ਪੱਤਰ ਪ੍ਰੇਰਕ
ਚੰਡੀਗੜ੍ਹ, 29 ਦਸੰਬਰ
ਸਿੱਖਿਆ ਵਿਭਾਗ ਦੇ ਕੱਚੇ ਦਫ਼ਤਰੀ ਮੁਲਾਜ਼ਮ ਨਵੇਂ ਸਾਲ ਮੌਕੇ 1 ਜਨਵਰੀ ਨੂੰ ਚੋਣ ਮੈਨੀਫੈਸਟੋ ਵਿੱਚ ਕੀਤੇ ਵਾਅਦਿਆਂ ਨਾਲ ਭਰੇ ਭਾਂਡੇ ਕੈਬਨਿਟ ਮੰਤਰੀਆਂ ਨੂੰ ਮੋੜਨ ਲਈ ਜਾਣਗੇ। ਘਰਾਂ ਵਿੱਚ ਵਰਤੇ ਜਾਣ ਵਾਲੇ ਭਾਂਡੇ ਕੁੱਕਰ, ਪਰਾਤ, ਜੱਗ, ਗੜਵੀ, ਥਾਲ਼ੀ ਆਦਿ ਮਨਪ੍ਰੀਤ ਬਾਦਲ, ਬ੍ਰਹਮ ਮਹਿੰਦਰਾ, ਸ਼ਾਮ ਸੁੰਦਰ ਅਰੋੜਾ ਅਤੇ ਤ੍ਰਿਪਤ ਰਜਿੰਦਰ ਬਾਜਵਾ ਨੂੰ ਮੋੜੇ ਜਾਣਗੇ। ਪ੍ਰੈੱਸ ਬਿਆਨ ਜਾਰੀ ਕਰਦਿਆਂ ਮੁਲਾਜ਼ਮ ਆਗੂਆਂ ਵਿਕਾਸ ਕੁਮਾਰ, ਆਸ਼ੀਸ਼ ਜੁਲਾਹਾ, ਪ੍ਰਵੀਨ ਸ਼ਰਮਾ, ਰਜਿੰਦਰ ਸਿੰਘ ਸੰਧਾ ਅਤੇ ਗੁਰਪ੍ਰੀਤ ਸਿੰਘ ਆਦਿ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਕੱਚੇ ਅਧਿਆਪਕਾਂ ਨੂੰ ਤਾਂ ਪੱਕਾ ਕੀਤਾ ਜਾ ਚੁੱਕਾ ਹੈ ਪਰ ਹਰ ਵਾਰ ਦਫ਼ਤਰੀ ਕੱਚੇ ਮੁਲਾਜ਼ਮਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੇਂ ਸਾਲ ਦੇ ਪਹਿਲੇ ਦਿਨ ਹੀ ਕੱਚੇ ਮੁਲਾਜ਼ਮਾਂ ਨੇ ਸੰਘਰਸ਼ ਵਿੱਚ ਕੁੱਦਣ ਦਾ ਐਲਾਨ ਕਰ ਦਿੱਤਾ ਹੈ ਜਿਸ ਦੌਰਾਨ ਲਾਰਿਆਂ ਨਾਲ ਭਰੇ ਭਾਂਡੇ ਕੈਬਨਿਟ ਮੰਤਰੀਆਂ ਦੇ ਘਰ ਰੱਖਣ ਲਈ ਜਾਣਗੇ।