ਸਨਮਾਨ ਸਮਾਗਮਾਂ ’ਚ ਸਿਰੋਪਿਆਂ ਦੀ ਥਾਂ ਧਾਰਮਿਕ ਕਿਤਾਬਾਂ ਦਿੱਤੀਆਂ ਜਾਣ: ਧਾਮੀ
ਜਗਤਾਰ ਸਿੰਘ ਲਾਂਬਾ
ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸ਼ਿਮਲਾ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਆਮ ਸਨਮਾਨ ਸਮਾਗਮਾਂ ਵਿੱਚ ਸਿਰੋਪਿਆਂ ਦੀ ਥਾਂ ਧਾਰਮਿਕ ਕਿਤਾਬਾਂ ਜਾਂ ਸਿੱਖ ਰਹਿਤ ਮਰਿਆਦਾ ਦੇ ਕੇ ਸਨਮਾਨ ਕਰਨ ਦੀ ਪ੍ਰਥਾ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਕਮੇਟੀ ਵੱਲੋਂ ਕਰਵਾਏ ਗਏ ਇਸ ਸਮਾਗਮ ਮੌਕੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਗੁਰੂ ਸਾਹਿਬ ਦੇ ਉਪਦੇਸ਼ਾਂ ਦੀ ਸੇਧ ਵਿੱਚ ਜੀਵਨ ਜਿਊਣ ਦੀ ਪ੍ਰੇਰਨਾ ਦਿੱਤੀ।
ਇਸ ਮੌਕੇ ਪ੍ਰਧਾਨ ਸ੍ਰੀ ਧਾਮੀ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਨੇ ਨਾ ਸਿਰਫ਼ ਸਿੱਖ ਧਰਮ ਸਗੋਂ ਸਮੂਹ ਕੌਮਾਂ ਦੀ ਰੱਖਿਆ ਲਈ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਸਿਰੋਪਾਓ ਦਾ ਸਿੱਖ ਪਰੰਪਰਾ ਵਿੱਚ ਬਹੁਤ ਉੱਚਾ ਸਤਿਕਾਰ ਹੈ ਅਤੇ ਇਹ ਕੇਵਲ ਸਿੰਘ ਸਾਹਿਬਾਨ, ਮਹਾਨ ਸ਼ਖ਼ਸੀਅਤਾਂ, ਗੁਰਮਤਿ ਪ੍ਰਚਾਰਕਾਂ ਜਾਂ ਧਾਰਮਿਕ ਸੇਵਾਵਾਂ ਲਈ ਵਿਸ਼ੇਸ਼ ਯੋਗਦਾਨ ਕਰਨ ਵਾਲਿਆਂ ਨੂੰ ਹੀ ਭੇਟ ਕੀਤਾ ਜਾਣਾ ਚਾਹੀਦਾ ਹੈ। ਆਮ ਤੌਰ ’ਤੇ ਸਨਮਾਨ ਦੇਣ ਵਿੱਚ ਸਿਰੋਪੇ ਦੀ ਥਾਂ ਧਾਰਮਿਕ ਕਿਤਾਬਾਂ ਜਾਂ ਸਿੱਖ ਰਹਿਤ ਮਰਿਆਦਾ ਦੇ ਕੇ ਸਨਮਾਨ ਕਰਨ ਦੀ ਪ੍ਰਥਾ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਸਿੱਖ ਰਹਿਤ ਮਰਿਆਦਾ ਪ੍ਰਕਾਸ਼ਿਤ ਕਰ ਕੇ ਸੰਗਤ ਤੱਕ ਮੁਫ਼ਤ ਪਹੁੰਚਾਈ ਜਾਂਦੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ ਨੇ ਵੀ ਸੰਬੋਧਨ ਕੀਤਾ। ਇਸ ਤੋਂ ਪਹਿਲਾਂ ਬੀਤੇ ਕੱਲ੍ਹ ਦੇ ਸਮਾਗਮ ਦੌਰਾਨ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਸ਼ਮੂਲੀਅਤ ਕੀਤੀ।
ਸਮਾਗਮ ਸਮੇਂ ਗਿਆਨੀ ਬਲਜੀਤ ਸਿੰਘ, ਅੰਮ੍ਰਿਤਪਾਲ ਸਿੰਘ ਕੁਲਾਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਵਧੀਕ ਮੈਨੇਜਰ ਹਰਦੇਵ ਸਿੰਘ, ਗੁਰਦੁਆਰਾ ਸਿੰਘ ਸਭਾ ਸ਼ਿਮਲਾ ਦੇ ਪ੍ਰਧਾਨ ਜਸਵਿੰਦਰ ਸਿੰਘ, ਕਰਨੈਲ ਸਿੰਘ ਅਤੇ ਸਿੱਖ ਮਿਸ਼ਨ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਭਾਈ ਗੁਰਦੀਪ ਸਿੰਘ ਹਾਜ਼ਰ ਸਨ।