ਹਾੜ੍ਹ ਦੇ ਛਰਾਟਿਆਂ ਨਾਲ ਹੁੰਮਸ ਤੇ ਗਰਮੀ ਤੋਂ ਰਾਹਤ
ਆਤਿਸ਼ ਗੁਪਤਾ
ਚੰਡੀਗੜ੍ਹ, 29 ਜੂਨ
ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਸਣੇ ਉੱਤਰੀ ਭਾਰਤ ਵਿੱਚ ਮੌਨਸੂਨ ਦੇ ਸ਼ੁਰੂਆਤੀ ਦਿਨਾਂ ਵਿੱਚ ਪਏ ਭਰਵੇਂ ਮੀਂਹ ਨੇ ਸੂਬੇ ਦੇ ਕਈ ਸ਼ਹਿਰਾਂ ਨੂੰ ਜਲ-ਥਲ ਕਰ ਦਿੱਤਾ ਹੈ। ਬੀਤੀ ਰਾਤ ਤੋਂ ਪੈ ਰਹੇ ਮੀਂਹ ਕਾਰਨ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਦੀਆਂ ਸੜਕਾਂ ਪਾਣੀ ਵਿੱਚ ਡੁੱਬ ਗਈਆਂ ਜਿਸ ਕਰ ਕੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਅੱਜ ਮੀਂਹ ਦੀ ਰਫ਼ਤਾਰ ਘਟ ਗਈ ਸੀ ਪਰ ਸ਼ਾਮ ਸਮੇਂ ਕਈ ਸ਼ਹਿਰਾਂ ਵਿੱਚ ਮੁੜ ਮੀਂਹ ਪੈਣਾ ਸ਼ੁਰੂ ਹੋ ਗਿਆ। ਮੀਂਹ ਕਾਰਨ ਸੂਬੇ ਵਿੱਚ ਤਾਪਮਾਨ ਵੀ ਆਮ ਨਾਲੋਂ 8.3 ਡਿਗਰੀ ਸੈਲਸੀਅਸ ਤੱਕ ਹੇਠਾਂ ਆ ਗਿਆ ਹੈ। ਤਾਪਮਾਨ ਦੇ ਹੇਠਾਂ ਆਉਣ ਨਾਲ ਹੀ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਵੀ ਰਾਹਤ ਮਿਲ ਗਈ ਹੈ। ਮੌਸਮ ਵਿਗਿਆਨੀਆਂ ਨੇ ਪੰਜਾਬ ਭਰ ਵਿੱਚ 30 ਜੂਨ ਨੂੰ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ, ਜਿਸ ਲਈ ਮੌਸਮ ਵਿਗਿਆਨੀਆਂ ਨੇ ਔਰੇਂਜ ਅਲਰਟ ਜਾਰੀ ਕਰ ਦਿੱਤਾ ਹੈ ਜਦੋਂ ਕਿ ਅੱਗੇ 1, 2 ਤੇ 3 ਜੁਲਾਈ ਨੂੰ ਵੀ ਭਾਰੀ ਮੀਂਹ ਪਵੇਗਾ। ਇਸ ਲਈ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਪਿਛਲੇ ਦੋ-ਤਿੰਨ ਦਿਨਾਂ ਤੋਂ ਕਈ ਇਲਾਕਿਆਂ ਵਿੱਚ ਰੁਕ-ਰੁਕ ਕੇ ਮੀਂਹ ਪੈ ਰਿਹਾ ਸੀ ਪਰ ਬੀਤੀ ਰਾਤ ਤੋਂ ਪੰਜਾਬ ਦੇ ਇਕ ਦਰਜਨ ਤੋਂ ਵੱਧ ਜ਼ਿਲ੍ਹਿਆਂ ਵਿੱਚ ਮੀਂਹ ਪੈਣਾ ਸ਼ੁਰੂ ਹੋ ਗਿਆ। ਕਈ ਸ਼ਹਿਰਾਂ ਦੀਆਂ ਸੜਕਾਂ ’ਤੇ ਕਈ-ਕਈ ਫੁੱਟ ਪਾਣੀ ਭਰਨ ਕਾਰਨ ਵਾਹਨ ਚਾਲਕਾਂ ਨੂੰ ਪ੍ਰੇਸ਼ਾਨੀ ਵੀ ਹੋਈ। ਮੀਂਹ ਪੈਣ ਕਰ ਕੇ ਝੋਨਾ ਲਗਾਉਣ ਦੀਆਂ ਤਿਆਰੀਆਂ ਕਰ ਰਹੇ ਕਿਸਾਨਾਂ ਦੇ ਚਿਹਰੇ ਖਿੜ ਗਏ ਹਨ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਪੰਜਾਬ ਦੇ ਇਕ ਦਰਜਨ ਤੋਂ ਵੱਧ ਜ਼ਿਲ੍ਹਿਆਂ ’ਚ ਭਾਰੀ ਮੀਂਹ ਪਿਆ ਹੈ। ਸੂਬੇ ਵਿੱਚ ਬਿਜਲੀ ਦੀ ਮੰਗ 1400 ਮੈਗਾਵਾਟ ਘਟ ਗਈ ਹੈ। ਅੱਜ ਪੰਜਾਬ ’ਚ ਬਿਜਲੀ ਦੀ ਵੱਧ ਤੋਂ ਵੱਧ ਮੰਗ 15421 ਮੈਗਾਵਾਟ ਦਰਜ ਕੀਤੀ ਗਈ ਹੈ।
ਘੱਗਰ ਦਰਿਆ ’ਚ ਚਾਰ ਘੰਟੇ ਮਗਰੋਂ ਪਾਣੀ ਦਾ ਪੱਧਰ ਘਟਿਆ
ਬਨੂੜ (ਕਰਮਜੀਤ ਸਿੰਘ ਚਿੱਲਾ): ਬਨੂੜ ਖੇਤਰ ਵਿੱਚੋਂ ਲੰਘਦੇ ਘੱਗਰ ਦਰਿਆ ਵਿੱਚ ਅੱਜ ਸਵੇਰੇ ਅਚਾਨਕ ਪਾਣੀ ਦਾ ਪੱਧਰ ਕਾਫੀ ਵਧ ਗਿਆ ਜੋ ਸ਼ਾਮ ਤੱਕ ਆਮ ਵਾਂਗ ਹੋ ਗਿਆ। ਦਰਿਆ ਦੇ ਕਿਨਾਰੇ ਵੱਸੇ ਪਿੰਡਾਂ ਦੇ ਵਸਨੀਕਾਂ ਦੇ ਦੱਸਣ ਅਨੁਸਾਰ ਸਵੇਰੇ ਛੇ ਵਜੇ ਪਾਣੀ ਵਧਣਾ ਸ਼ੁਰੂ ਹੋਇਆ ਅਤੇ ਗਿਆਰਾਂ ਵਜੇ ਤੱਕ ਪਾਣੀ ਲਗਾਤਾਰ ਵਧਦਾ ਰਿਹਾ। ਬਾਰ੍ਹਾਂ ਵਜੇ ਪਾਣੀ ਘਟਣਾ ਸ਼ੁਰੂ ਹੋ ਗਿਆ, ਜਿਸ ਮਗਰੋਂ ਲੋਕਾਂ ਨੇ ਸੁੱਖ ਦਾ ਸਾਹ ਲਿਆ। ਸ਼ਾਮੀ ਪੰਜ ਵਜੇ ਪਾਣੀ ਦਾ ਪੱਧਰ ਆਮ ਵਾਂਗ ਹੋ ਗਿਆ।