ਲੋਕਾਂ ਨੂੰ ਰਾਹਤ: ਪੰਜਾਬ ਵਿੱਚ ਅੱਜ ਤੋਂ ਚੱਲਣਗੀਆਂ ਸਰਕਾਰੀ ਬੱਸਾਂ
ਇਸ ਮੌਕੇ ਆਗੂਆਂ ਨੇ ਦੱਸਿਆ ਕਿ ਯੂਨੀਅਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰਦੀ ਆ ਰਹੀ ਹੈ। ਕਦੇ ਮੁੱਖ ਮੰਤਰੀ ਭਗਵੰਤ ਮਾਨ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਸਕੱਤਰ ਟਰਾਂਸਪੋਰਟ ਨਾਲ ਮੀਟਿੰਗਾਂ ਹੋਣ ਅਤੇ ਯੂਨੀਅਨ ਵੱਲੋਂ ਵਾਰ-ਵਾਰ ਕੀਤੇ ਜਾ ਰਹੇ ਸੰਘਰਸ਼ਾਂ ਦੇ ਬਾਵਜੂਦ ਸਰਕਾਰ ਵੱਲੋਂ ਇਨ੍ਹਾਂ ਕੱਚੇ ਕਾਮਿਆਂ ਦੀ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਮੀਟਿੰਗਾਂ ਵਿੱਚ ਮੂੰਹ ਜ਼ੁਬਾਨੀ ਲਏ ਗਏ ਫ਼ੈਸਲਿਆਂ ਦੇ ਪੱਤਰ ਇੰਨ-ਬਿੰਨ ਜਾਰੀ ਨਹੀਂ ਕੀਤੇ ਜਾਂਦੇ ਜਿਸ ਕਾਰਨ ਯੂਨੀਅਨ ਨੂੰ ਵਾਰ-ਵਾਰ ਸੰਘਰਸ਼ ਕਰਨਾ ਪੈ ਰਿਹਾ ਹੈ। ਸਰਕਾਰ ਦੀ ਕਾਮਿਆਂ ਪ੍ਰਤੀ ਇਸ ਬੇਰੁਖ਼ੀ ਕਾਰਨ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਪੂਰੇ ਪੰਜਾਬ ਦੇ ਯਾਤਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਸ ਹੜਤਾਲ ਦਾ ਲਾਭ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਮਿਲ ਰਿਹਾ ਹੈ। ਉਨ੍ਹਾਂ ਆਖਿਆ ਕਿ ਹੁਣ ਸਕੱਤਰ ਟਰਾਂਸਪੋਰਟ ਨਾਲ ਹੋਈ ਮੀਟਿੰਗ ਉਪਰੰਤ ਜਥੇਬੰਦੀ ਵੱਲੋਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਨ ਦੇ ਠੋਸ ਭਰੋਸੇ ਨੂੰ ਮੁੱਖ ਰੱਖ ਕੇ ਹੜਤਾਲ ਮੁਲਤਵੀ ਕੀਤੀ ਗਈ ਹੈ।