ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 19 ਫਰਵਰੀ
ਤਿਲੰਗਾਨਾ ਦੇ ਹੈਦਰਾਬਾਦ ਵਿੱਚ ਨਾਬਾਲਗ ਸਿੱਖ ਲੜਕੀ ਨਾਲ ਸਮੂਹਿਕ ਜਬਰ-ਜਨਾਹ ਕਰਨ ਤੋਂ ਬਾਅਦ ਉਸ ਨੂੰ ਕਤਲ ਕੀਤੇ ਜਾਣ ਦੇ ਮਾਮਲੇ ਸਬੰਧੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਇਕ ਵਫ਼ਦ ਤਿਲੰਗਾਨਾ ਭੇਜਿਆ ਹੈ। ਇਸ ਵਫ਼ਦ ਵਿੱਚ ਸਿੱਖ ਮਿਸ਼ਨ ਛੱਤੀਸਗੜ੍ਹ ਦੇ ਇੰਚਾਰਜ ਗੁਰਮੀਤ ਸਿੰਘ ਸੈਣੀ, ਸਿੱਖ ਮਿਸ਼ਨ ਆਂਧਰਾ ਪ੍ਰਦੇਸ਼ ਦੇ ਇੰਚਾਰਜ ਦਿਲਸ਼ਾਹ ਸਿੰਘ ਅਤੇ ਪ੍ਰਚਾਰਕ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪਿਛਲੇ ਕੁਝ ਸਮੇਂ ਤੋਂ ਸਿੱਖ ਲੜਕੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਪਰ ਸਰਕਾਰਾਂ ਮੁਲਜ਼ਮਾਂ ਨੂੰ ਮਿਸਾਲੀ ਸਜ਼ਾਵਾਂ ਦਿਵਾਉਣ ਵਿਚ ਅਸਫ਼ਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੁਲੀਸ ਇਨਸਾਫ਼ ਦੇਣ ਦੀ ਬਜਾਏ ਪੀੜਤ ਪਰਿਵਾਰ ’ਤੇ ਕਥਿਤ ਦਬਾਅ ਬਣਾ ਰਹੀ ਹੈ। ਸ਼੍ਰੋਮਣੀ ਕਮੇਟੀ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੁਲਜ਼ਮ ਕਿਸੇ ਵੀ ਹਾਲਤ ਵਿਚ ਬਖ਼ਸ਼ੇ ਨਹੀਂ ਜਾਣੇ ਚਾਹੀਦੇ ਅਤੇ ਉਨ੍ਹਾਂ ਦੀ ਪਛਾਣ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਵਫ਼ਦ ਪੀੜਤ ਪਰਿਵਾਰ ਨਾਲ ਮਿਲ ਕੇ ਜੋ ਵੀ ਰਿਪੋਰਟ ਦੇਵੇਗਾ, ਉਸ ਅਨੁਸਾਰ ਮੁਲਜ਼ਮਾਂ ਨੂੰ ਸਜ਼ਾ ਦਿਵਾਉਣ ਲਈ ਸ਼੍ਰੋਮਣੀ ਕਮੇਟੀ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਹੈਦਰਾਬਾਦ ਵਿੱਚ ਪਿਛਲੇ ਦਿਨੀਂ ਇੱਕ ਸਿੱਖ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ-ਜਨਾਹ ਕਰਕੇ ਉਸ ਨੂੰ ਚੌਥੀ ਮੰਜ਼ਿਲ ਤੋਂ ਸੁੱਟ ਕੇ ਕਤਲ ਕਰ ਦਿੱਤਾ ਗਿਆ ਸੀ।
ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਕਿਹਾ ਕਿ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵਰਤੀ ਜਾ ਰਹੀ ਢਿੱਲ ਕਾਰਨ ਸਿੱਖ ਭਾਈਚਾਰੇ ਵਿਚ ਰੋਸ ਹੈ।