ਪੱਤਰ ਪ੍ਰੇਰਕ
ਚੰਡੀਗੜ੍ਹ, 7 ਜੁਲਾਈ
ਪਨਬੱਸ/ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀ ਜਥੇਬੰਦੀ ਵੱਲੋਂ ਆਪਣੀਆਂ ਮੰਗਾਂ ਵੱਲ ਸਰਕਾਰ ਦਾ ਧਿਆਨ ਦਿਵਾਉਣ ਦੇ ਉਦੇਸ਼ ਹਿਤ ਸੂਬਾ ਪੱਧਰ ’ਤੇ ਰੋਸ ਰੈਲੀਆਂ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਜੁਆਇੰਟ ਸਕੱਤਰ ਜਗਤਾਰ ਸਿੰਘ ਨੇ ਇਸ ਬਾਰੇ ਕਿਹਾ ਕਿ ਪਨਬੱਸ/ਪੀਆਰਟੀਸੀ ਦੇ ਕੱਚੇ ਮੁਲਾਜ਼ਮ ਆਪਣੀਆਂ ਨੌਕਰੀਆਂ ਰੈਗੂਲਰ ਕਰਾਉਣ ਅਤੇ ਬਰਾਬਰ-ਕੰਮ-ਬਰਾਬਰ ਤਨਖਾਹ ਦੀ ਨੀਤੀ ਲਾਗੂ ਕਰਾਉਣ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਮੰਗਾਂ ਤਾਂ ਪੂਰੀਆਂ ਕੀ ਕਰਨੀਆਂ ਸਨ, ਸਗੋਂ ਸਰਕਾਰ ਵੱਲੋਂ ਤਨਖਾਹਾਂ ਵੀ ਸਮੇਂ ਸਿਰ ਖਾਤਿਆਂ ਵਿੱਚ ਨਹੀਂ ਪਾਈਆਂ ਜਾ ਰਹੀਆਂ। ਉਨ੍ਹਾਂ ਦੋਸ਼ ਲਾਇਆ ਕਿ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੀ ਆਵਾਜ਼ ਨੂੰ ਦਬਾਉਣ ਲਈ ਮੁਲਾਜ਼ਮਾਂ ਖ਼ਿਲਾਫ਼ ਵਿਭਾਗੀ ਕਾਰਵਾਈਆਂ ਕਰਨ ਦੇ ਤਾਨਾਸ਼ਾਹੀ ਫੁਰਮਾਨ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਾਂ ਦਾ ਹੋ ਰਿਹਾ ਸੋਸ਼ਣ ਰੋਕਣ ਲਈ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 9 ਜੁਲਾਈ ਨੂੰ ਲੁਧਿਆਣਾ ਵਿੱਚ ਸੂਬਾਈ ਮੀਟਿੰਗ ਕਰਕੇ ਰਿਪੋਰਟਾਂ ਕਰਕੇ ਕੱਢੇ ਮੁਲਾਜ਼ਮਾਂ ਨੂੰ ਬਹਾਲ ਕਰਵਾਉਣ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਵੱਲੋਂ ਨਵੀਂ ਭਰਤੀ ਪ੍ਰਾਈਵੇਟ ਕੰਪਨੀ ਰਾਹੀਂ ਕਰਨ ਦੇ ਦਿੱਤੇ ਜਾ ਰਹੇ ਬਿਆਨਾਂ ਦੇ ਸਖ਼ਤ ਵਿਰੋਧ ਸਣੇ ਤਨਖਾਹ ਸਮੇਤ ਰੈਗੂਲਰ ਕਰਨ ਦੀ ਮੰਗ ਸਬੰਧੀ ਸੰਘਰਸ਼ ਦੀ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਸਰਕਾਰ ਤੇ ਮੈਨੇਜਮੈਂਟ ਦੀਆਂ ਧੱਕੇਸ਼ਾਹੀਆਂ ਖ਼ਿਲਾਫ਼ 11 ਜੁਲਾਈ ਨੂੰ ਗੇਟ ਰੈਲੀਆਂ ਕੀਤੀਆਂ ਜਾਣਗੀਆਂ।