ਦਵਿੰਦਰ ਪਾਲ
ਚੰਡੀਗੜ੍ਹ, 16 ਅਕਤੂਬਰ
ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ੁੱਕਰਵਾਰ ਦੇਰ ਰਾਤ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲੱਗਦੇ ਪੰਜਾਬ ਪੁਲੀਸ ਦੇ ਅੰਮ੍ਰਿਤਸਰ (ਦਿਹਾਤੀ), ਬਟਾਲਾ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਨਾਕਿਆਂ ਦੀ ਅਚਨਚੇਤੀ ਚੈਕਿੰਗ ਕੀਤੀ। ਉਨ੍ਹਾਂ ਕੌਮਾਂਤਰੀ ਸਰਹੱਦ ਨਾਲ ਲੱਗਦੇ ਅਜਨਾਲਾ, ਡੇਰਾ ਬਾਬਾ ਨਾਨਕ, ਕਲਾਨੌਰ ਆਦਿ ਖੇਤਰਾਂ ’ਚ ਪੁਲੀਸ ਦੇ ਨਾਕਿਆਂ ਦੀ ਸਥਿਤੀ ਦਾ ਜ਼ਮੀਨੀ ਪੱਧਰ ਉਤੇ ਜਾਇਜ਼ਾ ਲਿਆ। ਉਨ੍ਹਾਂ ਪੰਜਾਬ ਪੁਲੀਸ ਨੂੰ ਚੌਕਸ ਰਹਿਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਸੁਰੱਖਿਆ, ਅਮਨ-ਕਾਨੂੰਨ ਦੇ ਮਾਮਲੇ ਵਿੱਚ ਢਿੱਲ ਸਹਿਣ ਨਹੀਂ ਕੀਤੀ ਜਾਵੇਗੀ। ਇਸ ਮਾਮਲੇ ਵਿੱਚ ਕੋਤਾਹੀ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਚੈਕਿੰਗ ਦੌਰਾਨ ਪੂਰੀ ਮੁਸਤੈਦੀ ਨਾਲ ਡਿਊਟੀ ਕਰ ਰਹੇ ਪੁਲੀਸ ਕਰਮੀਆਂ ਦੀ ਗ੍ਰਹਿ ਮੰਤਰੀ ਨੇ ਪਿੱਠ ਥਾਪੜਦਿਆਂ ਕਿਹਾ ਕਿ ਉਹ ਜਗਦੇਵ ਖ਼ੁਰਦ, ਗਾਗੋ ਮਹਿਲ, ਦਰਿਆ ਮੂਸਾ, ਸਿੰਘਪੁਰਾ, ਘੋਨੇਵਾਲਾ ਪੁੱਲ ਵਿਖੇ ਨਾਕਿਆਂ ਉਤੇ ਪੁਲੀਸ ਵੱਲੋਂ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਏ ਜਾਣ ਤੋਂ ਪੂਰੀ ਤਰ੍ਹਾਂ ਨਾਲ ਸੰਤੁਸ਼ਟ ਹਨ। ਸ੍ਰੀ ਰੰਧਾਵਾ ਨੇ ਆਖਿਆ ਕਿ ਸੂਬੇ ਦੀ ਸੁਰੱਖਿਆ, ਅਮਨ-ਸ਼ਾਂਤੀ ਅਤੇ ਦੇਸ਼ ਦੀ ਅਖੰਡਤਾ ਨੂੰ ਕਾਇਮ ਰੱਖਣ ਲਈ ਪੰਜਾਬ ਪੁਲੀਸ ਪੂਰੀ ਤਰ੍ਹਾਂ ਸਮਰੱਥ ਹੈ। ਸ੍ਰੀ ਰੰਧਾਵਾ ਨੇ ਕਿਹਾ, “ਪੰਜਾਬ ਸਰਕਾਰ ਸੁਰੱਖਿਆ ਬਲਾਂ ਨਾਲ ਖੜ੍ਹੀ ਹੈ ਜਿਨ੍ਹਾਂ ਵੱਲੋਂ ਦਿਨ-ਰਾਤ ਦਿੱਤੇ ਜਾਂਦੇ ਪਹਿਰੇ ਸਦਕਾ ਦੇਸ਼ ਵਾਸੀ ਚੈਨ ਦੀ ਨੀਂਦ ਸੌਂਦੇ ਹਨ।’’ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬੀਐੱਸਐੱਫ ਦਾ ਦਾਇਰਾ 50 ਕਿਲੋਮੀਟਰ ਤੱਕ ਵਧਾਉਣ ਦੇ ਫ਼ੈਸਲੇ ਨਾਲ ਸੂਬਿਆਂ ਦੀ ਪੁਲੀਸ ਨੂੰ ਕਮਜ਼ੋਰ ਸਿੱਧ ਕਰਨ ਦੇ ਮਨਸੂਬੇ ਸਫ਼ਲ ਨਹੀਂ ਹੋਣ ਦਿੱਤੇ ਜਾਣਗੇ। ਉਪ ਮੁੱਖ ਮੰਤਰੀ ਨੇ ਸਰਹੱਦੀ ਖੇਤਰ ਦੇ ਪੁਲੀਸ ਅਧਿਕਾਰੀਆਂ ਅਤੇ ਕਰਮੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਨਸ਼ਿਆਂ ਅਤੇ ਹਥਿਆਰਾਂ ਦੀ ਸਰਹੱਦ ਪਾਰ ਤੋਂ ਤਸਕਰੀ ਬਾਰੇ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾਵੇ ਅਤੇ ਇਸ ਮਾਮਲੇ ਵਿੱਚ ਕੋਈ ਵੀ ਲਾਪਰਵਾਹੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ੍ਰੀ ਰੰਧਾਵਾ ਨੇ ਕਿਹਾ ਕਿ ਪੰਜਾਬ ਨੇ ਔਖੇ ਵੇਲਿਆਂ ਵਿੱਚ ਵਿਰੋਧੀਆਂ ਦੇ ਮਨਸੂਬਿਆਂ ਨੂੰ ਸਫ਼ਲ ਨਹੀਂ ਹੋਣ ਦਿੱਤਾ ਅਤੇ ਹੁਣ ਤਾਂ ਪੰਜਾਬ ਵਿੱਚ ਅਮਨ-ਸ਼ਾਂਤੀ ਦਾ ਮਾਹੌਲ ਹੈ।
ਅਜਨਾਲਾ (ਸੁਖਦੇਵ ਸਿੰਘ): ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਰਹੱਦੀ ਇਲਾਕੇ ਅਜਨਾਲਾ ਅਤੇ ਜਗਦੇਵ ਖੁਰਦ ਵਿੱਚ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਭਾਰਤ-ਪਾਕਿ ਸਰਹੱਦੀ ਖੇਤਰ ਅੰਦਰ ਬੀਐੱਸਐੱਫ ਦਾ ਘੇਰਾ ਵਧਾਉਣ ’ਤੇ ਸਖ਼ਤ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਐਮਰਜੈਂਸੀ ਵਰਗੇ ਹਾਲਾਤ ਪੈਦਾ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਫੈਡਰਲ ਢਾਂਚੇ ਨੂੰ ਖਤਮ ਕਰਨ ਦੀ ਸਾਜ਼ਿਸ਼ ਘੜੀ ਜਾ ਰਹੀ ਹੈ।