ਚਰਨਜੀਤ ਭੁੱਲਰ
ਚੰਡੀਗੜ੍ਹ, 4 ਫਰਵਰੀ
ਕਾਂਗਰਸ ਪਾਰਟੀ ਦੇ ਬਾਗ਼ੀ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਕਰਕੇ ਉਨ੍ਹਾਂ ਖ਼ਿਲਾਫ਼ ਹੁਣ ਕਾਰਵਾਈ ਹੋਣੀ ਤੈਅ ਹੈ। ਕਾਂਗਰਸ ਇਨ੍ਹਾਂ ਬਾਗ਼ੀ ਉਮੀਦਵਾਰਾਂ ਨੂੰ ਰਜ਼ਾਮੰਦ ਨਹੀਂ ਕਰ ਸਕੀ ਹੈ। ਸਿਰਫ਼ ਦੋ ਉਮੀਦਵਾਰਾਂ ਨੂੰ ਕਾਗ਼ਜ਼ ਵਾਪਸ ਲੈਣ ਲਈ ਮਨਾ ਸਕੀ ਹੈ। ਸੁਨਾਮ ਤੋਂ ਆਜ਼ਾਦ ਉਮੀਦਵਾਰ ਦੇ ਤੌਰ ’ਤੇ ਮੈਦਾਨ ਵਿਚ ਕੁੱਦੀ ਦਮਨ ਥਿੰਦ ਬਾਜਵਾ ਨੇ ਅੱਜ ਆਪਣੇ ਕਾਗ਼ਜ਼ ਵਾਪਸ ਲੈ ਲਏ ਹਨ ਅਤੇ ਇਸੇ ਤਰ੍ਹਾਂ ਲੁਧਿਆਣਾ ਵਿੱਚ ਆਜ਼ਾਦ ਉਮੀਦਵਾਰ ਵਜੋਂ ਮੈਦਾਨ ਵਿੱਚ ਨਿੱਤਰੇ ਕੇਕੇ ਬਾਵਾ ਨੇ ਵੀ ਕਾਗ਼ਜ਼ ਵਾਪਸ ਲਏ ਹਨ।
ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਰਾ ਡਾ. ਮਨੋਹਰ ਸਿੰਘ ਹਲਕਾ ਬੱਸੀ ਪਠਾਣਾਂ ਤੋਂ ਕਾਂਗਰਸ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਖ਼ਿਲਾਫ਼ ਡਟ ਗਏ ਹਨ। ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਆਖ਼ਰੀ ਦਿਨ ਸੀ, ਪਰ ਡਾ. ਮਨੋਹਰ ਸਿੰਘ ਨੇ ਕਾਗ਼ਜ਼ ਵਾਪਸ ਨਹੀਂ ਲਏ ਹਨ। ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਵੀ ਹਲਕਾ ਸੁਲਤਾਨਪੁਰ ਤੋਂ ਆਜ਼ਾਦ ਉਮੀਦਵਾਰ ਵਜੋਂ ਆਪਣੇ ਕਾਗਜ਼ ਵਾਪਸ ਨਹੀਂ ਲਏ ਹਨ। ਰਾਣਾ ਗੁਰਜੀਤ ਵੀ ਖੁੱਲ੍ਹ ਕੇ ਆਪਣੇ ਲੜਕੇ ਦੀ ਹਮਾਇਤ ਵਿਚ ਚੋਣ ਪ੍ਰਚਾਰ ਕਰ ਰਹੇ ਹਨ। ਕਾਂਗਰਸੀ ਉਮੀਦਵਾਰ ਨਵਤੇਜ ਸਿੰਘ ਚੀਮਾ ਖ਼ਿਲਾਫ਼ ਰਾਣਾ ਪਰਿਵਾਰ ਖੜ੍ਹਾ ਹੈ। ਪਾਰਟੀ ਵੱਲੋਂ ਹਾਲੇ ਤੱਕ ਕਿਸੇ ਖ਼ਿਲਾਫ਼ ਵੀ ਅਨੁਸ਼ਾਸਨੀ ਕਾਰਵਾਈ ਨਹੀਂ ਕੀਤੀ ਗਈ ਹੈ। ਹਲਕਾ ਤਲਵੰਡੀ ਸਾਬੋ ਤੋਂ ਟਿਕਟ ਨਾ ਮਿਲਣ ਮਗਰੋਂ ਸਾਬਕਾ ਮੰਤਰੀ ਹਰਮਿੰਦਰ ਸਿੰਘ ਜੱਸੀ ਵੀ ਚੋਣ ਮੈਦਾਨ ਵਿਚ ਡਟ ਗਏ ਹਨ, ਜਿਨ੍ਹਾਂ ਨੂੰ ਐਤਕੀਂ ਡੇਰਾ ਸਿਰਸਾ ਦੇ ਪੈਰੋਕਾਰਾਂ ਵੱਲੋਂ ਡਟਵੀਂ ਹਮਾਇਤ ਮਿਲ ਰਹੀ ਹੈ। ਹਲਕਾ ਭਦੌੜ ਤੋਂ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੀ ਟਿਕਟ ਕੱਟੇ ਜਾਣ ਮਗਰੋਂ ਉਨ੍ਹਾਂ ਨੇ ਆਪਣੀ ਪਤਨੀ ਨੂੰ ਮੁੱਖ ਮੰਤਰੀ ਚਰਨਜੀਤ ਚੰਨੀ ਖ਼ਿਲਾਫ਼ ਖੜ੍ਹਾਇਆ ਹੈ। ਕਾਂਗਰਸ ਦੇ ਕੁੱਝ ਅਜਿਹੇ ਬਾਗ਼ੀ ਵੀ ਹਨ, ਜੋ ਚੋਣ ਮੈਦਾਨ ਵਿੱਚ ਖੜ੍ਹੇ ਨਹੀਂ ਹੋਏ।
ਅਨੁਸ਼ਾਸਨੀ ਕਾਰਵਾਈ ਹੋਵੇਗੀ: ਚੌਧਰੀ
ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੇ ਕਿਹਾ ਹੈ ਕਿ ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਕੰਮ ਖ਼ਤਮ ਹੋ ਗਿਆ ਹੈ ਤੇ ਹੁਣ ਜੋ ਵੀ ਬਾਗ਼ੀ ਉਮੀਦਵਾਰ ਜਾਂ ਕੋਈ ਹੋਰ ਆਗੂ ਪਾਰਟੀ ਉਮੀਦਵਾਰਾਂ ਦਾ ਵਿਰੋਧ ਕਰੇਗਾ, ਉਸ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਉਮੀਦਵਾਰਾਂ ਦਾ ਵਿਰੋਧ ਬਰਦਾਸ਼ਤ ਨਹੀਂ ਕੀਤਾ ਜਾਵੇਗਾ।