ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਅਪਰੈਲ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੇਲ੍ਹ ਉਦਯੋਗਾਂ ’ਚ ਨਵੇਂ ਸਰੋਤ ਪੈਦਾ ਕਰਨ ਲਈ ਪੰਜਾਬ ਜੇਲ੍ਹ ਵਿਕਾਸ ਬੋਰਡ (ਪੀਪੀਡੀਬੀ) ਦੀ ਜੇਲ੍ਹ ਵਿਭਾਗ ਦੀ ਮਾਲਕੀ ਵਾਲੀ ਜ਼ਮੀਨ ’ਤੇ ਇੰਡੀਅਨ ਆਇਲ ਕਾਰਪੋਰੇਸ਼ਨ ਦੇ 12 ਰਿਟੇਲ ਆਊਟਲੈਟ (ਪ੍ਰਚੂਨ ਦੁਕਾਨਾਂ) ਸਥਾਪਤ ਕਰਨ ਦੀ ਤਜਵੀਜ਼ ਨੂੰ ਹਰੀ ਝੰਡੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਹ ਫੈਸਲਾ ਕੀਤਾ। ਇਨ੍ਹਾਂ ਪ੍ਰਾਜੈਕਟਾਂ ਬਾਰੇ ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਇਸ ਨਾਲ ਜਿੱਥੇ ਰਿਹਾਅ ਹੋਏ 400 ਕੈਦੀਆਂ ਨੂੰ ਰੁਜ਼ਗਾਰ ਮਿਲੇਗਾ, ਉਥੇ 40 ਲੱਖ ਰੁਪਏ ਪ੍ਰਤੀ ਮਹੀਨਾ ਮਾਲੀਆ ਆਉਣ ਦੀ ਸੰਭਾਵਨਾ ਹੈ। ਬੋਰਡ ਦੇ ਮੈਂਬਰ ਸਕੱਤਰ ਏਡੀਜੀਪੀ (ਜੇਲ੍ਹਾਂ) ਪ੍ਰਵੀਨ ਸਿਨਹਾ ਨੇ ਦੱਸਿਆ ਕਿ ਚੰਗੇ ਵਿਹਾਰ ਵਾਲੇ ਕੈਦੀਆਂ ਨੂੰ ਵੀ ਇਨ੍ਹਾਂ ਆਊਟਲੈਟ ਉੱਤੇ ਰੁਜ਼ਗਾਰ ਦਿੱਤਾ ਜਾਵੇਗਾ ਅਤੇ ਮਹਿਲਾ ਕੈਦੀਆਂ ਨੂੰ ਤਰਜੀਹ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕੈਦੀਆਂ ਵੱਲੋਂ ਤਿਆਰ ਕੀਤੇ ਜਾਣ ਵਾਲੇ ਸਾਰੇ ਉਤਪਾਦਾਂ ਦਾ ਮਾਰਕੀਟਿੰਗ ਲਈ ਬਰਾਂਡ ਨਾਮ ‘ਉਜਾਲਾ ਪੰਜਾਬ’ ਰੱਖਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਮੁੱਖ ਮੰਤਰੀ ਨੇ ਬੋਰਡ ਦੇ ਗ਼ੈਰ-ਸਰਕਾਰੀ ਮੈਂਬਰ ਤੇ ਸਰਬੱਤ ਦਾ ਭਲਾ ਟਰੱਸਟ ਦੇ ਪ੍ਰਬੰਧਕੀ ਟਰੱਸਟੀ ਐੱਸਪੀਐੱਸ ਓਬਰਾਏ ਵੱਲੋਂ ਕੈਦੀਆਂ ਲਈ ਜੇਲ੍ਹਾਂ ਵਿੱਚ ਪੰਜ ਮੈਡੀਕਲ ਲੈਬਾਰਟਰੀਆਂ ਸਥਾਪਤ ਕਰਨ ਦੀ ਤਜਵੀਜ਼ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਨ੍ਹਾਂ ਲੈਬਜ਼ ਨੂੰ ਸਥਾਪਤ ਕਰਨ ਦਾ ਖਰਚਾ ਟਰੱਸਟ ਵੱਲੋਂ ਕੀਤਾ ਜਾਵੇਗਾ।