ਪਾਲ ਸਿੰਘ ਨੌਲੀ
ਜਲੰਧਰ, 24 ਜਨਵਰੀ
ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦਾ ਸੂਬਾ ਪੱਧਰੀ ਸਮਾਗਮ ਐਤਕੀਂ ਜਲੰਧਰ ਵਿੱਚ ਹੋਵੇਗਾ। ਇਸ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 26 ਜਨਵਰੀ ਨੂੰ ਕੌਮੀ ਝੰਡਾ ਲਹਿਰਾਉਣਗੇ। ਸੂਬਾਈ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਅੱਜ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਸੂਬਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਕੀਤੀ ਗਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਪਰੇਡ ਕਮਾਂਡਰ ਆਈਪੀਐੱਸ ਅਧਿਕਾਰੀ ਮਨਿੰਦਰ ਸਿੰਘ ਦੀ ਅਗਵਾਈ ਵਾਲੇ ਮਾਰਚ ਪਾਸਟ ਤੋਂ ਸਲਾਮੀ ਲਈ। ਡਿਪਟੀ ਕਮਿਸ਼ਨਰ ਨੇ ਸੁਰੱਖਿਆ ਬਲਾਂ ਅਤੇ ਅਧਿਕਾਰੀਆਂ ਨੂੰ ਸੂੁਬਾਈ ਸਮਾਗਮ ਬਾਰੇ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਸਬੰਧੀ ਸੂਬਾਈ ਸਮਾਗਮ ਦੌਰਾਨ ਪਰੇਡ ‘ਚ ਆਈਟੀਬੀਪੀ, ਆਰਏਐੱਫ, ਪੀਏਸੀ, ਕਮਿਸ਼ਨਰੇਟ ਪੁਲੀਸ, ਕਮਿਸ਼ਨਰੇਟ ਪੁਲੀਸ ਮਹਿਲਾ ਵਿੰਗ, ਆਰਟੀਸੀ ਪੀਏਪੀ, ਪੰਜਾਬ ਹੋਮ ਗਾਰਡਜ਼ ਦੀਆਂ ਟੁਕੜੀਆਂ, ਐੱਨਸੀਸੀ ਕੈਡਿਟਸ, ਐੱਨਸੀਸੀ ਲੜਕੀਆਂ ਤੇ ਸਕਾਊਟਸ ਸ਼ਾਮਲ ਹੋਣਗੇ ਅਤੇ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਕੀਤੇ ਸ਼ਲਾਘਾਯੋਗ ਕਾਰਜਾਂ ਦੀ ਪੇਸ਼ਕਾਰੀ ਕਰਦੀਆਂ ਝਾਕੀਆਂ ਕੱਢੀਆਂ ਜਾਣਗੀਆਂ। ਇਸ ਤੋਂ ਇਲਾਵਾ ਸਕੂਲੀ ਬੱਚਿਆਂ ਵੱਲੋਂ ਪੀਟੀ ਸ਼ੋਅ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਵੰਨਗੀਆਂ ਪੇਸ਼ ਕੀਤੀਆਂ ਜਾਣਗੀਆਂ। ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕਰਨ ਦੇ ਨਾਲ-ਨਾਲ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ-ਸਾਈਕਲਾਂ ਵੀ ਸੌਂਪਣਗੇ। ਅੱਜ ਦੀ ਫੁੱਲ ਡਰੈੱਸ ਰਿਹਰਸਲ ਮੌਕੇ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਅਤੇ ਹੋਰ ਅਧਿਕਾਰੀ ਮੌਜੂਦ ਸਨ।