ਸਰਬਜੀਤ ਸਿੰਘ ਭੰਗੂ
ਪਟਿਆਲਾ, 6 ਅਕਤੂਬਰ
ਝੋਨੇ ਦੀ ਪਰਾਲੀ ਦੀ ਢੁਕਵੀਂ ਸਾਂਭ ਸੰਭਾਲ ਨਾ ਹੋਣ ਦੇ ਤਰਕ ਤਹਿਤ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਇਥੇ ਸਥਿਤ ਪੰੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਬਾਹਰ ਧਰਨਾ ਦਿੱਤਾ ਗਿਆ ਜਿਸ ਦੌਰਾਨ ਪੰਜਾਬ ਸਰਕਾਰ ’ਤੇ ਐਨਜੀਟੀ ਦੀਆਂ ਹਦਾਇਤਾਂ ਅਤੇ ਸੁਝਾਵਾਂ ਨੂੰ ਮੁਕੰਮਲ ਰੂਪ ’ਚ ਲਾਗੂ ਨਾ ਕਰਨ ਦੇ ਦੋਸ਼ ਵੀ ਲਾਏ ਗਏ। ਕਿਸਾਨਾਂ ਨੇ ਕਿਹਾ ਕਿ ਸਰਕਾਰ ਵਲੋਂ ਪਰਾਲੀ ਦੀ ਸਾਂਭ ਸੰਭਾਲ ਲਈ ਢੁਕਵੇਂ ਪ੍ਰ੍ਰਬੰਧ ਨਾ ਕੀਤੇ ਹੋਣ ਕਰਕੇ ਕਿਸਾਨਾਂ ਕੋਲ ਪਰਾਲੀ ਸਾੜਨ ਤੋਂ ਬਿਨਾਂ ਹੋਰ ਕੋਈ ਵੀ ਚਾਰਾ ਨਹੀਂ ਹੈ। ਕਿਸਾਨਾਂ ਨੇ ਐਲਾਨ ਕੀਤਾ ਕਿ ਜੇ ਸਰਕਾਰ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤੇ ਜਾਂ ਜ਼ਮੀਨੀ ਰਿਕਾਰਡ ’ਚ ਕੋਈ ਵਿਰੋਧੀ ਇੰਦਰਾਜ ਦਰਜ ਕੀਤੇ ਤਾਂ ਕਿਸਾਨ ਜਥੇਬੰਦੀਆਂ ਜ਼ੋਰਦਾਰ ਵਿਰੋਧ ਕਰਨਗੀਆਂ। ਜੇ ਕਿਸੇ ਵੀ ਮਹਿਕਮੇ ਦਾ ਕੋਈ ਅਧਿਕਾਰੀ ਜਾਂ ਮੁਲਾਜ਼ਮ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਲਈ ਪੁੱੱਜਾ ਤਾਂ ਕਿਸਾਨ ਅਜਿਹੀਆਂ ਮੁਲਾਜ਼ਮ ਟੀਮਾਂ ਦਾ ਨਾ ਸਿਰਫ਼ ਘਿਰਾਓ ਕਰਨਗੇ ਬਲਕਿ ਜੇ ਲੋੜ ਪਈ ਤਾਂ ਆਪਣਾ ਰੋਸ ਸਰਕਾਰ ਤੱਕ ਪਹੁੰਚਾਉਣ ਲਈ ਉਨ੍ਹਾਂ ਨੂੰ ਬੰਦੀ ਵੀ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਸਾਨ ਭਾਈਚਾਰੇ ਨੂੰ ਇਹ ਅਪੀਲ ਕੀਤੀ ਕਿ ਮੁਲਾਜ਼ਮਾਂ ਨਾਲ ਦੁਰਵਿਹਾਰ ਨਾ ਕੀਤਾ ਜਾਵੇ। ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾਈ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ, ਸੂਬਾਈ ਕਿਸਾਨ ਆਗੂ ਐਡਵੋਕੇਟ ਪ੍ਰੇਮ ਸਿੰਘ ਭੰਗੂ, ਬੋਧ ਸਿੰਘ ਮਾਨਸਾ, ਨਰਿੰਦਰ ਸਿੰਘ ਲੇਹਲਾਂ ਤੇ ਹੋਰ ਕਿਸਾਨ ਆਗੂ ਵੀ ਮੌਜੂਦ ਸਨ। ਬੁਲਾਰਿਆਂ ਦਾ ਤਰਕ ਸੀ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਪਰਾਲ਼ੀ ਦੀ ਸਾਂਭ ਸੰਭਾਲ ਯਕੀਨੀ ਬਣਾਉਣ ਲਈ ਰਾਜ ਸਰਕਾਰ ਨੂੰ ਢੁਕਵੇਂ ਪ੍ਰਬੰਧਾਂ ਵਜੋਂ ਕਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਸਨ ਪਰ ਸਰਕਾਰ ਅਜਿਹਾ ਕਰਨ ’ਚ ਅਫਸਲ ਰਹੀ ਹੈ।