ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 21 ਅਗਸਤ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿਚ ਸਰਕਾਰਾਂ ਨੂੰ ਘੇਰਦਿਆਂ ਕਿਹਾ ਕਿ ਜੇ ਬਿਲਕਿਸ ਬਾਨੋ ਜਬਰ-ਜਨਾਹ ਕੇਸ ਵਿਚ ਸਜ਼ਾ ਭੁਗਤ ਰਹੇ ਦੋਸ਼ੀਆਂ ਨੂੰ ਛੱਡਣ ਦਾ ਫ਼ੈਸਲਾ ਕੀਤਾ ਜਾ ਸਕਦਾ ਹੈ ਤਾਂ ਫਿਰ ਉਮਰ ਕੈਦ ਤੋਂ ਦੁੱਗਣੀਆਂ ਸਜ਼ਾਵਾਂ ਭੁਗਤਣ ਵਾਲੇ ਸਿੱਖਾਂ ਨੂੰ ਰਿਹਾਅ ਕਿਉਂ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਸਰਕਾਰ ਦੀ ਪੱਖਪਾਤੀ ਵਾਲੀ ਨੀਤੀ ’ਤੇ ਸਖ਼ਤ ਇਤਰਾਜ਼ ਕੀਤਾ। ਉਨ੍ਹਾਂ ਦੋਸ਼ ਲਾਇਆ ਜਬਰ-ਜਨਾਹ ਦੇ ਦੋਸ਼ੀ ਸਰਕਾਰਾਂ ਵੱਲੋਂ ਹਮਦਰਦੀ ਭਾਵਨਾ ਨਾਲ ਛੱਡ ਦਿੱਤੇ ਜਾਂਦੇ ਹਨ ਜਦੋਂਕਿ ਸਿੱਖ ਬੰਦੀਆਂ ਨੂੰ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਬੰਦ ਰੱਖਿਆ ਹੋਇਆ ਹੈ। ਉਨ੍ਹਾਂ ਨੇ ਇਸ ਨੂੰ ਸੰਵਿਧਾਨ ਦੀ ਉਲੰਘਣਾ ਦੇ ਨਾਲ ਨਾਲ ਮਨੁੱਖੀ ਅਧਿਕਾਰਾਂ ਦਾ ਘਾਣ ਵੀ ਕਰਾਰ ਦਿੱਤਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਸਭ ਲਈ ਇਕੋ ਜਿਹੀ ਨੀਤੀ ਅਪਣਾਈ ਜਾਵੇ ਅਤੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਇਸੇ ਦੌਰਾਨ ਉਨ੍ਹਾਂ ਬੁੜੈਲ ਜੇਲ੍ਹ ਵਿੱਚ ਬੰਦ ਭਾਈ ਲਖਵਿੰਦਰ ਸਿੰਘ ਨੂੰ ਆਪਣੀ ਭੁੱਖ ਹੜਤਾਲ ਖ਼ਤਮ ਕਰਨ ਦੀ ਅਪੀਲ ਕੀਤੀ।
ਇਸ ਦੌਰਾਨ ਸਿੱਖ ਜਥੇਬੰਦੀ ਦਲ ਖ਼ਾਲਸਾ ਦੇ ਆਗੂ ਕੰਵਰਪਾਲ ਸਿੰਘ ਨੇ ਗੁਜਰਾਤ ਸਰਕਾਰ ਦੇ ਜਬਰ-ਜਨਾਹ ਦੇ ਦੋਸ਼ੀਆਂ ਨੂੰ ਰਿਹਾਅ ਕਰਨ ਦੇ ਫ਼ੈਸਲੇ ਬਾਰੇ ਕਿਹਾ ਕਿ ਇਹ ਸਾਰੇ 11 ਕੈਦੀ ਬਹੁਗਿਣਤੀ ਭਾਈਚਾਰੇ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕੈਦੀਆਂ ਦੀ ਰਿਹਾਈ ਦੇ ਮਾਮਲੇ ’ਚ ਨਾ-ਬਰਾਬਰੀ ਵਾਲਾ ਵਤੀਰਾ ਅਪਣਾ ਰਹੀ ਹੈ।