ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 20 ਸਤੰਬਰ
ਸੁਪਰੀਮ ਕੋਰਟ ਵੱਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿੱਤੀ ਗਈ ਮਾਨਤਾ ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਅਤੇ ਸਾਬਕਾ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਭਾਰਤ ਦੀ ਸਰਵਉੱਚ ਅਦਾਲਤ ਦੇ ਇਸ ਫੈਸਲੇ ਨਾਲ ਸਿੱਖ ਕੌਮ ਕਮਜ਼ੋਰ ਹੋਈ ਹੈ। ਉਨ੍ਹਾਂ ਕਿਹਾ ਤੇ ਇਹ ਸਿੱਧੇ ਤੌਰ ’ਤੇ ਸਿੱਖ ਧਰਮ ਵਿਚ ਦਖਲਅੰਦਾਜ਼ੀ ਹੈ ਜੋ ਕਿ ਬੇਹੱਦ ਮੰਦਭਾਗੀ ਹੈ। ਉਨ੍ਹਾਂ ਕਿਹਾ ਜਲਦ ਇਸ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਾਨੂੰਨੀ ਚਾਰਾਜੋਈ ਕਰਦਿਆਂ ਨਜ਼ਰਸਾਨੀ ਪਟੀਸ਼ਨ ਦਾਇਰ ਕਰਨੀ ਚਾਹੀਦੀ ਹੈ। ਉਧਰ ਇਸ ਮਾਮਲੇ ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਕੁਲਵੰਤ ਸਿੰਘ ਬਾਠ ਨੇ ਕਿਹਾ ਕਿ ਇਸ ਦੇ ਲਈ ਅਕਾਲੀ ਦਲ ਦੀ ਲੀਡਰਸ਼ਿਪ ਵੀ ਦੋਸ਼ੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦੱਲ ਨੇ ਸਿੱਖ ਭਾਵਨਾਵਾਂ ਦੀ ਪ੍ਰਵਾਹ ਨਾ ਕਰਦਿਆਂ ਅਜਿਹੇ ਹਾਲਾਤ ਬਣਾਏ ਜਿਸ ਕਰਕੇ ਵੱਖਰੀ ਹਰਿਆਣਾ ਕਮੇਟੀ ਦੀ ਮੰਗ ਉੱਠੀ।