ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 4 ਸਤੰਬਰ
ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵੱਲੋਂ ਆਪਣੇ 15ਵੇਂ ਸਥਾਪਨਾ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਮਗਰੋਂ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਉਪ ਕੁਲਪਤੀ ਡਾ. ਪਰਿਤਪਾਲ ਸਿੰਘ ਨੇ ਸਾਰੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ। ਪ੍ਰੋ ਕੁਲਪਤੀ ਪ੍ਰੋ. ਅਜਾਇਬ ਸਿੰਘ ਬਰਾੜ ਨੇ ਯੂਨੀਵਰਸਿਟੀ ਪ੍ਰਸ਼ਾਸਨ, ਅਧਿਆਪਨ ਅਤੇ ਗੈਰ-ਅਧਿਆਪਨ ਸਟਾਫ਼ ਦੀ ਸ਼ਲਾਘਾ ਕੀਤੀ। ਉਨ੍ਹਾਂ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਹ ਯੂਨੀਵਰਸਿਟੀ ਨਾ ਸਿਰਫ਼ ਸਿੱਖਿਆ ਦੇ ਪੱਧਰ ਵਿਚ ਸਰਵਉੱਚ ਹੋਵੇਗੀ, ਬਲਕਿ ਨਵੀਂ ਪੀੜੀ ਨੂੰ ਸਿੱਖੀ ਸਿਧਾਂਤ ਵਿਚ ਪਰਪੱਕ ਕਰਨ ਵਿਚ ਸਫ਼ਲਤਾ ਹਾਸਲ ਕਰੇਗੀ। ਪੰਜਾਬੀ ਵਿਭਾਗ ਦੇ ਮੁਖੀ ਡਾ. ਸਿਕੰਦਰ ਸਿੰਘ ਨੇ ਗੁਰੂ ਸਾਹਿਬ ਦੇ ਸੁਨੇਹੇ ਨੂੰ ਸਾਂਝਾ ਕੀਤਾ। ਇਸ ਮੌਕੇ ਡਾ. ਸੁਖਵਿੰਦਰ ਸਿੰਘ ਬਿਲਿੰਗ, ਕਰਨੈਲ ਸਿੰਘ ਪੰਜੋਲੀ, ਡਾ. ਪ੍ਰੀਤ ਕੌਰ ਆਦਿ ਹਾਜ਼ਰ ਸਨ। ਇਸ ਮੌਕੇ ਸਟੇਜ ਸੰਚਾਲਨ ਦਾ ਕਾਰਜ ਪ੍ਰੋ: ਡਾ. ਹਰਦੇਵ ਸਿੰਘ ਨੇ ਨਿਭਾਇਆ।