ਪੱਤਰ ਪ੍ਰੇਰਕ
ਕੁਰਾਲੀ, 9 ਮਈ
ਸ਼ਹਿਰ ਦੇ ਚੰਡੀਗੜ੍ਹ ਰੋਡ ’ਤੇ ਪੈਂਦੇ ਵਾਰਡ ਨੰਬਰ-11 ਦੀ ਮਾਸਟਰ ਕਲੋਨੀ ਵਾਸੀਆਂ ਨੂੰ ਪਿਛਲੇ ਹਫ਼ਤੇ ਤੋਂ ਦੂਸ਼ਿਤ ਪਾਣੀ ਦੀ ਸਪਲਾਈ ਕਾਰਨ ਪ੍ਰੇਸ਼ਾਨੀਆਂ ਦਾ ਸਹਾਮਣਾ ਕਰਨਾ ਪੈ ਰਿਹਾ ਹੈ। ਕਾਲੋਨੀ ਵਾਸੀਆਂ ਨੇ ਸ਼ੁੱਧ ਪਾਣੀ ਦੀ ਸਪਲਾਈ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ।
ਮੁਹੱਲਾ ਵਾਸੀਆਂ ਸੁਖਵਿੰਦਰ ਕੌਰ, ਗੁਰਮੀਤ ਕੌਰ, ਸ਼ੈਲੀ ਰਾਣੀ, ਨੇਹਾ ਰਾਣੀ, ਮੋਨੂੰ ਰਾਣੀ ਅਤੇ ਹੋਰਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕਈ ਹਫ਼ਤਿਆਂ ਤੋਂ ਦੂਸ਼ਿਤ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੌਂਸਲ ਵੱਲੋਂ ਸਪਲਾਈ ਕੀਤੇ ਜਾ ਰਹੇ ਪਾਣੀ ਵਿੱਚ ਮਿੱਟੀ ਅਤੇ ਗੰਦਗੀ ਸਾਫ਼ ਨਜ਼ਰ ਆ ਰਹੀ ਹੈ, ਪਾਣੀ ਵਿੱਚੋਂ ਬਦਬੂ ਵੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਹੋਇਆ ਹੈ।
ਮੁਹੱਲਾ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਹ ਸਮੱਸਿਆ ਸਬੰਧੀ ਸਥਾਨਕ ਨਗਰ ਕੌਂਸਲ ਦੇ ਅਧਿਕਾਰੀਆਂ ਦੇ ਧਿਆਨ ਵਿਚ ਵੀ ਲਿਆਂਦੀ ਗਈ ਸੀ ਪਰ ਕੌਂਸਲ ਨੇ ਇਸ ਦੇ ਹੱਲ ਲਈ ਕੋਈ ਉਪਰਾਲਾ ਨਹੀਂ ਕੀਤਾ ਜਿਸ ਕਾਰਨ ਹਫ਼ਤੇ ਤੋਂ ਸਮੱਸਿਆ ਜਿਉਂ ਦੀ ਤਿਉਂ ਹੈ।
ਇਸ ਸਬੰਧੀ ਸਥਾਨਕ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਵਰਿੰਦਰ ਜੈਨ ਨੇ ਸਮੱਸਿਆ ਸਬੰਧੀ ਅਣਜਾਣਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਇਸ ਸਬੰਧੀ ਕੋਈ ਸ਼ਿਕਾਇਤ ਨਹੀਂ ਆਈ। ਉਨ੍ਹਾਂ ਕਿਹਾ ਕਿ ਕਲੋਨੀ ਵਾਸੀ ਉਨ੍ਹਾਂ ਨੂੰ ਸਮੱਸਿਆ ਸਬੰਧੀ ਲਿਖਤੀ ਸ਼ਿਕਾਇਤ ਦੇਣ ਤਾਂ ਕਿ ਉਹ ਸਮੱਸਿਆ ਦੇ ਹੱਲ ਲਈ ਕਾਰਵਾਈ ਕਰ ਸਕਣਗੇ।