ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 22 ਸਤੰਬਰ
ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੂੰ ਦਿੱਲੀ ਦੀ ਮੈਟਰੋ ਰੇਲ ਵਿੱਚ ਕਿਰਪਾਨ ਸਮੇਤ ਸਫ਼ਰ ਕਰਨ ਤੋਂ ਰੋਕੇ ਜਾਣ ਦੇ ਮਾਮਲੇ ਵਿੱਚ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਕੋਲੋਂ ਜਵਾਬ ਮੰਗਿਆ ਹੈ। ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੂੰ 8 ਸਤੰਬਰ ਸ਼ਾਮ ਸਾਢੇ ਚਾਰ ਵਜੇ ਦੁਆਰਕਾ ਮੈਟਰੋ ਸਟੇਸ਼ਨ ’ਤੇ ਕਿਰਪਾਨ ਸਮੇਤ ਸਫ਼ਰ ਕਰਨ ਤੋਂ ਰੋਕਿਆ ਗਿਆ ਸੀ। ਸਾਬਕਾ ਜਥੇਦਾਰ ਤੇ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਨੇ ਇਸ ਮਾਮਲੇ ਵਿੱਚ ਕੌਮੀ ਘੱਟ ਗਿਣਤੀ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ। ਉਨ੍ਹਾਂ ਇਸ ਸਬੰਧ ਵਿਚ ਦਿੱਲੀ ਸਰਕਾਰ ਦੇ ਸਬੰਧਤ ਵਿਭਾਗ ਨੂੰ ਵੀ ਸ਼ਿਕਾਇਤ ਕੀਤੀ ਸੀ। ਇਸ ਮਾਮਲੇ ਦਾ ਨੋਟਿਸ ਲੈਂਦਿਆਂ ਕੌਮੀ ਘੱਟ ਗਿਣਤੀ ਕਮਿਸ਼ਨ ਵੱਲੋਂ ਦਿੱਲੀ ਮੈਟਰੋ ਰੇਲ ਨਿਗਮ ਦੇ ਐੱਮਡੀ ਕੋਲੋਂ ਇਸ 27 ਸਤੰਬਰ ਤੱਕ ਜਵਾਬ ਮੰਗਿਆ ਹੈ। ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਜਸਵਿੰਦਰ ਸਿੰਘ ਐਡਵੋਕੇਟ ਨੇ ਕਿਹਾ ਕਿ ਸੰਗਠਨ ਵੱਲੋਂ ਸੂਬਾ ਪੱਧਰੀ ਰੋਸ ਵਿਖਾਵੇ ਕੀਤੇ ਜਾਣਗੇ।