ਡਾ. ਰਾਜਿੰਦਰ ਸਿੰਘ
ਡੇਰਾ ਬਾਬਾ ਨਾਨਕ, 15 ਨਵੰਬਰ
ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ ਨੇ ਅੱਜ ਇੱਥੇ ਸਥਿਤ ਕੌਮਾਂਤਰੀ ਸਰਹੱਦ ’ਤੇ ਜਾ ਕੇ ਕਰਤਾਰਪੁਰ ਸਾਹਿਬ ਦੇ ਦੂਰੋਂ ਦਰਸ਼ਨ ਕੀਤੇ ਅਤੇ ਲਾਂਘਾ ਖੁੱਲ੍ਹਣ ਦੀ ਅਰਦਾਸ ਵੀ ਕੀਤੀ| ਇਸ ਮੌਕੇ ਸ੍ਰੀ ਰੰਧਾਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਜਿਵੇਂ ਉਨ੍ਹਾਂ ਨੇ 9 ਨਵੰਬਰ 2019 ’ਚ ਇਹ ਲਾਂਘਾ ਖੋਲ੍ਹ ਕੇ ਸ਼ਰਧਾਲੂਆਂ ਦੀ ਵੱਡੀ ਮੰਗ ਪੂਰੀ ਕੀਤੀ ਸੀ, ਉਸੇ ਤਰ੍ਹਾਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਇਹ ਲਾਂਘਾ ਸੰਗਤਾਂ ਲਈ ਮੁੜ ਖੋਲ੍ਹ ਦਿੱਤਾ ਜਾਵੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਪ ਮੁੱਖ ਮੰਤਰੀ ਨੇ ਕਿਹਾ ਕਿ ਅਤਿਵਾਦ ਦੇ ਬਹਾਨੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਹੀਂ ਕੀਤਾ ਜਾ ਸਕਦਾ| ਉਨ੍ਹਾਂ ਕਿਹਾ ਅਤਿਵਾਦ ਨਾਲ ਨਜਿੱਠਣਾ ਸਰਕਾਰਾਂ ਦੇ ਕੰਮ ਹਨ ਪਰ ਰਸਤੇ ਬੰਦ ਕਰ ਕੇ ਅਤਿਵਾਦ ਖਤਮ ਨਹੀਂ ਕੀਤਾ ਜਾ ਸਕਦਾ| ਇਸ ਮੌਕੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਵੀ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਵਿਜੈਇੰਦਰ ਸਿੰਗਲਾ ਵੱਲੋਂ ਅੱਜ ਡੇਰਾ ਬਾਬਾ ਨਾਨਕ ਦੇ ਰੈਸਟ ਹਾਊਸ ਵਿੱਚ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਸੁਖਜਿੰਦਰ ਸਿੰਘ ਰੰਧਾਵਾ ਦੀ ਹਾਜ਼ਰੀ ਵਿਚ ਮੀਟਿੰਗ ਕੀਤੀ ਗਈ, ਜਿਸ ਦੌਰਾਨ ਵਿਭਾਗ ਦੇ ਚੱਲ ਰਹੇ ਅਧੂਰੇ ਕੰਮ ਨੂੰ ਛੇਤੀ ਪੂਰਾ ਕਰਨ ਦੇ ਨਿਰਦੇਸ਼ ਵੀ ਦਿੱਤੇ| ਉਨ੍ਹਾਂ ਡੇਰਾ ਬਾਬਾ ਨਾਨਕ ਦੇ ਸਿਵਲ ਹਸਪਤਾਲ ਦੀ ਐਮਰਜੈਂਸੀ ਲਈ ਢਾਈ ਕਰੋੜ ਵੀ ਮਨਜ਼ੂੁਰ ਕੀਤੇ| ਇਸ ਮੌਕੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਅਸ਼ਫਾਕ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ|