ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 23 ਨਵੰਬਰ
ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ’ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸ਼ਾਮ ਉਨ੍ਹਾਂ ਦੇ ਘਰ ਜਾ ਕੇ ਪਤੀ ਕਿਰਪਾਲ ਬਾਵਾ ਤੇ ਧੀ ਗਲੋਰੀ ਬਾਵਾ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਗੁਰਮੀਤ ਬਾਵਾ ਬੁਲੰਦ ਆਵਾਜ਼ ਦੀ ਮਾਲਕ ਸੀ, ਜਿਸ ਨੇ ਆਪਣੀ ਸਾਫ-ਸੁਥਰੀ ਤੇ ਅਰਥ ਭਰਪੂਰ ਗਾਇਕੀ ਨਾਲ ਅੱਧੀ ਸਦੀ ਤੋਂ ਵੱਧ ਪੰਜਾਬੀ ਲੋਕ ਸੰਗੀਤ ਦੀ ਸੇਵਾ ਕੀਤੀ। ਉਨ੍ਹਾਂ ਦੇ ਤੁਰ ਜਾਣ ਨਾਲ ਪੰਜਾਬੀ ਲੋਕ ਗਾਇਕੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਉਨ੍ਹਾਂ ਡੇਰਾ ਬਾਬਾ ਨਾਨਕ ਵਿੱਚ ਗੁਰਮੀਤ ਬਾਵਾ ਦੀ ਯਾਦਗਾਰ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਉਹ ਇਸ ਹਲਕੇ ਦੀ ਨੂੰਹ ਸੀ।