ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 22 ਨਵੰਬਰ
ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਵੱਲੋਂ ਮੰਗਾਂ ਸਬੰਧੀ ਅੱਜ ਸਿੱਖਿਆ ਭਵਨ ਦੇ ਬਾਹਰ ਰੋਸ ਮੁਜ਼ਾਹਰਾ ਕਰ ਕੇ ਹੁਕਮਰਾਨਾਂ ਅਤੇ ਸਿੱਖਿਆ ਅਧਿਕਾਰੀਆਂ ਦਾ ਪਿੱਟ ਸਿਆਪਾ ਕੀਤਾ ਗਿਆ। ਇਨਸਾਫ਼ ਪ੍ਰਾਪਤੀ ਅਤੇ ਸਰਕਾਰ ’ਤੇ ਦਬਾਅ ਪਾਉਣ ਲਈ ਕੱਚੇ ਅਧਿਆਪਕ ਸੋਮਵਾਰ ਨੂੰ ਤਿੰਨ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਆਪਣੇ ਪਰਿਵਾਰਾਂ ਸਣੇ ਮੁਹਾਲੀ ਪਹੁੰਚੇ ਅਤੇ ਸਿੱਖਿਆ ਸਕੱਤਰ ਤੇ ਡੀਪੀਆਈ ਦਫ਼ਤਰ ਦੇ ਮੁੱਖ ਗੇਟ ਬੰਦ ਕਰ ਕੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਸਿੱਖਿਆ ਭਵਨ ਦੇ ਬਾਹਰ ਪਹਿਲਾਂ ਤੋਂ ਚੱਲ ਰਿਹਾ ਸ਼ਾਂਤਮਈ ਲੜੀਵਾਰ ਧਰਨਾ ਅੱਜ 160ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਸੂਬਾ ਕਮੇਟੀ ਦੀ ਆਗੂ ਹਰਪ੍ਰੀਤ ਕੌਰ ਸੰਗਰੂਰ ਦੀ ਅਗਵਾਈ ਹੇਠ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਕੱਚੇ ਅਧਿਆਪਕਾਂ ਨਿਸ਼ਾਨ ਕਪੂਰਥਲਾ, ਮਨਿੰਦਰ ਰਾਣਾ, ਅਸ਼ੋਕ ਫਿਰੋਜ਼ਪਰ, ਸ਼ੇਰੂ ਅੰਮ੍ਰਿਤਸਰ ਸਮੇਤ ਕਰੀਬ ਦਰਜਨ ਪ੍ਰਦਰਸ਼ਨਕਾਰੀਆਂ ਨੂੰ ਯੂਟੀ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਕੋਈ ਵੀ ਸਿੱਖਿਆ ਅਧਿਕਾਰੀ ਜਾਂ ਦਫ਼ਤਰੀ ਸਟਾਫ਼ ਅੰਦਰ ਨਹੀਂ ਜਾ ਸਕਿਆ ਅਤੇ ਜਿਹੜੇ ਧਰਨਾ 9 ਵਜੇ ਸ਼ੁਰੂ ਹੋਣ ਤੋਂ ਪਹਿਲਾਂ ਦਫ਼ਤਰ ਪਹੁੰਚ ਗਏ ਸਨ, ਉਨ੍ਹਾਂ ਨੂੰ ਕੰਧ ਟੱਪ ਕੇ ਬਾਹਰ ਆਉਣਾ ਪਿਆ।
ਕੱਚੇ ਅਧਿਆਪਕ ਯੂਨੀਅਨ ਦੇ ਸੂਬਾ ਕਨਵੀਨਰ ਅਜਮੇਰ ਸਿੰਘ ਔਲਖ, ਦਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਪੰਨੂ ਅਤੇ ਮੀਡੀਆ ਕੋਆਰਡੀਨੇਟਰ ਜੁਝਾਰ ਸਿੰਘ ਸੰਗਰੂਰ ਅਤੇ ਸਤਿੰਦਰ ਸਿੰਘ ਨੇ ਦੱਸਿਆ ਕਿ ਸੂਬੇ ਭਰ ਦੇ ਸਾਰੇ ਕੱਚੇ ਅਧਿਆਪਕ ਸਮੂਹਿਕ ਛੁੱਟੀ ਲੈ ਕੇ ਸਕੂਲਾਂ ਦਾ ਮੁਕੰਮਲ ਬਾਈਕਾਟ ਜਾਰੀ ਰੱਖਣਗੇ ਅਤੇ ਮੰਗਲਵਾਰ ਅਤੇ ਬੁੱਧਵਾਰ ਨੂੰ ਵੀ ਧਰਨਾ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਲੋੜ ਪੈਣਗੇ ਕੱਚੇ ਅਧਿਆਪਕਾਂ ਵੱਲੋਂ ਗੁਪਤ ਐਕਸ਼ਨ ਕੀਤੇ ਜਾਣਗੇ।
ਕੱਚੇ ਅਧਿਆਪਕਾਂ ਨੇ ਕਿਸਾਨ ਅਤੇ ਭਰਾਤਰੀ ਜਥੇਬੰਦੀਆਂ ਨੂੰ ਸੰਘਰਸ਼ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕੱਚੇ ਅਧਿਆਪਕਾਂ ਦੀ ਗਿਣਤੀ 13,000 ਹੈ ਅਤੇ ਉਹ ਪਿਛਲੇ ਕਰੀਬ ਡੇਢ ਦਹਾਕੇ ਤੋਂ ਮਹਿਜ਼ 5-5 ਹਜ਼ਾਰ ਰੁਪਏ ਨਿਗੂਣੀ ਤਨਖ਼ਾਹ ’ਤੇ ਕੰਮ ਕਰ ਰਹੇ ਹਨ।
ਪੰਜਾਬ ਭਵਨ ਅੱਗੇ ਮੁਜ਼ਾਹਰਾ ਕਰਦੇ ਕੱਚੇ ਅਧਿਆਪਕ ਗ੍ਰਿਫ਼ਤਾਰ
ਚੰਡੀਗੜ੍ਹ (ਕੁਲਦੀਪ ਸਿੰਘ): ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਪੇਂਡੂ ਸਿੱਖਿਆ ਵਿਕਾਸ ਕਮੇਟੀਆਂ (ਪਸਵਕ) ਅਤੇ ਸ਼ਹਿਰੀ ਸਿੱਖਿਆ ਵਿਕਾਸ ਕਮੇਟੀਆਂ ਰਾਹੀਂ ਭਰਤੀ ਕੀਤੇ ਗਏ ਕੱਚੇ ਅਧਿਆਪਕਾਂ ਵੱਲੋਂ ਅੱਜ ਇੱਥੇ ਚੰਡੀਗੜ੍ਹ ਸਥਿਤ ਪੰਜਾਬ ਭਵਨ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਗਿਆ। ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣ ਦੀ ਕੋਸ਼ਿਸ਼ ਕੀਤੀ। ਕੱਚੇ ਅਧਿਆਪਕ ਯੂਨੀਅਨ ਪੰਜਾਬ ਦੇ ਆਗੂਆਂ ਹਰਪ੍ਰੀਤ ਕੌਰ ਅਤੇ ਨਿਸ਼ਾਂਤ ਕਪੂਰਥਲਾ ਦੀ ਅਗਵਾਈ ਹੇਠ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੂੰ ਚੰਡੀਗੜ੍ਹ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਤੇ ਕੁਝ ਘੰਟੇ ਹਿਰਾਸਤ ਵਿੱਚ ਰੱਖਣ ਉਪਰੰਤ ਛੱਡ ਦਿੱਤਾ ਗਿਆ। ਮੁਜ਼ਾਹਰਾਕਾਰੀ ਕੱਚੇ ਅਧਿਆਪਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 21 ਨਵੰਬਰ ਨੂੰ 8393 ਪ੍ਰੀ-ਨਰਸਰੀ ਅਧਿਆਪਕਾਂ ਦੀ ਅਸਾਮੀਆਂ ਲਈ ਪੇਪਰ ਲਿਆ ਜਾਣਾ ਸੀ ਜੋ 28 ਨਵੰਬਰ ਤੱਕ ਅੱਗੇ ਪਾ ਦਿੱਤਾ ਗਿਆ ਸੀ। ਇਸੇ ਦੌਰਾਨ ਕੁਝ ਅਧਿਆਪਕਾਂ ਵੱਲੋਂ ਹਾਈ ਕੋਰਟ ਵਿੱਚ ਦਾਇਰ ਕੀਤੇ ਗਏ ਕੇਸ ਵਿੱਚ ਸੁਣਵਾਈ ਕਰਦਿਆਂ ਹਾਈ ਕੋਰਟ ਨੇ 29 ਨਵੰਬਰ ਤੱਕ ਉਸ ਪ੍ਰੀਖਿਆ ਉੱਤੇ ਸਟੇਅ ਲਾ ਦਿੱਤੀ ਜਿਸ ਕਾਰਨ ਇਨ੍ਹਾਂ ਅਧਿਆਪਕਾਂ ਦੀ ਕਿਸਮਤ ਅਜਮਾਇਸ਼ੀ ਵਿਚਾਲੇ ਰੁਕ ਗਈ ਹੈ ਅਤੇ ਉਪਰੋਂ ਸਰਕਾਰ ਦਾ ਕਾਰਜਕਾਲ ਵੀ ਸਮਾਪਤ ਹੋਣ ਕਿਨਾਰੇ ਹੈ। ਉਨ੍ਹਾਂ ਮੰਗ ਕੀਤੀ ਕਿ ਪਸਵਕ ਅਤੇ ਸ਼ਹਿਰੀ ਸਿੱਖਿਆ ਵਿਕਾਸ ਕਮੇਟੀਆਂ ਰਾਹੀਂ ਵੱਖ-ਵੱਖ ਸ਼੍ਰੇਣੀਆਂ ਸਿੱਖਿਆ ਪ੍ਰੋਵਾਈਡਰ, ਈਜੀਐੱਸ ਵਾਲੰਟੀਅਰ, ਐੱਸਵੀਆਰ ਵਾਲੰਟੀਅਰ, ਏਆਈਈ ਵਾਲੰਟੀਅਰ, ਆਈਈਵੀ ਵਾਲੰਟੀਅਰ ਆਦਿ ਭਰਤੀ ਕੀਤੇ ਗਏ ਇਨ੍ਹਾਂ ਕੱਚੇ ਅਧਿਆਪਕਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕੀਤਾ ਜਾਵੇ ਜਾਂ ਫਿਰ ਉਨ੍ਹਾਂ ਨੂੰ ਪੱਕੇ ਕੀਤਾ ਜਾਵੇ।