ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਜੂਨ
ਦਲਿਤਾਂ ਬਾਰੇ ਇਤਰਾਜ਼ਯੋਗ ਬਿਆਨ ਦੇਣ ਦੇ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਤਲਬ ਕੀਤੇ ਜਾਣ ’ਤੇ ਅੱਜ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਕਮਿਸ਼ਨ ਅੱਗੇ ਪੇਸ਼ ਹੋਏ ਅਤੇ ਉਨ੍ਹਾਂ ਨੇ ਬੀਤੇ ਦਿਨੀਂ ਦਿੱਤੇ ਬਿਆਨ ਬਾਰੇ ਆਪਣਾ ਪੱਖ ਰੱਖਿਆ। ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ ਨੇ ਦੱਸਿਆ ਕਿ ਪੇਸ਼ੀ ਦੌਰਾਨ ਰਵਨੀਤ ਸਿੰਘ ਬਿੱਟੂ ਵੱਲੋਂ ਆਪਣਾ ਪੱਖ ਰੱਖਦਿਆਂ ਕਿਹਾ ਗਿਆ ਕਿ ਉਨ੍ਹਾਂ ਦਾ ਕਦੀ ਵੀ ਇਸ ਤਰ੍ਹਾਂ ਦਾ ਮਕਸਦ ਨਹੀਂ ਸੀ ਕਿ ਉਹ ਦਲਿਤ ਸਮਾਜ ਪ੍ਰਤੀ ਕੋਈ ਗ਼ਲਤ ਭਾਵਨਾ ਵਾਲਾ ਬਿਆਨ ਦੇਣ ਅਤੇ ਜੇਕਰ ਉਨ੍ਹਾਂ ਦੇ ਬਿਆਨ ਨਾਲ ਕਿਸੇ ਦੇ ਮਨ ਨੂੰ ਠੇਸ ਪਹੁੰਚੀ ਹੈ ਤਾਂ ਉਹ ਬਿਨਾਂ ਸ਼ਰਤ ਮੁਆਫ਼ੀ ਮੰਗਦੇ ਹਨ। ਕਮਿਸ਼ਨ ਨੇ ਉਨ੍ਹਾਂ ਨੂੰ 2 ਦਿਨਾਂ ਵਿੱਚ ਆਪਣਾ ਪੱਖ ਲਿਖਤੀ ਤੌਰ ’ਤੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।