ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਜੂਨ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਸਾਨਾਂ ਨੂੰ ਰਾਹਤ ਦਿੰਦਿਆਂ ਖੇਤੀ ਟਿਊਬਵੈਲਾਂ ਦਾ ਲੋਡ ਵਧਾਉਣ ਦੀ ਫੀਸ ਘਟਾਉਣ ਦਾ ਐਲਾਨ ਕੀਤਾ। ਸਰਕਾਰ ਨੇ ਬਿਜਲੀ ਲੋਡ ਵਧਾਉਣ ਦੀ ਮੌਜੂਦਾ ਫੀਸ 4750 ਰੁਪਏ ਤੋਂ ਘਟਾ ਕੇ 2500 ਰੁਪਏ ਪ੍ਰਤੀ ਹਾਰਸ ਪਾਵਰ ਕਰ ਦਿੱਤੀ ਹੈ। ਪੰਜਾਬ ਵਿਚ 14 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ ਰਹੀ ਹੈ ਅਤੇ ਇਸ ਤੋਂ ਪਹਿਲਾਂ ਬਿਜਲੀ ਲੋਡ ਦੀ ਫੀਸ ਵਿਚ ਕਟੌਤੀ ਨਾਲ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਲੋਡ ਵਧਾਉਣ ਵਿਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਸਮੁੱਚਾ ਅਰਥਚਾਰਾ ਖੇਤੀ ਆਧਾਰਿਤ ਹੈ ਅਤੇ ਵੱਡੀ ਗਿਣਤੀ ਲੋਕ ਖੇਤੀ ’ਤੇ ਨਿਰਭਰ ਹਨ ਪਰ ਹੁਣ ਖੇਤੀ ਘਾਟੇ ਵਾਲਾ ਸੌਦਾ ਬਣ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਇਸ ਲਈ ਜ਼ਿੰਮੇਵਾਰ ਹਨ ਪਰ ਉਹ ਖੇਤੀ ਨੂੰ ਲਾਹੇਵੰਦਾ ਬਣਾਉਣ ਲਈ ਖੇਤੀ ਦੀਆਂ ਲਾਗਤਾਂ ਘਟਾਉਣ ਲਈ ਮਦਦ ਕਰ ਰਹੇ ਹਨ।