੇ ਚਰਚਾ ਕੀਤੀ। ਰਾਣਾ ਸੋਢੀ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੇ ਫ਼ਿਰੋਜ਼ਪੁਰ ਵਿੱਚ ਬਣਨ ਵਾਲੇ ਪੀ ਜੀ ਆਈ ਹਸਪਤਾਲ ਦੇ ਜਲਦ ਨਿਰਮਾਣ ਦਾ ਭਰੋਸਾ ਦਿੱਤਾ। ਰਾਣਾ ਸੋਢੀ ਨੇ ਗ੍ਰਹਿ ਮੰਤਰੀ ਨਾਲ ਸਰਹੱਦ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਦੀਆਂ ਮੁਸ਼ਕਲਾਂ ਬਾਰੇ ਵੀ ਚਰਚਾ ਕੀਤੀ। ਕਾਨੂੰਨ ਵਿਵਸਥਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਪੰਜਾਬ ਸਰਕਾਰ ’ਤੇ ਦੋਸ਼ ਲਾਇਆ ਤੇ ਕਿਹਾ ਕਿ ਸੂਬਾ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ। ਉਨ੍ਹਾਂ ਪੰਜਾਬ ਵਿੱਚ ਅਰਧ ਸੈਨਿਕ ਬਲ ਤਾਇਨਾਤ ਕਰਨ ਦੀ ਮੰਗ ਕੀਤੀ। ਪੰਜਾਬ ਵਿੱਚ ਆਏ ਹੜ੍ਹਾਂ ਦੌਰਾਨ ਹੋਏ ਨੁਕਸਾਨ ਬਾਰੇ ਗੱਲਬਾਤ ਹੋਈ, ਫ਼ਸਲਾਂ ਦੇ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਵਾਉਣ ਤੇ ਕਿਸਾਨਾਂ ਨੂੰ ਮੁਆਵਜ਼ੇ ਦੀ ਰਕਮ ਜਾਰੀ ਕਰਨ ਦੀ ਮੰਗ ਕੀਤੀ। ਰਾਣਾ ਸੋਢੀ ਨੇ ਕਿਹਾ ਕਿ ਗ੍ਰਹਿ ਮੰਤਰੀ ਨੇ ਸਾਰੀਆਂ ਮੰਗਾਂ ਤੇ ਮੁਸ਼ਕਲਾਂ ਦੇ ਹੱਲ ਦਾ ਭਰੋਸਾ ਦਿੱਤਾ।