ਪੱਤਰ ਪ੍ਰੇਰਕ
ਮੋਰਿੰਡਾ, 5 ਅਗਸਤ
ਨਗਰ ਕੌਂਸਲ ਦੇ ਅਹਾਤੇ ਵਿੱਚ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਮੋਰਿੰਡਾ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਰਿਪੋਰਟ ਲੈਣ ਬਾਰੇ ਕੌਂਸਲ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਡਾ. ਚਰਨਜੀਤ ਸਿੰਘ ਵੱਲੋਂ ਬੱਸ ਸਟੈਂਡ ’ਤੇ ਲੋਕਾਂ ਵੱਲੋਂ ਕੀਤੇ ਨਾਜਾਇਜ਼ ਕਬਜ਼ੇ, ਸ਼ਹਿਰ ਦੀ ਸਾਫ਼ ਸਫ਼ਾਈ, ਨਗਰ ਕੌਂਸਲ ਦੀ ਆਮਦਨ ਤੇ ਖਰਚ, ਗੰਦੇ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਆਦਿ ਬਾਰੇ ਨਗਰ ਕੌਂਸਲ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਹਲਕਾ ਵਿਧਾਇਕ ਨੇ ਸ਼ਹਿਰ ਦੀ ਸਾਫ਼ ਸਫ਼ਾਈ ਅਤੇ ਗੰਦੇ ਪਾਣੀ ਦੀ ਨਿਕਾਸੀ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਕੌਂਸਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ। ਵਿਧਾਇਕ ਨੇ ਅਧਿਕਾਰੀਆਂ ਨੂੰ ਸ਼ਹਿਰ ਅੰਦਰ ਸਥਿਤ ਸਰਕਾਰੀ ਇਮਾਰਤਾਂ ਅਤੇ ਬਿਜਲੀ ਦੇ ਖੰਭਿਆਂ ਆਦਿ ’ਤੇ ਬਿਨਾਂ ਕਿਸੇ ਪ੍ਰਵਾਨਗੀ ਤੋਂ ਕੀਤੀ ਇਸ਼ਤਿਹਾਰਬਾਜ਼ੀ ਨੂੰ ਤੁਰੰਤ ਹਟਾਉਣ ਅਤੇ ਇਸ਼ਤਿਹਾਰਬਾਜ਼ੀ ਕਰਨ ਵਾਲਿਆਂ ਨੂੰ ਚਿਤਾਵਨੀ ਦੇਣ ਲਈ ਕਿਹਾ।