ਦਵਿੰਦਰ ਸਿੰਘ ਭੰਗੂ
ਰਈਆ, 12 ਅਗਸਤ
ਮੁੱਖ ਮੰਤਰੀ ਭਗਵੰਤ ਮਾਨ ਨੇ ਰੱਖੜ ਪੁੰਨਿਆ ਮੇਲੇ ਮੌਕੇ ਬਾਬਾ ਬਕਾਲਾ ਸਾਹਿਬ ਦੇ ਆਈਟੀਆਈ ਗਰਾਊਂਡ ਵਿੱਚ ‘ਆਪ’ ਦੀ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਅੱਜ ਕਿਹਾ ਕਿ ਛੇ ਹਜ਼ਾਰ ਆਂਗਣਵਾੜੀ ਵਰਕਰਾਂ ਦੀ ਭਰਤੀ ਜਲਦ ਕੀਤੀ ਜਾਵੇਗੀ। ਇਹ ਭਰਤੀ ਨਿਰੋਲ ਮੈਰਿਟ ਆਧਾਰ ’ਤੇ ਹੋਵੇਗੀ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 4500 ਨੌਜਵਾਨਾਂ ਦੀ ਪੁਲੀਸ ਭਰਤੀ ਦੀ ਪ੍ਰਕ੍ਰਿਆ ਮੁਕੰਮਲ ਹੋ ਚੁੱਕੀ ਹੈ, ਜਿਨ੍ਹਾਂ ਨੂੰ ਜਲਦ ਨਿਯੁਕਤੀ ਪੱਤਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 16 ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾਣਗੇ। ਇਸ ਤਰ੍ਹਾਂ ਹਰੇਕ ਜ਼ਿਲ੍ਹੇ ਨੂੰ ਇੱਕ ਕਾਲਜ ਮਿਲੇਗਾ ਅਤੇ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਲਾਲ ਚੰਦ ਕਟਾਰੂਚੱਕ, ਹਰਭਜਨ ਸਿੰਘ ਈਟੀਓ, ਇੰਦਰਬੀਰ ਸਿੰਘ ਨਿੱਝਰ ਸਮੇਤ ਵੱਡੀ ਗਿਣਤੀ ਵਿੱਚ ਵਿਧਾਇਕ ਪੁੱਜੇ ਹੋਏ ਸਨ।