ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 17 ਅਕਤੂਬਰ
ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਲੁਧਿਆਣਾ ਵਿੱਚ ਇੱਕ ਰਿਹਾਇਸ਼ੀ ਅਤੇ ਵਪਾਰਕ ਅਰਬਨ ਅਸਟੇਟ ਵਿਕਸਤ ਕੀਤਾ ਜਾਵੇਗਾ। ਇੱਥੇ ਅੱਜ ਪੁੱਡਾ ਭਵਨ ਵਿੱਚ ਪੁੱਡਾ, ਗਮਾਡਾ ਅਤੇ ਗਲਾਡਾ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਿਟੀ (ਗਲਾਡਾ) ਦੇ ਕੰਮਕਾਜ ਦੀ ਸਮੀਖਿਆ ਕੀਤੀ। ਉਨ੍ਹਾਂ ਦੱਸਿਆ ਕਿ ਲਾਡੋਵਾਲ ਬਾਈਪਾਸ ’ਤੇ ਇਸ ਰਿਹਾਇਸ਼ੀ ਅਤੇ ਵਪਾਰਕ ਅਰਬਨ ਅਸਟੇਟ ਲਈ ਪਿੰਡ ਬੱਗਾ ਕਲਾਂ, ਨੂਰਪੁਰ ਬੇਟ, ਗੜ੍ਹਾ ਅਤੇ ਗੌਂਸਪੁਰ ਦੀ ਤਕਰੀਬਨ 2000 ਏਕੜ ਜ਼ਮੀਨ ਗ੍ਰਹਿਣ ਕਰਨ ਦੀ ਪ੍ਰਕਿਰਿਆ ਕਾਰਵਾਈ ਅਧੀਨ ਹੈ।
ਸ੍ਰੀ ਅਰੋੜਾ ਨੇ ਅਧਿਕਾਰੀਆਂ ਨੂੰ ਪ੍ਰਸਤਾਵਿਤ ਅਰਬਨ ਅਸਟੇਟ ਲਈ ਜ਼ਮੀਨ ਗ੍ਰਹਿਣ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਗਮਾਡਾ ਦੀ ਤਰਜ਼ ’ਤੇ ਲੈਂਡ ਪੁਲਿੰਗ ਰਾਹੀਂ ਇਹ ਜ਼ਮੀਨ ਗ੍ਰਹਿਣ ਕੀਤੀ ਜਾਵੇ। ਅਧਿਕਾਰੀਆਂ ਨੇ ਮੰਤਰੀ ਨੂੰ ਜਾਣੂ ਕਰਵਾਇਆ ਕਿ ਸਾਈਟ ਸਿਲੈਕਸ਼ਨ ਕਮੇਟੀ ਨੇ ਇਸ ਸਾਈਟ ਦੀ ਸਿਫ਼ਾਰਸ਼ ਕੀਤੀ ਹੈ ਅਤੇ ਇਸ ਜ਼ਮੀਨ ਨੂੰ ਗ੍ਰਹਿਣ ਕਰਨ ਲਈ ਇੱਕ ਕੰਸਲਟੈਂਟ ਵੀ ਲਗਾਇਆ ਗਿਆ ਹੈ।
ਪੈਂਡਿੰਗ ਪਏ ਕੇਸਾਂ ਦਾ ਗੰਭੀਰ ਨੋਟਿਸ ਲੈਂਦਿਆਂ ਅਮਨ ਅਰੋੜਾ ਨੇ ਸਪੱਸ਼ਟ ਕੀਤਾ ਕਿ ਸਾਰੇ ਪੈਂਡਿੰਗ ਮਾਮਲਿਆਂ ਨੂੰ ਇੱਕ ਹਫ਼ਤੇ ਦੇ ਅੰਦਰ ਨਿਪਟਾਇਆ ਜਾਵੇ ਅਤੇ ਨਿਰਧਾਰਤ ਸਮਾਂ ਸੀਮਾ ਵਿੱਚ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾਉਣ ਲਈ ਇੱਕ ਵਿਧੀ ਵਿਕਸਤ ਕੀਤੀ ਜਾਵੇ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਕਿਸੇ ਵੀ ਅਧਿਕਾਰੀ ਵੱਲੋਂ ਕੰਮ ਪ੍ਰਤੀ ਲਾਪ੍ਰਵਾਹੀ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲਾਪ੍ਰਵਾਹੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ, ਪੁੱਡਾ ਦੇ ਮੁੱਖ ਪ੍ਰਸ਼ਾਸਕ-ਕਮ-ਡਾਇਰੈਕਟਰ ਟਾਊਨ ਐਂਡ ਕੰਟਰੀ ਪਲਾਨਿੰਗ ਅਪਨੀਤ ਰਿਆਤ, ਗਲਾਡਾ ਦੇ ਮੁੱਖ ਪ੍ਰਸ਼ਾਸਕ ਅਮਰਪ੍ਰੀਤ ਕੌਰ ਸੰਧੂ, ਵਧੀਕ ਮੁੱਖ ਪ੍ਰਸ਼ਾਸਕ ਅਮਰਿੰਦਰ ਸਿੰਘ ਮੱਲ੍ਹੀ, ਚੀਫ਼ ਟਾਊਨ ਪਲਾਨਰ ਪੰਜਾਬ ਪੰਕਜ ਬਾਵਾ ਅਤੇ ਹੋਰ ਉੱਚ ਅਧਿਕਾਰੀ ਸ਼ਾਮਲ ਸਨ।