ਫਿਰੌਤੀ ਮੰਗਣ ਵਾਲਿਆਂ ਨੇ ਦੁਕਾਨਦਾਰ ਉੱਤੇ ਚਲਾਈਆਂ ਗੋਲੀਆਂ
ਨਵੇਂ SHO ਦੇ ਅਹੁਦਾ ਸੰਭਾਲਣ ਤੋਂ ਕੁੱਝ ਘੰਟਿਆ ਬਾਅਦ ਵਾਪਰੀ ਘਟਨਾ
ਕਸਬਾ ਫਤਿਆਬਾਦ ਵਿੱਚ ਇੱਕ ਦੁਕਾਨਦਾਰ 'ਤੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਉਣ ਦੀ ਖਬਰ ਸਾਹਮਣੇ ਆਈ ਹੈ। ਦਿਨ-ਦਿਹਾੜੇ ਹੋਈ ਗੋਲੀਬਾਰੀ ਦੀ ਇਸ ਘਟਨਾ ਕਾਰਨ ਪੂਰੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਕਾਰੋਬਾਰੀ ਦੀ ਦੁਕਾਨ 'ਤੇ ਗੋਲੀਆਂ ਚਲਾਉਣ ਦੀ ਸਾਰੀ ਵਾਰਦਾਤ ਉੱਥੇ ਲੱਗੇ ਸੀ ਸੀ ਟੀ ਵੀ ਵਿੱਚ ਕੈਦ ਹੋ ਗਈ ਹੈ। ਪੀੜਤ ਕਾਰੋਬਾਰੀ ਮਨਿੰਦਰ ਸਿੰਘ ਸ਼ੈਰੀ ਨੇ ਦੱਸਿਆ ਕਿ ਇਹ ਹਮਲਾ ਫਿਰੌਤੀ ਦੀ ਮੰਗ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਅਜਿਹੀ ਘਟਨਾ ਪਹਿਲੀ ਵਾਰ ਨਹੀਂ ਹੋਈ ਬਲਕਿ ਚਾਰ ਮਹੀਨੇ ਪਹਿਲਾਂ ਵੀ ਉਨ੍ਹਾਂ ਦੇ ਘਰ 'ਤੇ ਫਾਇਰਿੰਗ ਕੀਤੀ ਗਈ ਸੀ। ਸ਼ੈਰੀ ਨੇ ਪੁਲੀਸ ਪ੍ਰਸ਼ਾਸਨ 'ਤੇ ਗੰਭੀਰ ਸਵਾਲ ਚੁੱਕਦਿਆਂ ਕਿਹਾ ਕਿ ਪਿਛਲੀ ਵਾਰਦਾਤ ਬਾਰੇ ਸ਼ਿਕਾਇਤ ਕਰਨ ਦੇ ਬਾਵਜੂਦ ਪੁਲੀਸ ਨੇ ਕੋਈ ਠੋਸ ਕਾਰਵਾਈ ਨਹੀਂ ਕੀਤੀ ਹੈ।
ਪੀੜਤ ਨੇ ਦੱਸਿਆ ਕਿ ਉਸ 'ਤੇ ਹੋਇਆ ਇਹ ਅੱਜ ਦਾ ਦੂਜਾ ਹਮਲਾ ਹੈ। ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਉਸ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਅੰਨ੍ਹੇਵਾਹ ਗੋਲੀਆਂ ਚਲਾਈਆਂ। ਵਾਰਦਾਤ ਦੀ ਖ਼ਬਰ ਮਿਲਦੇ ਹੀ ਸਬ-ਡਵੀਜ਼ਨ ਗੋਇੰਦਵਾਲ ਸਾਹਿਬ ਦੇ ਡੀ ਐੱਸ ਪੀ ਹਰਿੰਦਰ ਸਿੰਘ ਅਤੇ ਨਵ-ਨਿਯੁਕਤ ਐੱਸ ਐੱਚ ਓ ਬਲਜਿੰਦਰ ਕੌਰ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲੈਂਦਿਆਂ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਸਥਾਨਕ ਪੁਲੀਸ ਨੇ ਇਸ ਵਾਰਦਾਤ ਸਬੰਧੀ ਮਾਮਲਾ ਦਰਜ ਕਰ ਲਿਆ ਹੈ। ਦੂਜੇ ਪਾਸੇ, ਇਸ ਘਟਨਾ ਕਾਰਨ ਇਲਾਕੇ ਦੇ ਦੁਕਾਨਦਾਰਾਂ ਵਿੱਚ ਡਰ ਦਾ ਮਾਹੌਲ ਹੈ। ਇਸ ਮੌਕੇ ਦੁਕਾਨਦਾਰਾਂ ਨੇ ਜ਼ਿਲ੍ਹਾ ਪੁਲੀਸ ਮੁਖੀ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਫਿਰੌਤੀ ਮੰਗਣ ਵਾਲੇ ਅਤੇ ਗੋਲੀਆਂ ਚਲਾਉਣ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਅਪੀਲ ਵੀ ਕੀਤੀ ਹੈ।

