ਰਾਣਾ ਸੋਢੀ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ। ਰਾਣਾ ਸੋਢੀ ਨੇ ਦੱਸਿਆ ਕਿ ਸ਼ਾਹ ਨੇ ਫਿਰੋਜ਼ਪੁਰ ’ਚ ਬਣਨ ਵਾਲੇ ਪੀ ਜੀ ਆਈ ਹਸਪਤਾਲ ਦੇ ਜਲਦ ਨਿਰਮਾਣ ਦਾ ਵਿਸ਼ਵਾਸ ਦਿੱਤਾ ਹੈ। ਇਸ ਸਮੇਂ ਸਭ ਤੋਂ ਗੰਭੀਰ ਮੁੱਦਾ ਪੰਜਾਬ ਦੇ ਲੋਕਾਂ ਜਾਨ ਮਾਲ ਦੀ ਰਾਖੀ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਸਾਰੇ ਮਸਲੇ ਉਨ੍ਹਾਂ ਦੇ ਧਿਆਨ ’ਚ ਹਨ ਅਤੇ ਜਲਦੀ ਹੱਲ ਕੀਤੇ ਜਾਣਗੇ। ਰਾਣਾ ਸੋਢੀ ਨੇ ਕਿਹਾ ਕਿ ਗ੍ਰਹਿ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਲਈ ਕਈ ਨਵੇਂ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ। ਇਸ ਸਮੇਂ ਰਾਣਾ ਸੋਢੀ ਨੇ ਤਾਰੋਂ ਪਾਰ ਦੀਆਂ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਬਾਰੇ ਵੀ ਗ੍ਰਹਿ ਮੰਤਰੀ ਨਾਲ ਗੱਲਬਾਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਫਿਰੋਜ਼ਪੁਰ ਛਾਉਣੀ ਦੇ ਨੋਟੀਫਾਈਡ ਏਰੀਆ ਨੂੰ ਵਧਾਉਣ ਦੀ ਮੰਗ ਵੀ ਕੀਤੀ ਤੇ ਕਿਹਾ ਕੇ ਸਿਵਲ ਏਰੀਏ ਦੇ ਲੋਕਾਂ ਨੂੰ ਵੱਧ ਤੋਂ ਵੱਧ ਮਾਲਕੀ ਹੱਕ ਦਿੱਤੇ ਜਾਣ। ਉਨ੍ਹਾਂ ਗ੍ਰਹਿ ਮੰਤਰੀ ਨਾਲ ਸੂਬੇ ’ਚ ਅਮਨ-ਕਾਨੂੰਨ ਦੀ ਸਥਿਤੀ ਬਾਰੇ ਵੀ ਚਰਚਾ ਕੀਤੀ।