ਦਵਿੰਦਰ ਪਾਲ
ਚੰਡੀਗੜ੍ਹ, 16 ਮਾਰਚ
ਮੁੱਖ ਅੰਸ਼
- ਅਵਤਾਰ ਸਿੰਘ ਹਿਤ ਦੀ ਅਗਵਾਈ ਹੇਠ ਪੰਜ ਮੈਂਬਰੀ ਕਮੇਟੀ ਬਣਾਈ
ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ’ਚ ਨਮੋਸ਼ੀ ਭਰੀ ਹਾਰ ਤੋਂ ਬਾਅਦ ਦਿੱਲੀ ਦੇ ਅਕਾਲੀ ਆਗੂਆਂ ਦੀ ਬਗਾਵਤ ਨੇ ਸ਼੍ਰੋਮਣੀ ਅਕਾਲੀ ਦਲ ਲਈ ਨਵਾਂ ਸੰਕਟ ਖੜ੍ਹਾ ਕਰ ਦਿੱਤਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮ) ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਵੱਖਰੀ ਜਥੇਬੰਦੀ ਬਣਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤਾਜ਼ਾ ਘਟਨਾਕ੍ਰਮ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਹੰਗਾਮੀ ਮੀਟਿੰਗ ਕਰ ਕੇ ਹਰਮੀਤ ਸਿੰਘ ਕਾਲਕਾ ਨੂੰ ਪਾਰਟੀ ’ਚੋਂ ਕੱਢਣ ਦਾ ਐਲਾਨ ਕਰਨ ਸਮੇਤ ਦਿੱਲੀ ਦਾ ਜਥੇਬੰਦਕ ਢਾਂਚਾ ਭੰਗ ਕਰ ਕੇ ਅਵਤਾਰ ਸਿੰਘ ਹਿਤ ਦੀ ਅਗਵਾਈ ਹੇਠ ਪੰਜ ਮੈਂਬਰੀ ਕਮੇਟੀ ਬਣਾ ਦਿੱਤੀ ਹੈ। ਪਾਰਟੀ ਦੇ ਸੀਨੀਅਰ ਆਗੂਆਂ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ ਅਤੇ ਅਵਤਾਰ ਸਿੰਘ ਹਿਤ ਨੇ ਕਿਹਾ ਕਿ ਡੀਐੱਸਜੀਐੱਮ ਦੇ ਪ੍ਰਧਾਨ ਅਤੇ ਹੋਰਨਾਂ ਅਕਾਲੀ ਆਗੂਆਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਿੱਖ ਕੌਮ ਦੇ ਖ਼ਿਲਾਫ਼ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੇ ਇਨ੍ਹਾਂ ਗਤੀਵਿਧੀਆਂ ਨੂੰ ਅਨੁਸ਼ਾਸਨਹੀਣਤਾ ਮੰਨਦਿਆਂ ਹਰਮੀਤ ਸਿੰਘ ਕਾਲਕਾ ਅਤੇ ਹੋਰਨਾਂ ਨੂੰ ਪਾਰਟੀ ’ਚੋਂ ਕੱਢ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀ ਸਿੱਖ ਸੰਗਤ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਦਿੱਲੀ ਦੇ ਜਥੇਬੰਦਕ ਢਾਂਚੇ ਦਾ ਗਠਨ ਕੀਤਾ ਜਾਵੇਗਾ। ਉਨ੍ਹਾਂ ਦਿੱਲੀ ਦੀ ਸਿੱਖ ਸੰਗਤ ਨੂੰ ਅਵਤਾਰ ਸਿੰਘ ਹਿੱਤ ਦੀ ਅਗਵਾਈ ਵਾਲੀ ਕਮੇਟੀ ਨੂੰ ਸਹਿਯੋਗ ਦੇਣ ਦੀ ਬੇਨਤੀ ਕੀਤੀ। ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਹਰਮੀਤ ਸਿੰਘ ਕਾਲਕਾ ਜਾਂ ਹੋਰਨਾਂ ਵੱਲੋਂ ਇਹ ਕਹਿਣਾ ਕਿਸੇ ਵੀ ਤਰ੍ਹਾਂ ਵਾਜਬ ਨਹੀਂ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਡੀਐਸਜੀਐਮ ਦੇ ਅਹੁਦੇਦਾਰਾਂ ਦੀ ਚੋਣ ਜਾਂ ਕੰਮਾਂ ’ਚ ਦਖਲ ਨਹੀਂ ਦਿੱਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸ੍ਰੀ ਕਾਲਕਾ ਵੀ ਕੁਝ ਮਹੀਨੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ’ਤੇ ਹੀ ਚੋਣ ਜਿੱਤੇ ਸਨ ਤੇ ਅੱਜ ਉਹ ਕੁੱਝ ਗਲਤ ਲੋਕਾਂ ਦੀਆਂ ਗੱਲਾਂ ’ਚ ਆ ਕੇ ਪੰਥ ਵਿਰੋਧੀ ਗਤੀਵਿਧੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਡੀਐੱਸਜੀਐੱਮ ਨੂੰ ਬਚਾਉਣ ਲਈ ਹਰ ਤਰ੍ਹਾਂ ਦਾ ਸੰਘਰਸ਼ ਲੜਿਆ ਜਾਵੇਗਾ। ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਭਾਜਪਾ ’ਚ ਗਏ ਅਕਾਲੀ ਆਗੂਆਂ ਵੱਲੋਂ ਡੀਐਸਜੀਐਮ ਨੂੰ ਇੱਕ ਤਰ੍ਹਾਂ ਨਾਲ ਭਾਰਤੀ ਜਨਤਾ ਪਾਰਟੀ ਦਾ ਹੀ ਵਿੰਗ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਕਾਲੀ ਆਗੂਆਂ ਦਾ ਦੱਬਵੀਂ ਸੁਰ ’ਚ ਕਹਿਣਾ ਹੈ ਕਿ ਡੀਐੱਸਜੀਐੱਮ ’ਤੇ ਭਾਜਪਾ ਅਸਿੱਧੇ ਢੰਗ ਨਾਲ ਕੰਟਰੋਲ ਕਰਨਾ ਚਾਹੁੰਦੀ ਹੈ।
ਸੁਖਬੀਰ ਵੱਲੋਂ ਪੰਜਾਬ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ’ਚ ਹੋਈ ਹਾਰ ਦਾ ਮੰਥਨ ਕਰਦਿਆਂ ਅੱਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨਾਂ ਤੋਂ ਪਾਰਟੀ ਦੀ ਨਮੋਸ਼ੀ ਭਰੀ ਹਾਰ ਦੇ ਕਾਰਨ ਪੁੱਛੇ ਗਏ। ਜ਼ਿਲ੍ਹਾ ਪ੍ਰਧਾਨਾਂ ਤੋਂ ਇਹ ਵੀ ਸੁਝਾਅ ਲਏ ਗਏ ਕਿ ਭਵਿੱਖ ਵਿੱਚ ਪਾਰਟੀ ਦਾ ਜਨ ਅਧਾਰ ਵਧਾਉਣ ਲਈ ਕਿਸ ਤਰ੍ਹਾਂ ਦੀ ਰਣਨੀਤੀ ’ਤੇ ਕੰਮ ਕਰਨਾ ਚਾਹੀਦਾ ਹੈ। ਪਾਰਟੀ ਦੇ ਆਗੂਆਂ ਨੇ ਦੱਸਿਆ ਕਿ ਪ੍ਰਧਾਨ ਨਾਲ ਮੀਟਿੰਗ ਕਰਨ ਆ ਰਹੇ ਆਗੂਆਂ ਦੇ ਚਿਹਰਿਆਂ ਤੋਂ ਨਿਰਾਸ਼ਾ ਤੇ ਨਮੋਸ਼ੀ ਸਾਫ਼ ਝਲਕ ਰਹੀ ਹੈ।