ਅੰਮ੍ਰਿਤਸਰ (ਟਨਸ) : ਅਕਾਲ ਤਖ਼ਤ ਦੇ ਜਥੇਦਾਰ ਨੇ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ’ਤੇ ਲੱਗੀ ਰੋਕ ਹਟਾ ਦਿੱਤੀ ਹੈ। ਉਨ੍ਹਾਂ ’ਤੇ ਗੰਭੀਰ ਦੋਸ਼ ਲੱਗਣ ਮਗਰੋਂ ਅਕਾਲ ਤਖਤ ਵਲੋਂ ਦੋ ਸਾਲ ਵਾਸਤੇ ਕਿਸੇ ਵੀ ਸਮਾਜਿਕ, ਧਾਰਮਿਕ ਅਤੇ ਸਿਆਸੀ ਗਤੀਵਿਧੀਆਂ ਵਿਚ ਸ਼ਮੂਲੀਅਤ ਕਰਨ ’ਤੇ ਰੋਕ ਲਾ ਦਿੱਤੀ ਗਈ ਸੀ। ਇਸ ਸਬੰਧ ਵਿਚ ਅਕਾਲ ਤਖਤ ਸਕੱਤਰੇਤ ਤੋਂ ਸ੍ਰੀ ਚੱਢਾ ਨੂੰ ਪੱਤਰ ਜਾਰੀ ਕੀਤਾ ਗਿਆ ਜਿਸ ਵਿਚ ਉਨ੍ਹਾਂ ਨੂੰ ਕਲੀਨ ਚਿੱਟ ਦਿੱਤੀ ਗਈ ਹੈ। ਪੱਤਰ ਵਿਚ ਲਿਖਿਆ ਹੈ ਕਿ ਬੀਤੇ ਦਿਨ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਉਨ੍ਹਾਂ ਵਲੋਂ ਭੇਜੇ ਗਏ ਪੱਤਰ ’ਤੇ ਵਿਚਾਰ ਕੀਤਾ ਗਿਆ ਜਿਸ ਤੋਂ ਬਾਅਦ ਅਕਾਲ ਤਖਤ ਵਲੋਂ ਲਾਈ ਰੋਕ ਹਟਾ ਦਿੱਤੀ ਗਈ ਹੈ। ਸ੍ਰੀ ਚੱਢਾ ਨੇ ਦੱਸਿਆ ਕਿ ਗੁਰੂ ਘਰ ਦੇ ਸ਼ੁਕਰਾਨੇ ਵਜੋਂ ਅਖੰਡ ਪਾਠ ਰਖਵਾ ਰਹੇ ਹਨ, ਜਿਸ ਦੇ ਭੋਗ 14 ਅਪਰੈਲ ਨੂੰ ਪੈਣਗੇ। ਦੱਸਣਾ ਬਣਦਾ ਹੈ ਕਿ ਦਸੰਬਰ 2017 ਵਿਚ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ, ਜਿਸ ਵਿਚ ਬਜ਼ੁਰਗ ਸਿੱਖ ਆਗੂ ਨੂੰ ਇਕ ਔਰਤ ਨਾਲ ਦਿਖਾਇਆ ਗਿਆ ਸੀ। ਇਹ ਔਰਤ ਚੀਫ ਖਾਲਸਾ ਦੀਵਾਨ ਹੇਠ ਚੱਲਦੇ ਇਕ ਸਕੂਲ ਦੀ ਪ੍ਰਿੰਸੀਪਲ ਸੀ। ਇਸ ਵੀਡੀਓ ਤੋਂ ਬਾਅਦ ਉਨ੍ਹਾਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। 23 ਜਨਵਰੀ 2018 ਨੂੰ ਉਸ ਵੇਲੇ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਉਨ੍ਹਾਂ ’ਤੇ ਦੋ ਸਾਲ ਲਈ ਸਮਾਜਿਕ, ਧਾਰਮਿਕ ਤੇ ਸਿਆਸੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਅਤੇ ਮੰਚ ਤੋਂ ਬੋਲਣ ’ਤੇ ਰੋਕ ਲਾ ਦਿੱਤੀ ਸੀ।