ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 21 ਮਈ
ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰ ਰੈਲੀ ਦੌਰਾਨ ਲਾਲ ਕਿਲੇ ’ਤੇ ਹੋਈ ਹਿੰਸਾ ਦੇ ਮਾਮਲੇ ਵਿੱਚ ਦਿੱਲੀ ਪੁਲੀਸ ਦੀ ਅਪਰਾਧ ਸ਼ਾਖਾ ਨੇ ਤੀਸ ਹਜ਼ਾਰੀ ਅਦਾਲਤ ਵਿੱਚ ਡਿਊਟੀ ਮੈਜਿਸਟਰੇਟ ਸਾਹਿਲ ਮੋਂਗਾ ਅੱਗੇ 3000 ਸਫ਼ਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਚਾਰਜਸ਼ੀਟ ’ਚ ਅਦਾਕਾਰ ਦੀਪ ਸਿੱਧੂ ਅਤੇ ਹੋਰਾਂ ਦੇ ਨਾਮ ਸ਼ਾਮਲ ਕੀਤੇ ਗਏ ਹਨ। ਮੁਲਜ਼ਮਾਂ ਵੱਲੋਂ ਦਿੱਤੇ ਗਏ ਬਿਆਨਾਂ ਅਤੇ ਹਿੰਸਾ ਨਾਲ ਜੁੜੇ ਸਬੂਤਾਂ ਨੂੰ ਚਾਰਜਸ਼ੀਟ ਦਾ ਆਧਾਰ ਬਣਾਇਆ ਗਿਆ ਹੈ। ਸੀਨੀਅਰ ਪੁਲੀਸ ਅਧਿਕਾਰੀ ਮੁਤਾਬਕ ਚਾਰਜਸ਼ੀਟ 18 ਮਈ ਨੂੰ ਦਾਖ਼ਲ ਕੀਤੀ ਗਈ ਹੈ। ਚਾਰਜਸ਼ੀਟ ’ਚ ਦੋਸ਼ ਲਾਇਆ ਗਿਆ ਹੈ ਕਿ ਲਾਲ ਕਿਲੇ ਵਿੱਚ ਭੰਨ-ਤੋੜ ਲਈ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਪੁਲੀਸ ਅਤੇ ਕਿਸਾਨ ਆਗੂਆਂ ਵਿਚਾਲੇ ਤਿੰਨ ਮਾਰਗਾਂ ਤੋਂ ਟਰੈਕਟਰ ਰੈਲੀ ਕੱਢਣ ਲਈ ਹੋਏ ਸਮਝੌਤੇ ਨੂੰ ਤੋੜਨ ਦੀ ਪਹਿਲਾਂ ਤੋਂ ਸੋਚੀ-ਸਮਝੀ ਤੇ ਚੰਗੇ ਤਾਲਮੇਲ ਨਾਲ ਯੋਜਨਾ ਬਣਾਈ ਸੀ। ਚਾਰਜਸ਼ੀਟ ਵਿਚ ਕਿਹਾ ਗਿਆ ਹੈ ਕਿ ਮੁਜ਼ਾਹਰਾਕਾਰੀਆਂ ਨੇ ਸੁਰੱਖਿਆ ਬਲਾਂ ਨਾਲ ਹਿੰਸਕ ਟਕਰਾਅ ਕੀਤਾ ਅਤੇ ਇਤਿਹਾਸਕ ਯਾਦਗਾਰ ਦੀ ਪਵਿੱਤਰਤਾ ਭੰਗ ਕੀਤੀ।