ਕੁਲਦੀਪ ਸਿੰਘ
ਚੰਡੀਗੜ੍ਹ, 26 ਨਵੰਬਰ
ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਸਰਕਾਰ ਦੇ ਆਖਰੀ ਦੌਰ ਵਿੱਚ ਚੋਣਾਂ ਨੇੜੇ ਆ ਕੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਵਿਧਾਨ ਸਭਾ ਵਿੱਚ ਪਾਸ ਕੀਤੇ ਬਿੱਲ ਬਾਰੇ ਨੋਟੀਫਿਕੇਸ਼ਨ ਜਾਰੀ ਨਾ ਹੋਣ ਕਾਰਨ ਕੱਚੇ ਮੁਲਾਜ਼ਮਾਂ ਨੇ ਇਸ ਕਾਰਵਾਈ ਨੂੰ ‘ਗੋਂਗਲੂਆਂ ਤੋਂ ਮਿੱਟੀ ਝਾੜਨ’ ਦੇ ਬਰਾਬਰ ਗਰਦਾਨਿਆ ਹੈ।
ਅੱਜ ਆਪਣੇ ਸੰਘਰਸ਼ ਨੂੰ ਨਵਾਂ ਰੂਪ ਦੇਣ ਦੇ ਮਕਸਦ ਨਾਲ ਕੱਚੇ ਮੁਲਾਜ਼ਮ ਗੋਂਗਲੂਆਂ ਦਾ ਟੋਕਰਾ ਲੈ ਕੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦਫ਼ਤਰ ਪਹੁੰਚੇ ਜਿੱਥੇ ਉਨ੍ਹਾਂ ਨੇ ਮੁੱਖ ਮੰਤਰੀ ਦੇ ਓਐੱਸਡੀ ਅਵਤਾਰ ਸਿੰਘ ਸਿੱਧੂ ਨੂੰ ਮੰਗ ਪੱਤਰ ਸੌਂਪਿਆ। ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਆਗੂ ਅਸ਼ੀਸ਼ ਜੁਲਾਹਾ, ਪ੍ਰਵੀਨ ਸ਼ਰਮਾ ਅਤੇ ਦੇਵਿੰਦਰਜੀਤ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਬਿੱਲ ਪਾਸ ਕਰਕੇ ਪੂਰੇ ਪੰਜਾਬ ਵਿੱਚ ਢੰਡੋਰਾ ਪਿੱਟ ਦਿੱਤਾ ਹੈ ਅਤੇ ਪੰਜਾਬ ਦੇ ਸਾਰੇ ਕੋਨਿਆਂ ਵਿੱਚ 36 ਹਜ਼ਾਰ ਕੱਚੇ ਮੁਲਾਜ਼ਮ ਪੱਕੇ ਕਰਨ ਦੇ ਹੋਰਡਿੰਗ ਵੀ ਲਗਾ ਦਿੱਤੇ ਹਨ ਪਰ ਨਾ ਤਾਂ ਇਸ ਐਲਾਨ ਨੂੰ ਹਕੀਕਤ ਵਿੱਚ ਲਾਗੂ ਕੀਤਾ ਗਿਆ ਹੈ ਅਤੇ ਨਾ ਹੀ ਇਸ ਬਿੱਲ ਨੂੰ ਐਕਟ ਦਾ ਰੂਪ ਦਿੱਤਾ ਗਿਆ। ਇਸ ਤੋਂ ਇਲਾਵਾ ਨਾ ਹੀ ਸਰਕਾਰ ਨੇ ਵਿਭਾਗਾਂ ਨੂੰ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਕੋਈ ਹਦਾਇਤਾਂ ਜਾਰੀ ਕੀਤੀਆਂ ਹਨ। ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਆਪਣੇ ਐਲਾਨਾਂ ਅਤੇ ਪਾਸ ਕੀਤੇ ਬਿੱਲ ਮੁਤਾਬਕ ਕੱਚੇ ਕਾਮਿਆਂ ਨੂੰ ਪੱਕੇ ਕਰਨ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਕਰੇ ਅਤੇ ਅਜਿਹਾ ਨਾ ਕਰਨ ’ਤੇ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਮੁਲਾਜ਼ਮਾਂ ਨੇ ਮੁੱਖ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾਈਆਂ
ਖਰੜ (ਸ਼ਸ਼ੀ ਪਾਲ ਜੈਨ): ਪੰਜਾਬ ਸਟੇਟ ਏਡਜ਼ ਕੰਟਰੋਲ ਐਂਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਨੇ ਅੱਜ ਇੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਫੇਰੀ ਦੌਰਾਨ ਮੁੱਖ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਜ਼ਾਹਿਰ ਕੀਤਾ। ਮੁੱਖ ਮੰਤਰੀ ਅੱਜ ਖਰੜ ਵਿੱਚ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਲਈ ਪਹੁੰਚੇ ਸਨ। ਇਸ ਦੌਰਾਨ ਹਸਪਤਾਲ ਰੋਡ ’ਤੇ ਏਡਜ਼ ਕੰਟਰੋਲ ਸੁਸਾਇਟੀ ਦੇ ਮੁਲਾਜ਼ਮਾਂ ਨੇ ਕਾਲੀਆਂ ਝੰਡੀਆਂ ਦਿਖਾਉਂਦਿਆਂ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਤਾਇਨਾਤ ਪੁਲੀਸ ਮੁਲਾਜ਼ਮਾਂ ਨੇ ਮੁਲਾਜ਼ਮਾਂ ਨੂੰ ਉੱਥੋਂ ਹਟਾਉਣ ਦੀ ਕੋਸ਼ਿਸ਼ ਕੀਤੀ, ਪਰ ਜਦੋਂ ਮੁਲਾਜ਼ਮ ਨਾ ਮੰਨੇ ਤਾਂ ਪੁਲੀਸ ਨੇ ਲਾਠੀਚਾਰਜ ਕਰ ਦਿੱਤਾ। ਇਸ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਮਹਿੰਦਰਪਾਲ ਸਿੰਘ ਨੇ ਦੱਸਿਆ ਕਿ ਇਹ ਉਹ ਮੁਲਾਜ਼ਮ ਹਨ, ਜਿਨ੍ਹਾਂ ਨੇ ਕਰੋਨਾ ਮਹਾਮਾਰੀ ਦੌਰਾਨ ਆਪਣੀਆਂ ਜਾਨਾਂ ਦੀ ਪਰਵਾਹ ਨਾ ਕਰਦੇ ਹੋਏ ਹਰ ਡਿਊਟੀ ਨਿਭਾਈ ਪਰ ਅੱਜ ਹਾਲਾਤ ਇਹ ਹਨ ਕਿ ਸਰਕਾਰ ਇਨ੍ਹਾਂ ਮੁਲਾਜ਼ਮਾਂ ਨੂੰ ਹੀ ਆਪਣੇ ਹੱਕ ਮੰਗਣ ’ਤੇ ਡਾਂਗਾਂ ਮਰਵਾ ਰਹੀ ਹੈ।