ਹੜ੍ਹ ਪੀੜਤਾਂ ਦੀ ਸਹਾਇਤਾ ਲਈ ਰਾਹਤ ਕੈਂਪ ਸਥਾਪਤ ਕੀਤੇ ਜਾਣਗੇ: SKM
ਸੰਯੁਕਤ ਕਿਸਾਨ ਮੋਰਚੇ ਦੇ ਸੂਬਾ ਪੱਧਰੀ ਫ਼ੈਸਲੇ ਅਨੁਸਾਰ ਜ਼ਿਲ੍ਹੇ ਦੀ ਮੀਟਿੰਗ ਕਿਰਤੀ ਕਿਸਾਨ ਯੂਨੀਅਨ ਦੇ ਔਰਤ ਵਿੰਗ ਦੇ ਕਨਵੀਨਰ ਰਾਜ ਕੌਰ ਦੀ ਪ੍ਰਧਾਨਗੀ ਹੇਠ ਮਾਰਕੀਟ ਕਮੇਟੀ ਦਫ਼ਤਰ ਫਾਜ਼ਿਲਕਾ ਵਿੱਖੇ ਕੀਤੀ ਗਈ।
ਮੀਟਿੰਗ ’ਚ ਫੈਸਲਾ ਕੀਤਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਲਈ ਜ਼ਿਲ੍ਹੇ ਅੰਦਰ ਤਿੰਨ ਥਾਵਾਂ ਦੇ ਰਾਹਤ ਕੈਂਪ ਸਥਾਪਿਤ ਕੀਤੇ ਜਾਣਗੇ ਅਤੇ ਬਕਾਇਦਾ ਮੋਰਚੇ ਵੱਲੋਂ ਨੰਬਰ ਜਾਰੀ ਕੀਤੇ ਜਾਣਗੇ, ਜੋ ਵੀ ਦਾਨੀ ਸੱਜਣ ਹੜ੍ਹ ਪੀੜਤਾਂ ਦੀ ਸਹਾਇਤਾ ਕਰਨੀ ਚਾਹੁੰਦੇ ਹਨ ਉਹ ਇਨ੍ਹਾਂ ਰਾਹਤ ਕੈਂਪਾਂ ’ਤੇ ਆਪਣੀ ਸਹਾਇਤਾ ਜਮ੍ਹਾ ਕਰਵਾ ਸਕਦੇ ਹਨ।
ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਵਣਜਾਰ ਸਿੰਘ ਜਮਹੂਰੀ ਕਿਸਾਨ ਸਭਾ ਦੇ ਆਗੂ ਰਮੇਸ਼ ਵਡੇਰਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਤਰ ਪ੍ਰੀਤ ਸਿੰਘ, ਬੀਕੇਯੂ ਉਗਰਾਹਾਂ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਮੀਤ ਸਿੰਘ, ਬੀਕੇਯੂ ਡਕੌਂਦਾ (ਧਨੇਰ) ਦੇ ਜ਼ਿਲ੍ਹਾ ਪ੍ਰਧਾਨ ਹਰਮੀਤ ਢਾਬਾ ਕਾਮਰੇਡ ਸ਼ਕਤੀ ਨੇ ਕਿਹਾ ਕਿ ਹੜ੍ਹਾਂ ਨੇ ਪੂਰੇ ਪੰਜਾਬ ਵਿੱਚ ਬੁਰੀ ਤਰ੍ਹਾਂ ਤਬਾਹੀ ਮਚਾਈ ਹੈ ਜਿਸ ਕਾਰਨ ਕਿਸਾਨਾਂ ਤੇ ਮਜ਼ਦੂਰਾਂ ਦਾ ਵੱਡੇ ਪੱਧਰ ’ਤੇ ਨੁਕਸਾਨ ਹੋਇਆ।
ਉਨ੍ਹਾਂ ਮੋਜੂਦਾ ਸਰਕਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਇਨ੍ਹਾਂ ਹੜ੍ਹਾਂ ਵਿੱਚ ਸਰਕਾਰ ਦੀ ਨਲਾਇਕੀ ਸਾਹਮਣੇ ਆਈ ਹੈ। ਬਰਸਾਤੀ ਨਾਲਿਆਂ ਦੀ ਕੋੋਈ ਸਫ਼ਾਈ ਨਹੀਂ ਕੀਤੀ ਗਈ, ਜਿਸ ਕਾਰਨ ਬਹੁਤ ਸਾਰੇ ਥਾਵਾਂ ’ਤੇ ਨਾਲੇ ਓਵਰਫਲੋ ਹੋਣ ਕਾਰਨ ਫਸਲਾਂ ਦੀ ਤਬਾਹੀ ਹੋਈ ਹੈ।