ਜਤਿੰਦਰ ਸਿੰਘ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 24 ਅਕਤੂਬਰ
ਯੂਪੀ ਦੇ ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਦੀਆਂ ਅਸਥੀਆਂ ਦੇ ਕਲਸ਼ ਲੈ ਕੇ ਅੱਜ ਦੇਰ ਸ਼ਾਮ ਕਿਸਾਨਾਂ ਦਾ ਵਿਸ਼ਾਲ ਕਾਫ਼ਲਾ ਗੋਇੰਦਵਾਲ ਸਾਹਿਬ ਪੁੱਜਿਆ। ਇਸ ਮੌਕੇ ਸ਼ਹੀਦ ਕਿਸਾਨਾਂ ਨੂੰ ਅੰਤਿਮ ਵਿਦਾਇਗੀ ਅਤੇ ਸ਼ਰਧਾਂਜਲੀ ਦੇਣ ਲਈ ਵੱਡੀ ਗਿਣਤੀ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਇਲਾਕੇ ਦੇ ਲੋਕਾਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਉਪਰੰਤ ਗੁਰਦੁਆਰਾ ਬਾਉਲੀ ਸਾਹਿਬ ਦੀ ਪਵਿੱਤਰ ਬਾਉਲੀ ਦੇ ਜਲ ਨਾਲ ਅਸਥੀਆਂ ਨੂੰ ਇਸ਼ਨਾਨ ਕਰਵਾਉਣ ਉਪਰੰਤ ਗੁਰ ਮਰਿਯਾਦਾ ਅਨੁਸਾਰ ਘਾਟ ਬਾਬਾ ਖੜਕ ਸਿੰਘ ਵਿਖੇ ਅਸਥੀਆਂ ਨੂੰ ਦਰਿਆ ਬਿਆਸ ਵਿਖੇ ਜਲ ਪ੍ਰਵਾਹ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਜਗਜੀਤ ਸਿੰਘ ਰੱਤੋਕੇ, ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ ਨੇ ਵੀ ਸ਼ਹੀਦ ਕਿਸਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
ਸ੍ਰੀ ਕੀਰਤਪੁਰ ਸਾਹਿਬ (ਬੀਐੱਸ ਚਾਨਾ): ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀਆਂ ਅਸਥੀਆਂ ਦੀ ਕਲਸ਼ ਯਾਤਰਾ ਅੱਜ ਕਿਸਾਨ ਆਗੂ ਮਨਜੀਤ ਰਾਏ ਦੀ ਅਗਵਾਈ ਹੇਠ ਸ੍ਰੀ ਕੀਰਤਪੁਰ ਸਾਹਿਬ ਪੁੱਜੀ। ਇੱਥੇ ਗੁਰਦੁਆਰਾ ਪਤਾਲਪੁਰੀ ਸਾਹਿਬ ਨੇੜੇ ਬਣੇ ਅਸਥਘਾਟ ’ਤੇ ਸ਼ਹੀਦ ਕਿਸਾਨਾਂ ਦੀਆਂ ਅਸਥੀਆਂ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ। ਮਨਜੀਤ ਰਾਏ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਹਰ ਤਰ੍ਹਾਂ ਦੇ ਭੁਲੇਖੇ ਮਨ ਵਿੱਚੋਂ ਕੱਢ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਇਕਮੁੱਠ ਹਨ ਅਤੇ ਉਨ੍ਹਾਂ ਵਿੱਚ ਕੋਈ ਵਖਰੇਵੇਂ ਨਹੀਂ ਹਨ। ਮਨਜੀਤ ਰਾਏ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ-ਮਜ਼ਦੂਰਾਂ ਵਿੱਚ ਵਖਰੇਵੇਂ ਖੜ੍ਹੇ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਧ ਰਹੀਆਂ ਤੇਲ ਕੀਮਤਾਂ ਲਈ ਸਿੱਧੇ ਤੌਰ ’ਤੇ ਕੇਂਦਰ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਹੁਣ ਭਾਜਪਾ ਜੋ ਮਰਜ਼ੀ ਕਰ ਲਵੇ, ਲੋਕ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰ ਕੇ ਹੀ ਸਾਹ ਲੈਣਗੇ।
ਫ਼ਿਰੋਜ਼ਪੁਰ (ਸੰਜੀਵ ਹਾਂਡਾ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਇੱਥੇ ਹੁਸੈਨੀਵਾਲਾ ਵਿਚ ਵਗਦੇ ਸਤਲੁਜ ਦਰਿਆ ਵਿੱਚ ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਦੀਆਂ ਅਸਥੀਆਂ ਜਲ ਪ੍ਰਵਾਹ ਕੀਤੀਆਂ ਗਈਆਂ।
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਅਤੇ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਰੈਲੀ ਕੀਤੀ ਗਈ, ਜਿਸ ਮਗਰੋਂ ਅਸਥੀਆਂ ਜਲ ਪ੍ਰਵਾਹ ਕੀਤੀਆਂ ਗਈਆਂ। ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 18 ਤੋਂ 24 ਅਕਤੂਬਰ ਤੱਕ ਸ਼ਹੀਦਾਂ ਦੀਆਂ ਅਸਥੀਆਂ ਪੂਰੇ ਦੇਸ਼ ਅੰਦਰ ਵੱਖ-ਵੱਖ ਸਥਾਨਾਂ ਤੇ ਜਲ ਪ੍ਰਵਾਹ ਕਰਨ ਦਾ ਫ਼ੈਸਲਾ ਲਿਆ ਗਿਆ ਸੀ।