DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਿੰਡ ਬੱਲ੍ਹੋ ’ਚ ਮਗਨਰੇਗਾ ਦੀ ਬਹਾਲੀ ਲਈ ਮਤਾ ਪਾਸ

ਗ੍ਰਾਮ ਸਭਾ ਦੇ ਇਜਲਾਸ ਵਿੱਚ ਪਿੰਡ ਦੇ ਵਿਕਾਸ ਸਬੰਧੀ ਕਈ ਮਤਿਆਂ ਨੂੰ ਪ੍ਰਵਾਨਗੀ

  • fb
  • twitter
  • whatsapp
  • whatsapp
featured-img featured-img
ਪਿੰਡ ਬੱਲ੍ਹੋ ’ਚ ਹੋਏ ਗ੍ਰਾਮ ਸਭਾ ਦੇ ਇਜਲਾਸ ਦੀ ਝਲਕ।
Advertisement

ਪਿੰਡ ਬੱਲ੍ਹੋ ਦੀ ਪੰਚਾਇਤ ਨੇ ਗ੍ਰਾਮ ਸਭਾ ਦੇ ਇਜਲਾਸ ਵਿੱਚ ਮਗਨਰੇਗਾ ਦੀ ਮਜ਼ਬੂਤੀ ਅਤੇ ਬਹਾਲੀ ਲਈ ਮਤਾ ਪਾਸ ਕੀਤਾ ਹੈ। ਸਰਪੰਚ ਅਮਰਜੀਤ ਕੌਰ ਦੀ ਅਗਵਾਈ ਹੇਠ ਪਾਸ ਕੀਤਾ ਗਿਆ ਇਹ ਮਤਾ ਮਗਨਰੇਗਾ ਕਾਨੂੰਨ ਦੀ ਸੁਰਜੀਤੀ ਅਤੇ ਮਜ਼ਦੂਰਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਮਜ਼ਬੂਤ ਕਦਮ ਮੰਨਿਆ ਜਾ ਰਿਹਾ ਹੈ, ਜਿਸ ਨੂੰ ਗ੍ਰਾਮ ਸਭਾ ਦੇ ਰਿਕਾਰਡ ਵਿੱਚ ਦਰਜ ਕੀਤਾ ਗਿਆ ਹੈ।

ਗ੍ਰਾਮ ਸਭਾ ਮੈਂਬਰਾਂ ਨੇ ਕਿਹਾ ਕਿ ਇਹ ਮਤਾ ਮਗਨਰੇਗਾ ਮਜ਼ਦੂਰਾਂ ਦੇ ਰੁਜ਼ਗਾਰ ਤੇ ਹੱਕਾਂ ਲਈ ਬੁਲੰਦ ਆਵਾਜ਼ ਹੈ। ਇਸ ਰਾਹੀਂ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਗ੍ਰਾਮ ਪੰਚਾਇਤ ਸਿਰਫ਼ ਭੌਤਿਕ ਵਿਕਾਸ ਤੱਕ ਸੀਮਤ ਨਹੀਂ, ਸਗੋਂ ਮਜ਼ਦੂਰ ਵਰਗ ਦੇ ਅਧਿਕਾਰਾਂ ਦੀ ਰੱਖਿਆ ਕਰਦੀ ਹੈ।

Advertisement

ਇਸ ਇਜਲਾਸ ਦੌਰਾਨ ਕਰਵਾਏ ਗਏ ‘ਇਨਾਮ ਵੰਡ ਸਮਾਰੋਹ’ ਵਿੱਚ ਬਠਿੰਡਾ ਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦੋਂ ਕਿ ਵਧੀਕ ਡਿਪਟੀ ਕਮਿਸ਼ਨਰ ਡਾ. ਨਰਿੰਦਰ ਸਿੰਘ ਧਾਲੀਵਾਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਡੀ ਸੀ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਅਤੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ, ਸਕੂਲੀ ਵਿਦਿਆਰਥੀਆਂ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ। ਤਰਨਜੋਤ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਕਰਮਜੀਤ ਸਿੰਘ ਨੇ ਕਿਹਾ ਕਿ ਪਿੰਡ ਬੱਲ੍ਹੋ ਦੀ ਗ੍ਰਾਮ ਪੰਚਾਇਤ ਪਹਿਲਾਂ ਵੀ ਸੁਸਾਇਟੀ ਦੇ ਸਹਿਯੋਗ ਨਾਲ ਲੋਕ-ਪੱਖੀ ਅਤੇ ਸਮਾਜਿਕ ਕਾਰਜਾਂ ਵਿੱਚ ਵੱਡਮੁੱਲਾ ਯੋਗਦਾਨ ਪਾਉਂਦੀ ਰਹੀ ਹੈ। ਇਸ ਮੌਕੇ ਗ੍ਰਾਮ ਪੰਚਾਇਤ ਵੱਲੋਂ ਹੋਰ ਅਹਿਮ ਮਤੇ ਵੀ ਪਾਸ ਕੀਤੇ ਗਏ ਜਿਨ੍ਹਾਂ ਅਧੀਨ ਸਕੂਲਾਂ ਵਿੱਚ 100 ਫੀਸਦੀ ਹਾਜ਼ਰੀ ਵਾਲੇ ਬੱਚਿਆਂ ਨੂੰ 2100 ਰੁਪਏ ਨਕਦ ਇਨਾਮ ਦੇਣ ਅਤੇ ਪੰਜਾਬ ਪੱਧਰ ਦੀਆਂ ਖੇਡਾਂ ਵਿੱਚ ਚੁਣੀ ਜਾਣ ਵਾਲੀ ਟੀਮ ਨੂੰ 11 ਹਜ਼ਾਰ ਰੁਪਏ ਨਕਦ ਇਨਾਮ ਅਤੇ ਖੇਡ ਕਿੱਟਾਂ ਦੇਣ ਦਾ ਫ਼ੈਸਲਾ ਲਿਆ ਗਿਆ। ਇਸ ਤੋਂ ਇਲਾਵਾ ਆਮ ਇਜਲਾਸ ਵਿੱਚ ਛੇ ਥੀਮਾਂ ਦੇ ਆਧਾਰ ’ਤੇ ਨਵੇਂ ਵਿੱਤੀ ਵਰ੍ਹੇ ਲਈ ‘ਗ੍ਰਾਮ ਪੰਚਾਇਤ ਵਿਕਾਸ ਯੋਜਨਾ’ ਤਿਆਰ ਕੀਤੀ ਗਈ, ਜਿਸ ਲਈ 93 ਲੱਖ 40 ਹਜ਼ਾਰ ਰੁਪਏ ਦਾ ਅਨੁਮਾਨਿਤ ਬਜਟ ਪਾਸ ਕੀਤਾ ਗਿਆ। ਇਸ ਮੌਕੇ ‘ਐਜੂਕੇਟ ਪੰਜਾਬ’ ਪ੍ਰਾਜੈਕਟ ਤੋਂ ਹਰਜੀਤ ਸਿੰਘ ਅਤੇ ਸਮਾਜ ਸੇਵੀ ਜਗਤਾਰ ਸਿੰਘ ਅਨਜਾਣ ਨੇ ਵੀ ਸੰਬੋਧਨ ਕੀਤਾ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਪੰਚਾਇਤ ਮੈਂਬਰ ਅਤੇ ਵਿਭਾਗੀ ਅਧਿਕਾਰੀ ਹਾਜ਼ਰ ਰਹੇ। ਮੰਚ ਸੰਚਾਲਨ ਭੁਪਿੰਦਰ ਸਿੰਘ ਜਟਾਣਾ ਨੇ ਕੀਤਾ।

Advertisement

Advertisement
×