ਤਖ਼ਤ ਹਜ਼ੂਰ ਸਾਹਿਬ ਬੋਰਡ ਦੀ ਬਹਾਲੀ ਸਿੱਖਾਂ ਦੀ ਵੱਡੀ ਜਿੱਤ: ਗੜਗੱਜ
ਤਖ਼ਤਾਂ ਦੇ ਪ੍ਰਬੰਧਾਂ ਦਾ ਅਧਿਕਾਰ ਸਿਰਫ਼ ਖਾਲਸਾ ਪੰਥ ਕੋਲ ਹੋਣ ਦੀ ਵਕਾਲਤ
ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਦੀ ਬਹਾਲੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਸਿੱਖਾਂ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ। ਇਹ ਮਾਮਲਾ ਪਿਛਲੇ ਕੁਝ ਸਮੇਂ ਤੋਂ ਅਦਾਲਤ ਵਿਚ ਵਿਚਾਰ ਅਧੀਨ ਸੀ। ਜਥੇਦਾਰ ਗੜਗੱਜ ਸ਼ਹੀਦੀ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਲਈ ਮੁੰਬਈ ਪੁੱਜੇ ਸਨ।
ਦੱਸਣਯੋਗ ਹੈ ਕਿ ਕੁਝ ਸਮਾਂ ਪਹਿਲਾਂ ਸਰਕਾਰ ਵੱਲੋਂ ਪ੍ਰਬੰਧਕੀ ਬੋਰਡ ਦੇ ਮਾਮਲੇ ਵਿੱਚ ਦਖ਼ਲ ਦਿੰਦਿਆਂ ਇੱਥੇ ਪ੍ਰਸ਼ਾਸਕ ਨਿਯੁਕਤ ਕਰ ਦਿੱਤਾ ਸੀ, ਜਿਸ ਨੂੰ ਨਾਂਦੇੜ ਦੇ ਸਿੱਖਾਂ ਵੱਲੋਂ ਅਦਾਲਤ ਵਿੱਚ ਚੁਣੌਤੀ ਦਿੱਤੀ ਗਈ ਸੀ। ਮੁੰਬਈ ਪੁੱਜੇ ਜਥੇਦਾਰ ਗੜਗੱਜ ਨੇ ਧਾਰਮਿਕ ਸਮਾਗਮ ਵਿੱਚ ਸੰਬੋਧਨ ਕਰਦਿਆਂ ਇਸ ਮਾਮਲੇ ਵਿੱਚ ਖੁਸ਼ੀ ਦਾ ਪ੍ਰਗਟਾਵਾ ਕੀਤਾ ਤੇ ਕਿਹਾ ਕਿ ਮਹਾਰਾਸ਼ਟਰ ਵਿੱਚ ਲੰਮੀ ਜੱਦੋ-ਜਹਿਦ ਤੋਂ ਬਾਅਦ ਤਖਤ ਹਜ਼ੂਰ ਸਾਹਿਬ ਨਾਂਦੇੜ ਦਾ ਪ੍ਰਬੰਧਕੀ ਬੋਰਡ ਬਹਾਲ ਹੋਇਆ ਹੈ। ਇਹ ਮਹਾਰਾਸ਼ਟਰ ਤੇ ਨਾਂਦੇੜ ਦੇ ਹਜ਼ੂਰੀ ਸਿੰਘਾਂ ਦੀ ਵੱਡੀ ਜਿੱਤ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਤਖਤ ਸਾਹਿਬ ਦਾ ਕੇਸ ਜਿੱਤ ਲਿਆ ਹੈ ਅਤੇ ਇਸ ਨਾਲ ਪ੍ਰਬੰਧਕੀ ਬੋਰਡ ਬਹਾਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜ ਤਖ਼ਤ ਸਾਹਿਬਾਨ ਖਾਲਸਾ ਪੰਥ ਦੇ ਹਨ ਤੇ ਇਹ ਖਾਲਸਾ ਪੰਥ ਦੇ ਹੀ ਰਹਿਣਗੇ, ਇਨ੍ਹਾਂ ਦੇ ਪ੍ਰਬੰਧਾਂ ਵਿੱਚ ਦਖ਼ਲ-ਅੰਦਾਜ਼ੀ ਕਰਨ ਦਾ ਅਧਿਕਾਰ ਕਿਸੇ ਨੂੰ ਨਹੀਂ ਹੈ। ਇਸ ਮੌਕੇ ਤਖਤ ਹਜ਼ੂਰ ਸਾਹਿਬ ਦੇ ਮੀਤ ਜਥੇਦਾਰ ਗਿਆਨੀ ਜੋਤਇੰਦਰ ਸਿੰਘ, ਮੁੰਬਈ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਿੰਦਰ ਸਿੰਘ ਬਾਵਾ, ਜਸਬੀਰ ਸਿੰਘ ਧਾਮ ਤੇ ਹੋਰ ਹਾਜ਼ਰ ਸਨ।
ਇਸ ਮੌਕੇ ਆਪਸੀ ਮਤਭੇਦਾਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਖਾਲਸਾ ਪੰਥ ਵਿੱਚ ਕੋਈ ਮਤਭੇਦ ਨਹੀਂ ਹਨ। ਵਿਸ਼ਵ ਦੇ ਸਾਰੇ ਸਿੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਆਪਣਾ ਗੁਰੂ ਮੰਨਦੇ ਹਨ। ਉਨ੍ਹਾਂ ਕਿਹਾ ਕਿ ਮੁੰਬਈ ਵਿੱਚ ਸ਼ਹੀਦੀ ਨਗਰ ਕੀਰਤਨ ਸਬੰਧੀ ਰੱਖੇ ਸਮਾਗਮ ਵਿੱਚ ਪੰਜਾਂ ਤਖਤਾਂ ਤੋਂ ਜਥੇਦਾਰ ਸ਼ਾਮਿਲ ਹੋਣ ਲਈ ਪੁੱਜੇ ਹਨ, ਜੋ ਸਾਬਤ ਕਰਦਾ ਹੈ ਕਿ ਸਮੁੱਚਾ ਪੰਥ ਇੱਕ ਹੈ ਅਤੇ ਖਾਲਸਾ ਪੰਥ ਵਿੱਚ ਕੋਈ ਮਤਭੇਦ ਨਹੀਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨਾਲ ਸਬੰਧਤ ਸ਼ਤਾਬਦੀਆਂ ਸਮੁੱਚਾ ਖਾਲਸਾ ਪੰਥ ਇੱਕ ਮੰਚ ਉੱਤੇ ਇਕਜੁੱਟਤਾ ਨਾਲ ਮਨਾਏਗਾ। ਉਨ੍ਹਾਂ ਬਿਨਾਂ ਕਿਸੇ ਸਰਕਾਰ ਦਾ ਨਾਂ ਲਏ ਆਖਿਆ ਕਿ ਦੇਸ਼ ਦੇ ਹਾਕਮਾਂ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖਲ ਦੇਣ ਦੀ ਬਜਾਏ ਉਹ ਆਪਣੇ ਕੰਮ ਕਰਨ। ਉਨ੍ਹਾਂ ਅਰਦਾਸ ਕਰਦਿਆਂ ਕਿਹਾ ਹੈ ਕਿ ਗੁਰੂ ਸਾਹਿਬ ਕਿਰਪਾ ਕਰਨਗੇ ਅਤੇ ਸਮੁੱਚਾ ਪੰਥ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਿੱਖੀ ਸਿਧਾਂਤਾਂ ਉੱਤੇ ਚਲਦੇ ਹੋਏ ਆਪਸ ਵਿੱਚ ਪੰਥਕ ਇਕਜੁੱਟਤਾ ਅਤੇ ਪ੍ਰੇਮ ਭਾਵਨਾ ਨਾਲ ਮਿਲ ਬੈਠੇਗਾ। ਇਸ ਮੌਕੇ ਉਨ੍ਹਾਂ ਸਮੁੱਚੇ ਖਾਲਸਾ ਪੰਥ ਨੂੰ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਵਿੱਚ ਸ਼ਾਮਿਲ ਹੋਣ ਲਈ ਆਨੰਦਪੁਰ ਸਾਹਿਬ ਵਿਖੇ ਪੁੱਜਣ ਦਾ ਸੱਦਾ ਦਿੱਤਾ।