ਮੁੱਖ ਮੰਤਰੀ ਦੀ ਭਾਸ਼ਾ ’ਚ ਹੀ ਜਵਾਬ ਦਿੱਤਾ ਜਾਵੇਗਾ: ਅਸ਼ਵਨੀ ਸ਼ਰਮਾ
ਆਤਿਸ਼ ਗੁਪਤਾ
ਚੰਡੀਗੜ੍ਹ, 13 ਜੁਲਾਈ
ਪੰਜਾਬ ਭਾਜਪਾ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਅਹੁਦਾ ਸੰਭਾਲ ਲਿਆ ਹੈ। ਇਸ ਲਈ ਪੰਜਾਬ ਭਾਜਪਾ ਵੱਲੋਂ ਚੰਡੀਗੜ੍ਹ ਦੇ ਸੈਕਟਰ-37 ਵਿਚਲੇ ਪਾਰਟੀ ਦਫ਼ਤਰ ਵਿੱਚ ਸਮਾਗਮ ਕੀਤਾ ਗਿਆ। ਇਸ ਮੌਕੇ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਬਾਰੇ ਕੀਤੀ ਟਿੱਪਣੀ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ,‘ਹੁਣ ਮੁੱਖ ਮੰਤਰੀ ਭਗਵੰਤ ਮਾਨ ਜਿਹੜੀ ਭਾਸ਼ਾ ਦੀ ਵਰਤੋਂ ਕਰਨਗੇ ਭਾਜਪਾ ਉਸੇ ਭਾਸ਼ਾ ਵਿੱਚ ਮੋੜਵਾਂ ਜਵਾਬ ਦੇਵੇਗੀ। ਜੇ ਮੁੱਖ ਮੰਤਰੀ ‘ਜੀ’ ਕਹਿਣਗੇ ਤਾਂ ‘ਜੀ’ ਵਿੱਚ ਜਵਾਬ ਦੇਵਾਂਗੇ ਅਤੇ ਜੇ ‘ਤੂੰ’ ਕਹਿਣਗੇ ਤਾਂ ‘ਤੂੰ’ ਵਿੱਚ ਹੀ ਜਵਾਬ ਦੇਵਾਂਗੇ।’ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਵਾ ਤਿੰਨ ਸਾਲਾਂ ਤੋਂ ਪੰਜਾਬ ਵਿੱਚ ਸਰਕਾਰ ਦੀ ਥਾਂ ਸਰਕਸ ਚਲਾ ਰਹੇ ਹਨ। ‘ਆਪ’ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ, ਉਹ ਵੀ ਪੂਰਾ ਨਹੀਂ ਹੋ ਸਕਿਆ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਕੇਂਦਰੀ ਮੰਤਰੀ ਰਵਨੀਤ ਬਿੱਟੂ, ਸਾਬਕਾ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਭਾਜਪਾ ਦੇ ਕੌਮੀ ਸਕੱਤਰ ਨਰਿੰਦਰ ਸਿੰਘ ਰੈਣਾ ਆਦਿ ਹਾਜ਼ਰ ਸਨ।
ਲੋਕ ਬਦਲਾਅ ਦੀ ਉਮੀਦ ਵਿੱਚ ਹਨ: ਅਸ਼ਵਨੀ ਸ਼ਰਮਾ
ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਵੱਲੋਂ ਲੋਕਾਂ ਦੇ ਮੁੱਦਿਆਂ ਨੂੰ ਸੜਕ ਤੋਂ ਵਿਧਾਨ ਸਭਾ ਤੱਕ ਜ਼ੋਰ-ਸ਼ੋਰ ਨਾਲ ਚੁੱਕਿਆ ਜਾਵੇਗਾ। ਪੰਜਾਬ ਦੇ ਲੋਕਾਂ ਨੇ ਕਾਂਗਰਸ ਤੇ ‘ਆਪ’ ਨੂੰ ਵਰਤ ਕੇ ਦੇਖ ਲਿਆ ਹੈ ਪਰ ਸੂਬੇ ਨੂੰ ਭਾਜਪਾ ਹੀ ਖੁਸ਼ਹਾਲੀ ਦੇ ਰਾਹ ’ਤੇ ਤੇਜ਼ੀ ਨਾਲ ਅੱਗੇ ਲਿਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਦੀ ਉਮੀਦ ਵਿੱਚ ਬੈਠੇ ਹਨ।